ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਵਾਪਸ ਲਈ ਜਾਣੀ ਚਾਹੀਦੀ ਹੈ
ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਲਈ ਅਕਾਲੀ ਦਲ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ
ਚੰਡੀਗੜ੍ਹ, ਜੁਲਾਈ 2019-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਬਰਗਾੜੀ ਵਿਖੇ ਵਾਪਰੀਆਂ ਬੇਅਦਬੀ ਦੀਆਂ ਤਿੰਨ ਘਟਨਾਵਾਂ ਸੰਬੰਧੀ ਮੁਹਾਲੀ ਦੀ ਇੱਕ ਅਦਾਲਤ ਵਿਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦਾਖ਼ਲ ਕੀਤੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਇਹ ਰਿਪੋਰਟ ਨੂੰ ਵਾਪਸ ਲਿਆ ਜਾਵੇ ਅਤੇ ਬੇਅਦਬੀ ਕੇਸਾਂ ਦੀ ਜਾਂਚ ਨੂੰ ਸਿਰੇ ਚੜ੍ਹਾਇਆ ਜਾਵੇ।
ਇਸ ਨੂੰ ਇੱਕ ਮੰਦਭਾਗੀ ਕਾਰਵਾਈ ਕਰਾਰ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੇ ਪੂਰੀ ਸਿੱਖ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਕੋਈ ਮਾਮੂਲੀ ਅਪਰਾਧ ਨਹੀ, ਸਗੋਂ ਇੱਕ ਅਜਿਹਾ ਜੁਰਮ ਹੈ, ਜਿਸ ਨੇ ਭਾਵਨਾਵਾਂ ਨੂੰ ਸੱਟ ਮਾਰੀ ਹੈ। ਅਕਾਲੀ ਦਲ ਇਸ ਅਪਰਾਧ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਅਤੇ ਉਹਨਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਵਚਨਬੱਧ ਹੈ, ਕਿਉਂਕਿ ਇਹ ਮਸਲੇ ਦਾ ਸੰਬੰਧ ਪੂਰੀ ਸਿੱਖ ਕੌਮ ਨਾਲ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਮੰਗ ਕਰਦੇ ਹਾਂ ਕਿ ਸੀਬੀਆਈ ਕਲੋਜ਼ਰ ਰਿਪੋਰਟ ਨੂੰ ਤੁਰੰਤ ਵਾਪਸ ਲਵੇ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪਾਰਟੀ ਸਿਰਫ ਇਸ ਕਲੋਜ਼ਰ ਰਿਪੋਰਟ ਨੂੰ ਵਾਪਸ ਲੈਣ ਦੇ ਹੀ ਹੱਕ ਵਿਚ ਨਹੀਂ, ਸਗੋਂ ਇਹ ਵੀ ਚਾਹੁੰਦੀ ਹੈ ਕਿ ਸੀਬੀਆਈ ਇਸ ਕੇਸ ਦੀ ਜਾਂਚ ਨੂੰ ਸਿਰੇ ਚੜਾਉਣ ਲਈ ਆਪਣੇ ਯਤਨਾਂ ਵਿਚ ਦੁੱਗਣੀ ਤੇਜ਼ੀ ਲਿਆਵੇ। ਉਹਨਾਂ ਕਿਹਾ ਕਿ ਅਕਾਲੀ ਦਲ ਸੀਬੀਆਈ ਲਈ ਇੱਕ ਸਮਾਂ-ਸੀਮਾਂ ਨਿਸ਼ਚਿਤ ਕਰਨ ਦੇ ਵੀ ਹੱਕ ਵਿਚ ਹੈ ਤਾਂ ਕਿ ਇਸ ਕੇਸ ਦੀ ਦੁਬਾਰਾ ਜਾਂਚ ਜਲਦੀ ਮੁਕੰਮਲ ਹੋਵੇ। ਉਹਨਾਂ ਕਿਹਾ ਕਿ ਅਸੀਂ ਇਸ ਬਾਰੇ ਕੇਂਦਰ ਕੋਲ ਪਹੁੰਚ ਕਰਾਂਗੇ ਅਤੇ ਜੇਕਰ ਲੋੜ ਪਈ ਤਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲਾਂਗੇ।ਇਸ ਸਮੇ ਉਹਨਾਂ ਨਾਲ ਜਥੇਦਾਰ ਤੋਤਾ ਸਿੰਘ ਵੀ ਮਜੂਦ ਸਨ।