ਦੇਸ਼ ਦੀ ਅਜ਼ਾਦੀ ਦਾ ਸੰਘਰਸ਼ ਵਿੱਢਣ ਵਾਲੇ ਬਾਬਾ ਮਹਾਰਾਜ ਸਿੰਘ ਵੱਲੋਂ ਦਿਖਾਏ ਰਸਤੇ 'ਤੇ ਚੱਲਣ ਦਾ ਸੱਦਾ
ਲੁਧਿਆਣਾ, ਜੁਲਾਈ 2019 (ਮਨਜਿੰਦਰ ਗਿੱਲ)-ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰ. ਚਰਨਜੀਤ ਸਿੰਘ ਚੰਨੀ ਨੇ ਕਸਬਾ ਮਲੌਦ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਈ ਉਦਯੋਗਿਕ ਸਿਖ਼ਲਾਈ ਸੰਸਥਾ (ਆਈ. ਟੀ. ਆਈ.) ਨੂੰ ਇਸੇ ਸੈਸ਼ਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹ ਅੱਜ ਪਿੰਡ ਰੱਬੋਂ ਉੱਚੀ ਵਿਖੇ ਪੰਜਾਬ ਸਰਕਾਰ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੇ 163ਵੇਂ ਸ਼ਹੀਦੀ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ.ਚੰਨੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਮਲੌਦ ਵਿਖੇ ਆਈ. ਟੀ. ਆਈ. ਤਾਂ ਬਣਾ ਦਿੱਤੀ ਸੀ ਪਰ ਉਸ ਸੰਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਨਹੀਂ ਜਾਰੀ ਕੀਤੀਆਂ ਗਈਆਂ ਸਨ। ਜਿਸ ਕਾਰਨ ਇਸ ਆਈ. ਟੀ. ਆਈ. ਨੂੰ ਚਲਾਉਣਾ ਸੰਭਵ ਨਹੀਂ ਸੀ। ਹੁਣ ਪੰਜਾਬ ਸਰਕਾਰ ਨੇ ਇਹ ਸਾਰੀਆਂ ਪ੍ਰਵਾਨਗੀਆਂ ਜਾਰੀ ਕਰ ਦਿੱਤੀਆਂ ਹਨ, ਜਿਸ ਉਪਰੰਤ ਇਸੇ ਸੈਸ਼ਨ ਤੋਂ ਇਹ ਸੰਸਥਾ ਵਿਦਿਆਰਥੀਆਂ ਨੂੰ ਸਿਖ਼ਲਾਈ ਦੇਣ ਹਿੱਤ ਸ਼ੁਰੂ ਹੋ ਜਾਵੇਗੀ। ਉਨਾਂ ਇਲਾਕੇ ਦੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਸੰਸਥਾ ਦਾ ਭਰਪੂਰ ਲਾਹਾ ਲੈ ਕੇ ਕਿੱਤਾਮੁੱਖੀ ਬਣਨ ਅਤੇ ਪੰਜਾਬ ਸਰਕਾਰ ਦੀ 'ਘਰ-ਘਰ ਰੋਜ਼ਗਾਰ ਯੋਜਨਾ' ਨੂੰ ਸਫ਼ਲ ਕਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਕਿੱਤਾਮੁੱਖੀ ਬਣਾਉਣ ਅਤੇ ਉਨਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹੈ। ਇਸ ਮੌਕੇ ਉਨਾਂ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਲਗਾਉਣ ਦਾ ਵੀ ਐਲਾਨ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਇਹ ਬੁੱਤ ਸਥਾਪਤ ਕਰਵਾ ਦਿੱਤਾ ਜਾਵੇਗਾ। ਉਨਾਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਨ ਲਈ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ। ਇਸ ਸੰਬੰਧੀ 5 ਲੱਖ ਰੁਪਏ ਦਾ ਚੈੱਕ ਮੌਕੇ 'ਤੇ ਪੰਚਾਇਤ ਨੂੰ ਸੌਂਪਿਆ ਗਿਆ। ਉਨਾਂ ਭਰੋਸਾ ਦਿੱਤਾ ਕਿ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਨੂੰ ਹਮੇਸ਼ਾਂ ਤਾਜ਼ਾ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡ ਰੱਬੋਂ ਉੱਚੀ ਅਤੇ ਹਲਕਾ ਪਾਇਲ ਦੇ ਵਿਕਾਸ ਨੂੰ ਹਮੇਸ਼ਾਂ ਤਰਜੀਹ ਦਿੱਤੀ ਜਾਂਦੀ ਰਹੇਗੀ। ਉਨਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵੱਲੋਂ ਦਰਸਾਏ ਰਸਤੇ 'ਤੇ ਚੱਲਿਆ ਜਾਵੇ। ਉਨਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨੀ ਸੌਖੀ ਹੈ ਪਰ ਇਸ ਨੂੰ ਬਰਕਰਾਰ ਰੱਖਣਾ ਬਹੁਤ ਔਖਾ ਹੈ। ਬਾਬਾ ਮਹਾਰਾਜ ਸਿੰਘ ਵਰਗੀਆਂ ਦੇਸ਼ ਭਗਤ ਸਖ਼ਸ਼ੀਅਤਾਂ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਕੀਤਾ ਅਤੇ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ। ਉਨਾਂ ਕਿਹਾ ਕਿ ਇਹ ਸਿੱਖ ਕੌਮ ਅਤੇ ਦੇਸ਼ ਦੀ ਬਦਕਿਸਮਤੀ ਹੀ ਸੀ ਕਿ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਬਣਾਈ ਗਈ ਯੋਜਨਾ ਦਾ ਅੰਗਰੇਜ ਹਕੂਮਤ ਨੂੰ ਪਤਾ ਲੱਗ ਗਿਆ ਅਤੇ ਉਨਾਂ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੈਦ ਕਰਕੇ ਸਿੰਘਾਪੁਰ ਭੇਜ ਦਿੱਤਾ ਅਤੇ ਲੱਖਾਂ ਤਸੀਹੇ ਦਿੱਤੇ, ਜਿਸ ਦੇ ਨਤੀਜੇ ਵਜੋਂ ਉਨਾਂ ਦੀ 5 ਜੁਲਾਈ, 1856 ਨੂੰ ਉਥੇ ਹੀ ਸ਼ਹੀਦੀ ਹੋ ਗਈ। ਬਾਬਾ ਮਹਾਰਾਜ ਸਿੰਘ ਨੇ ਆਪਣੇ ਜੀਵਨ ਦੌਰਾਨ ਅੰਗਰੇਜ਼ਾਂ ਵਿਰੁਧ ਵੱਖ-ਵੱਖ ਧਿਰਾਂ ਨੂੰ ਇਕੱਠਿਆਂ ਕਰਨ 'ਤੇ ਬਹੁਤ ਜ਼ੋਰ ਲਗਾਇਆ। ਇਸ ਤੋਂ ਪਹਿਲਾਂ ਉਨਾਂ ਬਾਬਾ ਮਹਾਰਾਜ ਸਿੰਘ ਜੀ ਦੀ ਤਸਵੀਰ 'ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਪਿੰਡ ਰੱਬੋਂ ਉੱਚੀ ਅਤੇ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਹਲਕੇ ਦੇ ਵਿਕਾਸ ਲਈ ਇਹਨਾਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਦੇ ਸਪੁੱਤਰ ਕਾਮਿਲ ਬੋਪਾਰਾਏ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਕੈਬਨਿਟ ਮੰਤਰੀ ਚੰਨੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਦਿਸ਼ਾਹੀਣ ਅਤੇ ਹਰੇਕ ਵਰਗ ਦੇ ਲੋਕਾਂ ਲਈ ਮੰਦਭਾਗਾ ਦੱਸਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਦੇ ਹਿੱਤਾਂ ਨੂੰ ਪੂਰੀ ਤਰਾਂ ਅਣਗੌਲਿਆਂ ਕੀਤਾ ਗਿਆ ਹੈ। ਕੇਂਦਰ ਸਰਕਾਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦੀ ਬੀਬੀ ਹਰਸਿਮਰਤ ਕੌਰ ਬਾਦਲ ਸੂਬੇ ਦੀ ਪੈਰਵਾਈ ਕਰਨ ਤੋਂ ਅਸਮਰੱਥ ਹਨ। ਉਨਾਂ ਤੇਲ ਦੇ ਭਾਅ ਵਧਾਉਣ 'ਤੇ ਵੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਸਮਾਗਮ ਦੇ ਅੰਤ ਵਿੱਚ ਚੰਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਪੌਦੇ ਵੀ ਵੰਡੇ। ਇਹ ਪੌਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵੱਲੋਂ ਪੀ.ਏ.ਯੂ. ਲੁਧਿਆਣਾ ਤੋਂ ਲਿਆਂਦੇ ਗਏ ਸਨ। ਇਸ ਮੌਕੇ ਉਨਾਂ ਵੱਲੋਂ ਤਨਜਾਨੀਆ ਵਿੱਚ ਖਿੱਚੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਸਵੀਰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ। ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਮੁੱਖ ਮਹਿਮਾਨ ਨੇ ਕੀਤਾ ਅਤੇ ਹਲਕਾ ਵਿਧਾਇਕ ਲਖਬੀਰ ਸਿੰਘ ਲੱਖਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੇ ਖੁਦ ਖੂਨਦਾਨ ਕੀਤਾ। ਚੰਨੀ ਅਤੇ ਹੋਰਾਂ ਨੇ ਪੌਦੇ ਲਗਾਏ ਅਤੇ ਛਬੀਲ ਦੇ ਰੂਪ ਵਿੱਚ ਵੰਡੇ ਵੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ, ਜ਼ਿਲਾ ਪੁਲਿਸ ਮੁੱਖੀ ਖੰਨਾ ਗੁਰਸ਼ਰਨਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸਪਾਲ ਸਿੰਘ ਗਿੱਲ, ਐੱਸ. ਡੀ. ਐੱਮ. ਪਾਇਲ ਸ੍ਰੀਮਤੀ ਸਵਾਤੀ ਟਿਵਾਣਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਵਾਸੀ ਸੈੱਲ ਦੇ ਚੇਅਰਮੈਨ ਮੁਹੰਮਦ ਗੁਲਾਬ, ਗੁਰੁਦੁਆਰਾ ਪ੍ਰਧਾਨ ਕਰਮ ਸਿੰਘ, ਸਰਪੰਚ ਸ੍ਰੀਮਤੀ ਅਮਰਜੀਤ ਕੌਰ, ਸਾਬਕਾ ਸਰਪੰਚ ਇੰਦਰ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਰਾਮ ਸਿੰਘ, ਯਾਦਵਿੰਦਰ ਸਿੰਘ ਜੰਡਾਲੀ ਮੈਂਬਰ ਜ਼ਿਲਾ ਪ੍ਰੀਸ਼ਦ, ਮਲਕੀਤ ਸਿੰਘ ਗੋਗਾ ਸਾਬਕਾ ਪ੍ਰਧਾਨ ਨਗਰ ਕੌਂਸਲ ਪਾਇਲ, ਵੱਖ-ਵੱਖ-ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ, ਸੀਨੀਅਰ ਕਾਂਗਰਸੀ ਆਗੂ ਅਤੇ ਹੋਰ ਸਖ਼ਸ਼ੀਅਤਾਂ ਵੀ ਹਾਜ਼ਰ ਸਨ