ਜਲੰਧਰ (ਰਣਜੀਤ ਸਿੱਧਵਾਂ) ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਦਿੱਲੀ-ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇ, ਜਲੰਧਰ ਬਾਈਪਾਸ, ਅੰਮ੍ਰਿਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਅਤੇ ਜਲੰਧਰ-ਹੁਸ਼ਿਆਰਪੁਰ ਐਨ.ਐਚ-70 ਨੂੰ ਚਹੁੰ ਮਾਰਗੀ ਕਰਨ ਸਮੇਤ ਚਾਰ ਵੱਡੇ ਹਾਈਵੇ ਪ੍ਰਾਜੈਕਟਾਂ ਤਹਿਤ ਜ਼ਮੀਨ ਐਕਵਾਇਰ ਕਰਨ ਲਈ ਜਲੰਧਰ ਵਿੱਚ ਹੁਣ ਤੱਕ ਜ਼ਮੀਨ ਮਾਲਕਾਂ ਨੂੰ 500 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਵਾਰਡ ਵੰਡ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਜਾਰੀ ਸਮਾਂ ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਅਵਾਰਡ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਦੱਸਿਆ ਕਿ ਹਾਈਵੇ ਪ੍ਰਾਜੈਕਟਾਂ ਤਹਿਤ ਹੁਣ ਤੱਕ ਜ਼ਮੀਨ ਮਾਲਕਾਂ ਨੂੰ 505.11 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ-ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇ ਤਹਿਤ ਐਸ.ਡੀ.ਐਮ. ਨਕੋਦਰ ਵੱਲੋਂ 28.97 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸੇ ਤਰ੍ਹਾਂ ਇਸੇ ਪ੍ਰਾਜੈਕਟ ਤਹਿਤ ਐਸ.ਡੀ.ਐਮ. ਜਲੰਧਰ-2 ਅਤੇ ਐਸ.ਡੀ.ਐਮ. ਫਿਲੌਰ ਵੱਲੋਂ ਕ੍ਰਮਵਾਰ 128.55 ਕਰੋੜ ਅਤੇ 46.14 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਲੰਧਰ ਬਾਈਪਾਸ ਪ੍ਰਾਜੈਕਟ ਤਹਿਤ 99 ਕਰੋੜ ਰੁਪਏ ਦੀ ਰਕਮ ਅਤੇ ਜਲੰਧਰ- ਹੁਸ਼ਿਆਰਪੁਰ ਐਨ.ਐਚ- 70 ਨੂੰ ਚਹੁੰ ਮਾਰਗੀ ਕਰਨ ਤਹਿਤ 198 ਕਰੋੜ ਰੁਪਏ ਜ਼ਮੀਨ ਮਾਲਕਾਂ ਨੂੰ ਵੰਡੇ ਜਾ ਚੁੱਕੇ ਹਨ। ਘਨਸ਼ਿਆਮ ਥੋਰੀ ਨੇ ਸਬੰਧਤ ਐਸ.ਡੀ.ਐਮਜ਼ ਨੂੰ ਅਵਾਰਡ ਵੰਡ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮਾਂ ਸੀਮਾ ਦੀ ਪਾਲਣਾ ਵਿੱਚ ਲਾਪ੍ਰਵਾਹੀ ਵਰਤਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਇਨ੍ਹਾਂ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਜ਼ਮੀਨ ਮਾਲਕਾਂ ਨੂੰ ਆਪਣਾ ਮੁਆਵਜ਼ਾ ਪ੍ਰਾਪਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਆਪਣਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਬਾਅਦ ਵੀ ਲੈਂਡ ਇਨਹੈਂਸਮੈਂਟ ਲਈ ਆਰਬਿਟ੍ਰੇਟਰਾਂ ਪਾਸ ਅਪੀਲ ਦਾਇਰ ਕਰ ਸਕਦੇ ਹਨ, ਇਸ ਲਈ, ਉਨ੍ਹਾਂ ਨੂੰ ਅਥਾਰਟੀ ਤੋਂ ਆਪਣਾ ਮੁਆਵਜ਼ਾ ਪ੍ਰਾਪਤ ਕਰਨਾ ਚਾਹੀਦਾ ਹੈ। ਉਨ੍ਹਾਂ ਇਨ੍ਹਾਂ ਪ੍ਰਾਜੈਕਟਾਂ ਨੂੰ ਬਹੁਤ ਅਹਿਮ ਕਰਾਰ ਦਿੰਦਿਆਂ ਕਿਹਾ ਕਿ ਇਹ ਹਾਈਵੇ ਪ੍ਰਾਜੈਕਟ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਸਹੂਲਤ ਪ੍ਰਦਾਨ ਕਰਨਗੇ।