ਕੈਬਨਿਟ ਮੰਤਰੀ ਨੇ ਵਾਰਡ ਨੰਬਰ 8 ’ਚ 16.25 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 2 ਮਈ (ਰਣਜੀਤ ਸਿੱਧਵਾਂ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਪਹਿਲਕਦਮੀ ਹੈ, ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕੰਮਾਂ ਦੀ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ। ਉਹ ਵਾਰਡ ਨੰਬਰ 8 ਦੇ ਮੁਹੱਲਾ ਅਸਲਾਮਾਬਾਦ ਵਿੱਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 16.25 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਦੀਆਂ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਸ੍ਰੀ ਕਰਣੇਸ਼ ਸ਼ਰਮਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਹੀ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਵਾਸੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰ ਦਿੱਤਾ ਜਾਵੇਗਾ। ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਵਿਚ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁਦ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਲੈਣ ਅਤੇ ਸਪੈਸ਼ਲ ਟੀਮ ਤੋਂ ਵੀ ਕੰਮਾਂ ਦੀ ਚੈਕਿੰਗ ਵੀ ਕਰਵਾਈ ਜਾਵੇਗੀ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਯੋਜਨਾਬਧ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਸੁਵਿਧਾ ਲਈ ਹਰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਕੌਂਸਲਰ ਸ੍ਰੀ ਮੁਖੀ ਰਾਮ, ਐਕਸੀਅਨ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਵਰਿੰਦਰ ਸ਼ਰਮਾ ਬਿੰਦੂ, ਸ੍ਰੀ ਸੁਮੇਸ਼ ਸੋਨੀ, ਸ੍ਰੀ ਵਰਿੰਦਰ ਵੈਦ ਤੋਂ ਇਲਾਵਾ ਇਲਾਵਾ ਨਿਵਾਸੀ ਵੀ ਮੌਜੂਦ ਸਨ।