ਲੋਕਾਂ ਨੂੰ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ
ਲੁਧਿਆਣਾ, 17 ਅਪ੍ਰੈਲ (ਰਣਜੀਤ ਸਿੱਧਵਾਂ) : ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਵਿੱਚ 18 ਤੋਂ 22 ਅਪ੍ਰੈਲ ਤੱਕ ਸਿਹਤ ਮੇਲੇ ਲਗਾਏ ਜਾ ਰਹੇ ਹਨ, ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਐਸ ਪੀ ਸਿੰਘ ਨੇ ਕਿਹਾ ਕਿ ਕਾਫ਼ੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਨੂੰ ਜਲਦ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਗਲਤ ਆਦਤਾਂ ਕਾਰਨ ਕਈ ਬਿਮਾਰੀਆਂ ਜਨਮ ਲੈਂਦੀਆਂ ਹਨ।ਉਨ੍ਹਾਂ ਸਿਹਤ ਮੇਲਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਸਿਹਤ ਬਲਾਕ ਕੂੰਮਕਲਾਂ ਅਤੇ ਸਾਹਨੇਵਾਲ ਵਿਖੇ ਮਿਤੀ 18 ਅਪ੍ਰੈਲ, ਸੁਧਾਰ ਅਤੇ ਪੱਖੋਵਾਲ ਵਿਖੇ 19 ਅਪ੍ਰੈਲ, ਪਾਇਲ ਅਤੇ ਮਲੌਦ ਵਿਖੇ 20 ਅਪ੍ਰੈਲ ਨੂੰ, ਮਾਨੂੰਪੁਰ ਅਤੇ ਮਾਛੀਵਾੜਾ ਵਿਖੇ 21 ਅਪ੍ਰੈਲ ਨੂੰ ਅਤੇ ਸਿੱਧਵਾਂ ਬੇਟ ਅਤੇ ਹਠੂਰ ਵਿਖੇ 22 ਅਪ੍ਰੈਲ ਨੂੰ ਸਿਹਤ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਮੇਲੇ ਬਲਾਕ ਪੱਧਰ 'ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਇਹਨਾਂ ਮੇਲਿਆਂ ਦੌਰਾਨ ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਉਪਰੰਤ ਦਵਾਈਆਂ ਦਿੱਤੀਆਂ ਜਾਣਗੀਆਂ ਉੱਥੇ ਹੀ ਮਾਸ ਮੀਡੀਆ ਵਿੰਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲ਼ੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਸੂਚਨਾ, ਸਿੱਖਿਆ ਅਤੇ ਸੰਚਾਰ ਦੀਆਂ ਵੱਖ-ਵੱਖ ਵਿਧੀਆਂ ਰਾਹੀਂ ਜਾਣੂੰ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ 'ਤੇ ਉਪਲੱਬਧ ਹੋਣਗੀਆਂ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ।