You are here

ਡਿਪਟੀ ਕਮਿਸ਼ਨਰ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਾ

 

ਕਿਸਾਨਾਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਬਾਰੇ ਦਿੱਤੀ ਨਵੀਨਤਮ ਜਾਣਕਾਰੀ

 

ਬਰਨਾਲਾ  17 ਅਪਰੈਲ  (ਰਣਜੀਤ ਸਿੱਧਵਾਂ)   : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ (ਬਰਨਾਲਾ) ਅਤੇ ਆਤਮਾ, ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਕਿਸਾਨ ਮੇਲਾ ਲਾਇਆ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਾਇਰ ਪੁੱਜੇ। ਇਸ ਮੌਕੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋੋਸੀਏਟ ਡਾਇਰੈਕਟਰ ਕੇਵੀਕੇ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਡਿਪਟੀ ਕਮਿਸ਼ਨਰ, ਮੁੱਖ ਖੇਤੀਬਾੜੀ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਿਸਾਨਾਂ ਤੇ ਕਿਸਾਨ ਮਹਿਲਾਵਾਂ ਦਾ ਸਵਾਗਤ ਕੀਤਾ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਡਾ. ਤੰਵਰ ਨੇ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ ਦੇ ਉਪਰਾਲਿਆਂ ਦਾ ਮੁੱਖ ਮਕਸਦ ਖੇਤੀ ਲਾਗਤ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾ ਕੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਉਨਾਂ ਨੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਬਾਰੇ ਵੀ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵੀਰ ਚੰਦ ਨੇ ਖੇਤੀਬਾੜੀ ਵਿਭਾਗ ਅਤੇ ਆਤਮਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਭੌਂ ਰੱਖਿਆ ਅਫਸਰ ਬਰਨਾਲਾ ਡਾ. ਭੁਪਿੰਦਰ ਸਿੰਘ ਨੇ ਤੁਪਕਾ ਸਿੰਜਾਈ ਅਤੇ ਫੁਹਾਰਾ ਸਿੰਜਾਈ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ। ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ. ਜਤਿੰਦਰ ਪਾਲ ਸਿੰਘ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੇਲੇ ਵਿੱਚ ਆਏ ਕਿਸਾਨਾਂ ਨੂੰ ਖੇਤੀ ਮੰਤਰੀ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਸੰਬੋਧਨ ਵੀ ਵਰਚੂਅਲ ਮੋਡ ਰਾਹੀਂ ਵਿਖਾਇਆ ਗਿਆ। ਮੇਲੇ ਵਿੱਚ ਕਿਸਾਨ ਗੋਸ਼ਟੀ ਵੀ ਕਰਵਾਈ ਗਈ, ਜਿਸ ਵਿੱਚ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ, ਫਾਰਮਰ ਸਲਾਹ ਕੇਂਦਰ ਦੇ ਸਾਇੰਸਦਾਨਾਂ ਅਤੇ ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਦੇ ਮਾਹਿਰਾਂ ਵੱਲੋਂ ਖੇਤੀ, ਪਸ਼ੂ ਪਾਲਣ, ਮੱਛੀ ਪਾਲਣ, ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਢੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਆਦਿ ਬਾਰੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਮੇਲੇ ਵਿੱਚ ਸਰਕਾਰੀ ਵਿਭਾਗਾਂ, ਸਵੈ ਸਹਾਇਤਾ ਗਰੁੱਪਾਂ, ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਿਸਾਨ ਮੇਲੇ ਵਿੱਚ ਬਰਨਾਲਾ ਜ਼ਿਲੇ ਦੇ ਅਗਾਂਹਵਧੂ ਕਿਸਾਨ ਅਤੇ ਕਿਸਾਨ ਮਹਿਲਾਵਾਂ ਲਖਵੀਰ ਕੌਰ, ਖੁੱਡੀ ਕਲਾਂ, ਕਮਲਜੀਤ ਕੌਰ, ਭੋਤਣਾ, ਮੇਲਾ ਸਿੰਘ, ਖੁੱਡੀ ਕਲਾਂ, ਗੁਰਨਾਇਬ ਸਿੰਘ, ਦਰਾਜ, ਨਾਇਬ ਸਿੰਘ, ਰਾਏਸਰ, ਜਸਵੀਰ ਸਿੰਘ, ਪੱਖੋ ਕਲਾਂ, ਗੁਰਪ੍ਰੀਤ ਸਿੰਘ, ਵਜੀਦਕੇ ਕਲਾਂ, ਅਤਿੰਦਰਪਾਲ ਸਿੰਘ, ਕੱਟੂ, ਹਰਵਿੰਦਰ ਸਿੰਘ, ਬਡਬਰ, ਅਮਿ੍ਤ ਸਿੰਘ, ਵਾਹਿਗੁਰੂਪੁਰਾ ਨੂੰ ਸਨਮਾਨਿਤ ਕੀਤਾ ਗਿਆ।