You are here

ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਹਰ ਜਾਇਜ਼ ਮੰਗ ਦਾ ਕੀਤਾ ਜਾਵੇਗਾ ਹੱਲ : ਬ੍ਰਮ ਸ਼ੰਕਰ ਜਿੰਪਾ -

ਕੈਬਨਿਟ ਮੰਤਰੀ ਨੇ ਨਗਰ ਨਿਗਮ ਹੁਸਿਆਰਪੁਰ ’ਚ ਕਰਮਚਾਰੀ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਦਿਵਾਇਆ ਭਰੋਸਾ

 

-ਕਿਹਾ, ਬਾਬਾ ਸਾਹਿਬ ਡਾ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣਾ ਸਮੇਂ ਦੀ ਮੁੱਖ ਲੋੜ

 

ਹੁਸ਼ਿਆਰਪੁਰ, 22 ਅਪ੍ਰੈਲ  (ਰਣਜੀਤ ਸਿੱਧਵਾਂ)   :   ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਦੀ ਕਰਮਚਾਰੀ ਯੂਨੀਅਨ ਦੀ ਹਰ ਜਾਇਜ਼ ਮੰਗ ਨੂੰ ਹੱਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਸਮੂਹ ਯੂਨੀਅਨਾਂ ਦੇ ਸੱਦੇ ’ਤੇ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ ਕਮਰਚਾਰੀ ਸੰਗਠਨਾਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ’ਤੇ ਸ਼ਰਧਾ ਸੁਮਨ ਭੇਂਟ ਕਰਦੇ ਹੋਏ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਦੀਆਂ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਅਤੇ ਵਿਸ਼ਵਾਸ ਦੁਆਇਆ ਕਿ ਸਰਕਾਰ ਕਰਮਚਾਰੀ ਯੂਨੀਅਨਾਂ ਦੀ ਮੰਗਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਨਗਰ ਨਿਗਮ ਦਾ ਬਹੁਤ ਅਹਿਮ ਯੋਗਦਾਨ ਹੈ, ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਕਜੁੱਟ ਹੋ ਕੇ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾਉਣ। ਇਸ ਮੌਕੇ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸ੍ਰੀ ਰਾਜਾ ਹੰਸ, ਸ੍ਰੀ ਕਮਲ ਭੱਟੀ ਨੇ ਕੈਬਨਿਟ ਮੰਤਰੀ ਨੂੰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਲੰਬੇ ਸਮੇਂ ਤੋਂ ਆਊਟਸੋਰਸ ਮੁਲਾਜ਼ਮਾਂ, ਸਫ਼ਾਈ ਸੇਵਕਾਂ, ਸੀਵਰਮੈਨਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਦੱਸਿਆ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ਵਾਸ਼ ਦਿਵਾਇਆ ਕਿ ਇਨ੍ਹਾਂ ਮੰਗਾਂ ਨੂੰ ਉਹ ਮੁੱਖ ਮੰਤਰੀ ਅਤੇ ਸਬੰਧਿਤ ਵਿਭਾਗ ਦੇ ਮੰਤਰੀ ਦੇ ਧਿਆਨ ਵਿਚ ਲਿਆਉਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨਗਰ ਨਿਗਮ ਦੇ ਵਿਕਾਸ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਅਜੇ ਮੋਹਨ ਬੱਬੀ, ਸਾਬਕਾ ਕੌਂਸਲਰ ਮੋਹਨ ਲਾਲ ਪਹਿਲਵਾਨ, ਕਮਲ ਭੱਟੀ, ਕੌਂਸਲਰ ਜਸਪਾਲ ਚੇਚੀ ਤੋਂ ਇਲਾਵਾ ਮਾਲੀ ਯੂਨੀਅਨ, ਡਰਾਈਵਰ ਯੂਨੀਅਨ, ਟਿਊਬਵੈਲ ਓਪਰੇਟਰ ਯੂਨੀਅਨ, ਬੇਲਦਾਰ ਯੂਨੀਅਨ, ਵਾਟਰ ਸਪਲਾਈ ਮੈਂਟੀਨੈਂਸ ਯੂਨੀਅਨ, ਇਲੈਕਟ੍ਰੀਸ਼ੀਅਨ ਯੂਨੀਅਨ, ਸੀਵਰਮੈਨ ਯੂਨੀਅਨ, ਫਾਇਰ ਬ੍ਰਿਗੇਡ ਯੂਨੀਅਨ, ਦਫ਼ਤਰੀ ਸੇਵਾਦਾਰ ਯੂਨੀਅਨ ਅਤੇ ਦਫ਼ਤਰੀ ਕਲਰਕ ਯੂਨੀਅਨ ਦੇ ਮੈਂਬਰ ਵੀ ਮੌਜੂਦ ਸਨ।