ਕੈਬਨਿਟ ਮੰਤਰੀ ਨੇ ਮਜ਼ਦੂਰ ਸਭਾ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਖਿਲਾ ਕੇ ਦਿੱਤੀ ਵਧਾਈ
ਹੁਸ਼ਿਆਰਪੁਰ, 01 ਮਈ (ਰਣਜੀਤ ਸਿੱਧਵਾਂ) : 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸਥਾਨਕ ਮਜ਼ਦੂਰ ਸਭਾ ਵਿੱਚ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈਆਂ ਖਿਲਾ ਕੇ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾਂ ਹੀ ਮਜ਼ਦੂਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵਲੋਂ ਇਲਾਕੇ ਦੇ ਮਜ਼ਦੂਰਾਂ ਦੇ ਹਿੱਤ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ 2 ਮਿੰਟ ਦਾ ਮੌਨ ਰੱਖ ਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਵੀ ਯਾਦ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਰ ਬੁਨਿਆਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਹਾਜ਼ਰ ਵਰਕਰਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰ ਵਰਗ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਰਤੀ ਲੋਕਾਂ ਨੂੰ ਸਲਾਮ ਕਰਦੇ ਹਾਂ, ਕਿਉਂਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰ ਵਰਗ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਇਸ ਮੌਕੇ ਬਾਬਾ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਵੈਲਫੇਅਰ ਸੁਸਾਇਟੀ ਵੱਲੋਂ ਕੈਬਨਿਟ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸ਼੍ਰੀ ਸੁਖਦੇਵ ਸਿੰਘ, ਚੇਅਰਮੈਨ ਰਾਕੇਸ਼ ਸਿੱਧੂ, ਦਿਆਲ ਲਾਲੀ, ਜੀਵਨ ਲਾਲ, ਵਿਨੋਦ ਕੁਮਾਰ ਅਤੇ ਹੋਰ ਮਜ਼ਦੂਰ ਵੀ ਹਾਜ਼ਰ ਸਨ।