You are here

ਜਾਂਚ ਬਿਊਰੋ ਲਈ 4251 ਅਸਾਮੀਆਂ ਪ੍ਰਵਾਨ

ਚੰਡੀਗੜ੍ਹ, 8 ਫਰਵਰੀ-(ਜਨ ਸ਼ਕਤੀ ਨਿਉਜ)- ਜਾਬ ਵਜ਼ਾਰਤ ਨੇ ਫੌਜਦਾਰੀ ਨਿਆਂ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸੂਬੇ ਦੇ ਜਾਂਚ ਬਿਊਰੋ (ਬਿਊਰੋ ਆਫ ਇਨਵੈਸਟੀਗੇਸ਼ਨ) ਲਈ 4251 ਨਵੀਆਂ ਅਸਾਮੀਆਂ ਕਾਇਮ ਕਰਨ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਜਾਇਦਾਦ ਦੇ ਐਲਾਨ, ਮੁਲਾਜ਼ਮਾਂ ਨੂੰ ਛੇ ਫ਼ੀਸਦੀ ਡੀਏ, ਪੱਤਰਕਾਰਾਂ ਨੂੰ ਪੈਨਸ਼ਨ ਦੇਣ ਅਤੇ ਬਜਟ ਸੈਸ਼ਨ ’ਚ ਰਾਜਪਾਲ ਦੇ ਉਦਘਾਟਨੀ ਭਾਸ਼ਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਫ਼ੈਸਲਾ ਲਿਆ ਗਿਆ ਕਿ ਜਾਂਚ ਬਿਊਰੋ ਤਹਿਤ ਐਸਪੀ ਦੀਆਂ 28 ਅਸਾਮੀਆਂ, ਡੀਐਸਪੀ ਦੀਆਂ 108, ਇੰਸਪੈਕਟਰਾਂ ਦੀਆਂ 164, ਸਬ-ਇੰਸਪੈਕਟਰਾਂ ਦੀਆਂ 593, ਏਐਸਆਈ ਦੀਆਂ 1140, ਹੌਲਦਾਰਾਂ ਦੀਆਂ 1158 ਅਤੇ ਸਿਪਾਹੀਆਂ ਦੀਆਂ 373 ਅਸਾਮੀਆਂ ਸਿਰਜੀਆਂ ਜਾਣਗੀਆਂ। ਇਸੇ ਤਰ੍ਹਾਂ ਮਨਿਸਟੀਰੀਅਲ ਕਾਡਰ ਦੀਆਂ 159, ਸਹਾਇਕ ਸਿਵਲੀਅਨ ਸਟਾਫ ਲਈ 798 ਅਸਾਮੀਆਂ ਸਿਰਜੀਆਂ ਜਾਣਗੀਆਂ ਪਰ ਇਸ ਦੇ ਇਵਜ਼ ਵਿੱਚ ਜ਼ਿਲ੍ਹਿਆਂ ਦੇ ਨਾਲ-ਨਾਲ ਹੈੱਡਕੁਆਰਟਰ ’ਤੇ ਪੁਲੀਸ ਮੁਲਾਜ਼ਮਾਂ ਦੀਆਂ ਬਰਾਬਰ ਗਿਣਤੀ ਵਿੱਚ ਅਸਾਮੀਆਂ ਖ਼ਤਮ ਕੀਤੀਆਂ ਜਾਣਗੀਆਂ। ਜਾਂਚ ਬਿਊਰੋ ਘਿਨਾਉਣੇ ਅਤੇ ਗੰਭੀਰ ਅਪਰਾਧਿਕ ਮਾਮਲਿਆਂ ਨੂੰ ਪੇਸ਼ੇਵਰ, ਵਿਗਿਆਨਕ ਅਤੇ ਸਮਾਂਬੱਧ ਢੰਗ ਨਾਲ ਸੁਲਝਾਉਣ ’ਤੇ ਕੇਂਦਰਿਤ ਹੋਵੇਗਾ ਤਾਂ ਜੋ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜੁਲਾਈ, 2014 ਵਿੱਚ ਪੁਲੀਸ ਜਾਂਚ ਅਤੇ ਅਮਨ-ਕਾਨੂੰਨ ਦੇ ਕੰਮਕਾਜ ਨੂੰ ਅੱਡੋ-ਅੱਡ ਕਰਨ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਪੁਲੀਸ ਮੁਲਾਜ਼ਮਾਂ ਦਾ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ। ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਦਿਸ਼ਾ ’ਚ ਕੋਈ ਕਦਮ ਨਹੀਂ ਉਠਾਇਆ ਸੀ।
ਵਜ਼ਾਰਤ ਨੇ ‘ਦਿ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ ਵਾਇਓਲੇਸ਼ਨ ਆਫ ਦਿ ਬਿਲਡਿੰਗ ਬਿੱਲ-2019’ ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਆਉਂਦੇ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਜ਼ਾਰਤ ਨੇ 30 ਜੂਨ, 2018 ਤੱਕ ਮਿਉਂਸਿਪਲ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਬਣੀਆਂ ਸਾਰੀਆਂ ਇਮਾਰਤਾਂ ਬਾਰੇ ਇਸ ਸਾਲ 2 ਜਨਵਰੀ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਦਾ ਖਰੜਾ ਤਿਆਰ ਕੀਤਾ ਹੈ ਜਿਸ ਨੂੰ ਬਜਟ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਅੰਮ੍ਰਿਤਸਰ ਵਾਲਡ ਸਿਟੀ (ਰੈਕੋਗਨੀਸ਼ਨ ਆਫ ਯੂਸੇਜ਼) ਐਕਟ-2016 ਦੀ ਧਾਰਾ 3 (1), 3 (2) ਅਤੇ 5 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਿਸ ਦਾ ਉਦੇਸ਼ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਗਲਿਆਰੇ ਵਿੱਚ ਅਣਅਧਿਕਾਰਤ ਤੌਰ ’ਤੇ ਬਣੀਆਂ ਵਪਾਰਕ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਯਕਮੁਸ਼ਤ ਮੌਕਾ ਮੁਹੱਈਆ ਕਰਵਾਉਣਾ ਹੈ। ਇਹ ਸੋਧ ਪਹਿਲੀ ਮਾਰਚ, 2019 ਨੂੰ ਅਮਲ ਵਿੱਚ ਆਵੇਗੀ ਜਿਸ ਲਈ ਬਿਨੈਕਾਰ ਨੂੰ ਯਕਮੁਸ਼ਤ ਨਿਪਟਾਰੇ ਲਈ ਅੰਮ੍ਰਿਤਸਰ ਦੀ ਵਾਲਡ ਸਿਟੀ ਅੰਦਰ ਕੀਤੀਆਂ ਉਲੰਘਣਾਵਾਂ ਦੇ ਵੇਰਵੇ ਦੇਣੇ ਹੋਣਗੇ।
ਵਜ਼ਾਰਤ ਨੇ ਹਰੇਕ ਸਾਲ ਜਨਵਰੀ ਮਹੀਨੇ ਵਿੱਚ ਵਿਧਾਇਕਾਂ ਵੱਲੋਂ ਆਪਣੀ ਅਚੱਲ ਜਾਇਦਾਦ ਦਾ ਐਲਾਨ ਕਰਨ ਨੂੰ ਲਾਜ਼ਮੀ ਬਣਾਉਣ ਲਈ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਉਦੇਸ਼ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਇੱਛਾ ਮੁਤਾਬਕ ਮੰਤਰੀ ਮੰਡਲ ਨੇ ‘ਦਿ ਪੰਜਾਬ ਲੈਜਿਸਲੇਟਿਵ ਅਸੈਂਬਲੀ (ਸੈਲਰੀਜ਼ ਐਂਡ ਅਲਾਊਂਸ ਆਫ ਮੈਂਬਰਜ਼) ਐਕਟ-1942 ਵਿੱਚ ਧਾਰਾ 3-ਏਏਏ ’ਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਸਤਾਵ ਨੂੰ ਬਿੱਲ ਦੇ ਖਰੜੇ ਦਾ ਰੂਪ ਦੇਣ ਲਈ ਕਾਨੂੰਨੀ ਮਸ਼ੀਰ ਕੋਲ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਵਜ਼ਾਰਤ ਨੇ 18 ਮਾਰਚ, 2017 ਨੂੰ ਫ਼ੈਸਲਾ ਲਿਆ ਸੀ ਕਿ ਸਾਰੇ ਵਿਧਾਇਕ ਤੇ ਸੰਸਦ ਮੈਂਬਰ ਹਰੇਕ ਸਾਲ ਜਨਵਰੀ ਵਿੱਚ ਆਪਣੀ ਅਚੱਲ ਜਾਇਦਾਦ ਦਾ ਐਲਾਨ ਕਰਨਗੇ। ਇਸ ਦਾ ਐਲਾਨ ਪਹਿਲੀ ਜੁਲਾਈ, 2017 ਤੱਕ ਕੀਤਾ ਜਾਣਾ ਚਾਹੀਦਾ ਸੀ ਜੋ ਨਹੀਂ ਕੀਤਾ ਗਿਆ। ਇਸ ਦੇ ਨਾਲ ਵਜ਼ਾਰਤ ਨੇ 12 ਫਰਵਰੀ ਨੂੰ ਸ਼ੁਰੂ ਹੋ ਰਹੇ 15ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ ਤੇ ਇਸ ਨੂੰ ਅੰਤਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।