MPAP ਦੀਆਂ ਸਮੱਸਿਆਵਾਂ ਨੂੰ ਕਰਾਂਗੇ ਜਲਦ ਹੱਲ.... ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ....
ਬਰਨਾਲਾ /ਮਹਿਲ ਕਲਾਂ- 13 ਮਈ- (ਗੁਰਸੇਵਕ ਸੋਹੀ ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਅੱਜ ਇਕ ਸੂਬਾਈ ਵਫਦ ਪੰਜਾਬ ਦੇ ਖ਼ਜ਼ਾਨਾ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਨੂੰ ਮਿਲਿਆ। ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਵਿੱਤ ਸਕੱਤਰ ਡਾ ਮਾਘ ਸਿੰਘ ਮਾਣਕੀ, ਸੂਬਾ ਮੀਤ ਪ੍ਰਧਾਨ ਡਾ ਧਰਮਪਾਲ ਸਿੰਘ, ਸੂਬਾ ਮੀਤ ਪ੍ਰਧਾਨ ਡਾ ਅਨਵਰ ਭਸੌੜ,ਸੂਬਾਈ ਆਗੂ ਡਾ ਬਲਜਿੰਦਰ ਸਿੰਘ ਮਲੇਰਕੋਟਲਾ ਆਦਿ ਨੇ ਆਮ ਆਦਮੀ ਪਾਰਟੀ ਦੇ ਖਜ਼ਾਨਾ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਨਾਲ ਆਪਣੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ।ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾ ਪ੍ਰੈੱਸ ਮੀਡੀਆ ਇੰਚਾਰਜ ਪੰਜਾਬ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਦੱਸਿਆ ਕਿ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਚਰਚਾ ਕਰਦਿਆਂ ਵਿੱਤ ਮੰਤਰੀ ਨੂੰ ਕਿਹਾ ਕਿ ਪਿੰਡਾਂ ਵਿੱਚ ਵਸਦੇ 80% ਲੋਕਾਂ ਨਾਲ ਜ਼ਮੀਨੀ ਪੱਧਰ ਤੇ ਸਿੱਧੇ ਜੁੜੇ ਹੋਏ ਆਰ.ਐਮ.ਪੀ ਡਾਕਟਰਾਂ ਦੇ ਮਸਲੇ ਨੂੰ ਕਾਂਗਰਸ ਨੇ 2017 ਵਿੱਚ ਆਪਣੇ ਚੋਣ ਮੈਨੀਫੈਸਟੋ ਦੇ 16 ਨੰਬਰ ਮੱਦ ਤੇ ਲਿਖਤੀ ਵਾਅਦਾ ਕੀਤਾ ਸੀ ਅਤੇ ਅਕਾਲੀ ਭਾਜਪਾ ਸਰਕਾਰ ਨੇ 2012 ਵਿੱਚ 9 ਨੰਬਰ ਮੱਧ ਤੇ ਲਿਖਤੀ ਵਾਅਦਾ ਕੀਤਾ ਸੀ। ਪਰ ਇਹ ਪਾਰਟੀਆਂ ਲਿਖਤੀ ਵਾਅਦੇ ਕਰਕੇ ਮੁੱਕਰ ਚੁੱਕੀਆਂ ਹਨ।
ਡਾ ਬਾਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਮੌਜੂਦਾ ਰਾਜ ਵਿਚ ਮਸਲੇ ਨੂੰ ਉਲਝਾਉਣ ਦੀ ਹੀ ਕੋਸ਼ਿਸ਼ ਕੀਤੀ ਹੈ। ਮਸਲੇ ਨੂੰ ਸੁਲਝਾਉਣ ਦੀ ਕੋਈ ਵੀ ਕੋਸ਼ਿਸ਼ ਨਹੀਂ ਕੀਤੀ।ਡਾ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਭਾਰਤ ਦੇ ਕਈ ਸੂਬੇ ਜਿਵੇਂ ਕਰਨਾਟਕ, ਮਹਾਰਾਸ਼ਟਰ,ਆਂਧਰਾ ਪ੍ਰਦੇਸ਼ , ਬਿਹਾਰ, ਬੰਗਾਲ ਆਦਿ ਦੀਆਂ ਸਰਕਾਰਾਂ ਨੇ ਉਥੋਂ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਸਦੇ ਆਰ.ਐੱਮ.ਪੀ ਡਾਕਟਰਾਂ ਨੂੰ ਰੀਫਰੈਸ਼ਰ ਕੋਰਸ ਕਰਵਾ ਕੇ,ਮੁੱਢਲੀਆਂ ਸਿਹਤ ਸੇਵਾਵਾਂ ਦੇ ਕੰਮ ਕਰਨ ਦੀ ਮਾਨਤਾ ਦਿੱਤੀ ਹੈ।ਡਾ ਬਾਲੀ ਨੇ ਕਿਹਾ ਕਿ ਅਸੀਂ ਵੀ ਪੰਜਾਬ ਵਿੱਚ ਮੰਗ ਕਰਦੇ ਹਾਂ ਕਿ ਬਾਕੀ ਸੂਬਿਆਂ ਦੀ ਤਰਜ਼ ਤੇ ਆਰ.ਐਮ.ਪੀ ਡਾਕਟਰਾਂ ਨੂੰ ਰਜਿਸਟਰਡ ਕਰ ਕੇ/ਰਿਫ੍ਰੈਸ਼ਰ ਕੋਰਸ ਸੁਰੂ ਕਰਵਾ ਕੇ ਪੰਜਾਬ ਵਿੱਚ ਕੰਮ ਕਰਨ ਦੀ ਮਾਨਤਾ ਦਿੱਤੀ ਜਾਵੇ। ਕਿਉਂਕਿ ਪਿਛਲੇ ਸਮੇਂ ਕਰੋਨਾ ਦੀ ਮਹਾਂਮਾਰੀ ਵਿੱਚ ਵੀ ਇਨ੍ਹਾਂ ਡਾਕਟਰਾਂ ਨੇ ਆਪਣੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਵੱਡੀ ਪੱਧਰ ਤੇ ਬਚਾਇਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਾਡੀ ਜਥੇਬੰਦੀ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਫਰੀ ਮੈਡੀਕਲ ਕੈਂਪ ਲਗਾਏ ਜਾਂਦੇ ਹਨ।
ਡਾ ਬਾਲੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਖਜ਼ਾਨਾ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਇਕ ਆਸ ਬੱਝੀ ਹੈ ਕਿ ਉਨ੍ਹਾਂ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪੰਜਾਬ ਵਿੱਚ ਵੱਸਦੇ ਡੇਢ ਲੱਖ ਆਰ ਐੱਮ ਪੀ ਡਾਕਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਵਾਅਦਾ ਕੀਤਾ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ।