You are here

ਰੋਡ ਮੈਪ ਤਿਆਰ ਕਰਕੇ ਜ਼ਿਲ੍ਹੇ ਦੇ ਵਿਕਾਸ ਲਈ ਪੁੱਟੇ ਜਾਣਗੇ ਅਹਿਮ ਕਦਮ : ਸੰਦੀਪ ਹੰਸ

ਨਵ-ਨਿਯੁਕਤ ਡਿਪਟੀ ਕਮਿਸ਼ਨਰ ਪੱਤਰਕਾਰ ਮਿਲਣੀ ਦੌਰਾਨ ਪੱਤਰਕਾਰਾਂ ਦੇ ਹੋਏ ਰੁ-ਬ-ਰੂ

-ਕਿਹਾ, ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜ਼ੀਹ

- ਨਾਜਾਇਜ਼ ਮਾਈਨਿੰਗ ’ਤੇ ਨਕੇਲ ਕੱਸਣ ਲਈ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

-ਦੁਕਾਨਦਾਰਾਂ ਨੂੰ 10 ਦਿਨਾਂ ’ਚ ਨਾਜਾਇਜ਼ ਕਬਜੇ ਹਟਾਉਣ ਲਈ ਕਿਹਾ, ਉਪਰੰਤ ਹੋਵੇਗੀ ਸਖ਼ਤ ਕਾਰਵਾਈ

-ਮੀਡੀਆ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਕਰਾਤਮਕ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਪ੍ਰਚਾਰ-ਪ੍ਰਸਾਰ ਕਰਨ ਦੀ ਅਪੀਲ

-ਹੁਸ਼ਿਆਰਪੁਰ ਨੂੰ ਸੈਰ-ਸਪਾਟਾ ਦੇ ਤੌਰ ’ਤੇ ਕੀਤਾ ਜਾਵੇਗਾ ਵਿਕਸਿਤ

 

ਹੁਸ਼ਿਆਰਪੁਰ, 13 ਅਪ੍ਰੈਲ (ਰਣਜੀਤ ਸਿੱਧਵਾਂ)  :   ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਰੋਡ ਮੈਪ ਤਿਆਰ ਕਰਕੇ ਜ਼ਿਲ੍ਹੇ ਦੇ ਵਿਕਾਸ ਲਈ ਅਹਿਮ ਕਦਮ ਪੁੱਟੇ ਜਾਣਗੇ ਅਤੇ ਜ਼ਿਲ੍ਹਾ ਵਾਸੀਆਂ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਖਾਸ ਤੌਰ ’ਤੇ ਕੰਢੀ ਖੇਤਰ ਵਿੱਚ  ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਹ ਅੱਜ ਬਤੌਰ ਡਿਪਟੀ ਕਮਿਸ਼ਨਰ ਪਹਿਲੀ ਵਾਰ ਪੱਤਰਕਾਰਾਂ ਨਾਲ ਵਿਸ਼ੇਸ਼ ਮਿਲਣੀ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ’ਤੇ ਨਕੇਲ ਕੱਸਣ ਦੀ ਵਚਨਬੱਧਤਾ ਨੂੰ ਦੁਹਾਰਾਉਂਦੇ ਹੋਏ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ  ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਐਸ.ਐਸ.ਪੀ. ਹੁਸ਼ਿਆਰਪੁਰ ਨਾਲ ਮੀਟਿੰਗ ਕਰਕੇ ਇਸ ਦੀ ਸਮੀਖਿਆ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ’ਤੇ ਸਖਤ ਕਾਰਵਾਈ ਸਬੰਧੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇਗੀ।ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਟਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਟਰੈਫਿਕ ਮੈਨੇਜਮੈਂਟ ਪਲਾਨ ਤਿਆਰ ਕੀਤਾ ਜਾ ਰਿਹਾ ਹੈ, ਜਿਸ ਉਪਰੰਤ ਹੁਸ਼ਿਆਰਪੁਰ ਵਿੱਚ ਇਸ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਸ਼ਹਿਰ ਵਿੱਚ  ਨਜਾਇਜ਼ ਕਬਜਿਆਂ ਦੀ ਸਮੱਸਿਆ ਦੇ ਸਵਾਲ ’ਤੇ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 10 ਦਿਨ ਵਿੱਚ ਨਾਜਾਇਜ਼ ਕਬਜ਼ੇ ਹਟਾ ਲੈਣ। ਉਨ੍ਹਾਂ ਕਿਹਾ ਕਿ 10 ਦਿਨਾਂ ਤੋਂ ਬਾਅਦ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ਼ ਨਿਯਮਾਂ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੇਵਾਵਾਂ ਲੈਣ ਦੌਰਾਨ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਤੱਕ ਬੇਹਤਰ ਸੁਵਿਧਾਵਾਂ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਉਥੇ ਜ਼ਿਲ੍ਹੇ ਦੀ ਬੇਹਤਰੀ ਲਈ ਮੀਡੀਆ ਵੀ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਪ੍ਰਸ਼ਾਸਨ ਨੂੰ ਪੂਰੀ ਫੀਡ ਬੈਕ ਦੇਵੇ, ਤਾਂ ਜੋ ਹੋਰ ਪ੍ਰਸ਼ਾਸਨਿਕ ਸੁਧਾਰ ਕੀਤੇ ਜਾ ਸਕਣ। ਉਨ੍ਹਾਂ ਮੀਡੀਆ ਸਾਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸਾਕਰਾਤਮਕ ਕੰਮਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਦਾ ਲਾਭ ਲੈ ਸਕਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਨਗਰ ਨਿਗਮ ਅਤੇ ਕੌਂਸਲਰਾਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਵਿੱਚ ਫਸੇ ਜ਼ਿਲ੍ਹੇ ਦੇ ਨੌਜਵਾਨਾਂ ਦਾ ਮੁੜ ਵਸੇਬਾ ਕਰਕੇ ਉਨ੍ਹਾਂ ਨੂੰ ਪੈਰ੍ਹਾਂ ’ਤੇ ਖੜ੍ਹਾ ਕਰਨ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਲਈ ਵੀ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਆਗਾਮੀ ਸਮੇਂ ਵਿੱਚ ਹੋਰ ਗੰਭੀਰਤਾ ਨਾਲ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਹੋਰ ਜਿਆਦਾ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਦੇ ਖੇਤਰ ਵਿਚ ਜ਼ਿਲ੍ਹੇ ਵਿੱਚ ਵਧੇਰੇ ਸੰਭਾਵਨਾਵਾਂ ਹਨ ਅਤੇ ਜ਼ਿਲ੍ਹੇ ਨੂੰ ਇਸ ਖੇਤਰ ਵਿਚ ਵਿਕਸਿਤ ਕਰਨ ਲਈ ਯੋਜਨਾ ’ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਲਿਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਉਹ ਨਿੱਜੀ ਤੌਰ ’ਤੇ ਵੀ ਮੰਡੀਆਂ ਵਿੱਚ ਕਣਕ ਦੀ ਆਮਦ, ਅਦਾਇਗੀ ਅਤੇ ਲਿਫਟਿੰਗ ਦੀ ਸਮੀਖਿਆ ਕਰ ਰਹੇ ਹਨ।