ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਕਲੱਬ ਵੱਲੋਂ ਉਪਰਾਲਾ
ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮਾਗਮ ਵਿੱਚ ਕੀਤੀ ਸ਼ਿਰਕਤ
ਫ਼ਤਹਿਗੜ੍ਹ ਸਾਹਿਬ, 12 ਅਪਰੈਲ (ਰਣਜੀਤ ਸਿੱਧਵਾਂ) : ਸਮਾਜ ਦੀ ਤਰੱਕੀ ਅਤੇ ਚੰਗੇ ਪ੍ਰਸ਼ਾਸਿਨਕ ਅਮਲ ਸਬੰਧੀ ਮੀਡੀਆ ਦੀ ਅਹਿਮ ਭੂਮਿਕਾ ਹੈ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਮੀਡੀਆ ਹਮੇਸ਼ਾਂ ਹੀ ਸਕਾਰਾਤਮਕ ਭੂਮਿਕਾ ਅਦਾ ਕਰਦਾ ਹੈ ਤੇ ਮੀਡੀਆ ਕਲੱਬ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਥਾਪਨਾ ਦਿਵਸ ਸਬੰਧੀ ਕੀਤਾ ਗਿਆ ਸਮਾਗਮ ਸ਼ਲਾਘਾਯੋਗ ਉਪਰਾਲਾ ਹੈ। ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਮੀਡੀਆ ਕਲੱਬ, ਫਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹੇ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਣ ਮੌਕੇ ਆਖੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਸਦਕਾ ਇੱਕ ਨਵੀਂ ਪਿਰਤ ਪਈ ਹੈ, ਜੋ ਕਿ ਜਾਰੀ ਰਹਿਣੀ ਚਾਹੀਦੀ ਹੈ। ਇਸ ਨਾਲ ਜਿੱਥੇ ਜ਼ਿਲ੍ਹਾ ਵਾਸੀਆਂ ਵਿੱਚ ਜ਼ਿਲ੍ਹੇ ਲਈ ਅਪਣੱਤ ਦੀ ਭਾਵਨਾ ਵੱਧਦੀ ਹੈ, ਉਥੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ਿਲ੍ਹਾ ਬਣਨ ਸਬੰਧੀ ਇਤਿਹਾਸਕ ਘਟਨਾਕ੍ਰਮ ਸਬੰਧੀ ਵੱਡਮੁੱਲੀ ਜਾਣਕਾਰੀ ਹਾਸਲ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਮੀਡੀਆ ਸਕਾਰਾਤਮਕ ਪਹੁੰਚ ਅਪਣਾ ਕੇ ਸਮਾਜ ਦੀ ਤਰੱਕੀ ਅਤੇ ਚੰਗੇ ਪ੍ਰਸ਼ਾਸਿਨਕ ਅਮਲ ਸਬੰਧੀ ਆਪਣੀ ਭੂਮਿਕਾ ਅਦਾ ਕਰਦਾ ਰਹੇਗਾ।ਇਸ ਮੌਕੇ ਮੀਡੀਆ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਮੀਡੀਆ ਕਲੱਬ ਨੇ ਸ਼ਾਨਮੱਤਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿਲ੍ਹੇ ਵਿੱਚ ਪਹਿਲਾਂ ਵੀ ਵੱਖ- ਵੱਖ ਅਹੁਦਿਆਂ ਉਤੇ ਕੰਮ ਕਰ ਚੁੱਕੇ ਹਨ ਤੇ ਮੀਡੀਆ ਵੱਲੋਂ ਸਦਾ ਉਨ੍ਹਾਂ ਨੂੰ ਸਹਿਯੋਗ ਮਿਲਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਵਿਭਾਗ ਪੂਰਨ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਏ। ਇਸੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਪੂਰਨ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਕੰਮ ਕਰ ਰਹੀ ਹੈ ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮੀਡੀਆ ਕਰਮੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਮ ਦੀ ਕੋਈ ਘਟਨਾ ਜਾਂ ਜਾਣਕਾਰੀ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਪੁਲਿਸ ਵਿਭਾਗ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾ ਕੇ ਮਾੜੀ ਘਟਨਾਵਾਂ ਨੂੰ ਰੋਕਿਆ ਜਾ ਸਕੇ।ਇਸ ਤੋਂ ਪਹਿਲਾਂ ਮੀਡੀਆ ਕਲੱਬ ਦੇ ਪ੍ਰਧਾਨ ਸ੍ਰੀ ਅਜੈ ਮਲਹੋਤਰਾ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤੀ ਗਿਆ ਤੇ ਧੰਨਵਾਦੀ ਸ਼ਬਦ ਸੀਨੀਅਰ ਪੱਤਰਕਾਰ ਸ. ਜੀ.ਐਸ. ਰੁਪਾਲ ਵੱਲੋਂ ਸਾਂਝੇ ਕੀਤੇ ਗਏ। ਇਸ ਮੌਕੇ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਨੇ ਜ਼ਿਲ੍ਹੇ ਦੀ ਸਥਾਪਨਾ ਸਬੰਧੀ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹੇ ਦੀ ਸਥਾਪਨਾ ਦੀ ਖੁਸ਼ੀ ਮੀਡੀਆ ਕਰਮੀਆਂ ਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੇਕ ਕੱਟ ਕੇ ਮਨਾਈ ਗਈ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਸ਼ੋਕ ਕੁਮਾਰ, ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਕੀ, ਮੀਤ ਪ੍ਰਧਾਨ ਪਰਮੋਦ ਭਾਰਦਵਾਜ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਹਿਕ, ਖ਼ਜ਼ਾਨਚੀ ਸ਼੍ਰੀ ਰਾਜੀਵ ਸੂਦ, ਸੰਯੁਕਤ ਸਕੱਤਰ ਸ਼੍ਰੀ ਪਰਵੀਨ ਬੱਤਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਮੀਡੀਆ ਕਰਮੀ ਹਾਜ਼ਰ ਸਨ।