ਵਿਦਿਆਰਥੀਆਂ ਦੇ ਚੱਲ ਰਹੇ ਦਾਖ਼ਲਿਆਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਹਦਾਇਤ
ਮੋਗਾ 12 ਅਪਰੈਲ (ਰਣਜੀਤ ਸਿੱਧਵਾਂ) : ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਮਾਲ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹਨਾਂ ਕੋਲ ਬਕਾਇਆ ਪਏ ਜਨਮ, ਮੌਤ ਅਤੇ ਆਮਦਨ ਸਰਟੀਫਿਕੇਟ ਨਾਲ ਸਬੰਧਤ ਕੇਸ ਤੁਰੰਤ ਨਿਪਟਾਏ ਜਾਣ ਤਾਂ ਜੋ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚੱਲ ਰਹੇ ਦਾਖ਼ਲਿਆਂ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਕੋਈ ਔਕੜ ਪੇਸ਼ ਨਾ ਆਵੇ। ਉਹ ਸਬੰਧਿਤ ਵਿਭਾਗਾਂ ਦੀ ਮਹੀਨਾਵਾਰ ਪ੍ਰਗਤੀ ਸਮੀਖਿਆ ਕਰ ਰਹੇ ਸਨ। ਵੱਡੀ ਗਿਣਤੀ ਵਿੱਚ ਬਕਾਇਆ ਪਏ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ਉੱਤੇ ਦੇਖਣ ਵਿੱਚ ਆਉਂਦਾ ਹੈ ਕਿ ਉਕਤ ਦਸਤਾਵੇਜ਼ ਬਹੁਤ ਜਰੂਰੀ ਚਾਹੀਦੇ ਹੁੰਦੇ ਹਨ। ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਅਤੇ ਅਨੁਸੂਚਿਤ ਜਾਤੀਆਂ ਆਦਿ ਨਾਲ ਸਬੰਧਤ ਬੱਚਿਆਂ ਨੂੰ ਵਜ਼ੀਫੇ ਆਦਿ ਲਈ ਆਮਦਨ ਸਰਟੀਫਿਕੇਟ ਦੀ ਤੁਰੰਤ ਲੋੜ ਹੁੰਦੀ ਹੈ ਪਰ ਸਰਕਾਰੀ ਦਫ਼ਤਰਾਂ ਵਿੱਚ ਇਹ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਹੋ ਜਾਂਦੀ ਹੈ ਜਿਸ ਦਾ ਖਮਿਆਜ਼ਾ ਬੱਚਿਆਂ/ਵਿਦਿਆਰਥੀਆਂ ਨੂੰ ਭੁਗਤਣਾ ਪੈਂਦਾ ਹੈ। ਇਸੇ ਤਰ੍ਹਾਂ ਜਨਮ ਅਤੇ ਮੌਤ ਦੇ ਸਰਟੀਫਿਕੇਟ ਵੀ ਕਈ ਕੰਮਾਂ ਲਈ ਲੋੜੀਂਦੇ ਹੁੰਦੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਸਰਟੀਫਿਕੇਟ ਜਾਰੀ ਕਰਨ ਲਈ ਸਮਾਂ ਤੈਅ ਕੀਤਾ ਹੋਇਆ ਹੈ ਪਰ ਫਿਰ ਵੀ ਕਈ ਹੋਰ ਕਾਰਨਾਂ ਕਰਕੇ ਇਹ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਹੋ ਜਾਂਦੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਇਹਨਾਂ ਦਸਤਾਵੇਜ਼ਾਂ ਨੂੰ ਜਾਰੀ ਕਰਨ ਸਮੇਤ ਕਿਸੇ ਵੀ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਪੁਲਿਸ, ਸਮਾਜਿਕ ਸੁਰੱਖਿਆ, ਭਲਾਈ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਹਰ ਤਰ੍ਹਾਂ ਦੇ ਬਕਾਇਆ ਮਾਮਲਿਆਂ ਨੂੰ ਤੁਰੰਤ ਨਿਪਟਾਇਆ ਜਾਵੇ।