ਫਤਹਿਗੜ੍ਹ ਸਾਹਿਬ, ਜੁਲਾਈ 2019 ( ਮਨਜਿੰਦਰ ਗਿੱਲ)-ਚੰਡੀਗੜ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ ਮਾਰਗ ਦੇ ਸੁਸਤ ਚਾਲ ਚੱਲਦੇ ਕੰਮ ਤੋਂ ਆਮ ਰਾਹਗੀਰਾਂ ਨੂੰ ਨਿੱਤ ਦਿਨ ਹੋ ਰਹੀ ਪ੍ਰੇਸ਼ਾਨੀ ਤੋਂ ਜਾਣੂ ਕਰਾਉਣ ਲਈ ਹਲਕਾ ਫਤਹਿਗੜ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਕੀਤੀ। ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਚੰਡੀਗੜ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ ਮਾਰਗ ਦਾ ਜਿਆਦਾਤਰ ਹਿੱਸਾ ਹਲਕਾ ਫਤਹਿਗੜ ਸਾਹਿਬ ਵਿੱਚੋਂ ਗੁਜ਼ਰਦਾ ਹੈ। ਅਲਾਂਈਨਮੈਂਟ ਅਤੇ ਡੀਜ਼ਾਈਨ ਵਿੱਚ ਹੋ ਰਹੀ ਦੇਰੀ ਦੇ ਚੱਲਦਿਆਂ ਇਸ ਰਾਜ ਮਾਰਗ 'ਤੇ ਪੈਂਦੇ ਸਮਰਾਲਾ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਕਾਫੀ ਆਵਾਜਾਈ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ। ਗਡਕਰੀ ਨੇ ਡਾ. ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ 'ਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਪ੍ਰੇਸ਼ਾਨੀ ਨੂੰ ਜਲਦ ਤੋਂ ਜਲਦ ਹੱਲ ਕਰਾਉਣਗੇ। ਉਨਾਂ ਕਿਹਾ ਕਿ ਇਸ ਮੁੱਦੇ 'ਤੇ ਜਲਦ ਹੀ ਉੱਚ ਪੱਧਰੀ ਮੀਟਿੰਗ ਬੁਲਾਉਣਗੇ, ਜਿਸ ਵਿੱਚ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਅਤੇ ਹੋਰ ਸੰਬੰਧਤ ਧਿਰਾਂ ਨਾਲ ਮੁੱਦਾ ਵਿਚਾਰਿਆ ਜਾਵੇਗਾ।