ਫਤਹਿਗੜ੍ਹ ਸਾਹਿਬ 20 ਮਈ (ਰਣਜੀਤ ਸਿੱਧਵਾਂ) : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਅਤੇ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਅਤੇ ਡੇਅਰੀ ਵਿਭਾਗ ਵੱਲੋਂ ਖਾਣ ਪੀਣ ਦੀਆਂ ਵਸਤਾਂ ਦੀ ਚੈਕਿੰਗ, ਸੈਂਪਲਿੰਗ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਹੈ ।ਇਸ ਮੁਹਿੰਮ ਤਹਿਤ ਸਹਾਇਕ ਕਮਿਸ਼ਨਰ (ਫੂਡ) ਸ਼੍ਰੀਮਤੀ ਅਦਿੱਤੀ ਗੁਪਤਾ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਜਿਸ ਵਿੱਚ ਫੂਡ ਸੇਫ਼ਟੀ ਅਫ਼ਸਰ ਸਤਵਿੰਦਰ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਮਹਿਕ ਵੱਲੋਂ ਪਟਿਆਲਾ ਰੋਡ ਤੇ ਪਿੰਡ ਰੁਡ਼ਕੀ ਅਤੇ ਚਨਾਰਥਲ ਕਲਾਂ ਆਦਿ ਥਾਵਾਂ ਤੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੀ ਵਿਕਰੀ ਕਰਨ ਵਾਲਿਆਂ ਤੇ ਛਾਪੇਮਾਰੀ ਕੀਤੀ ਗਈ ਅਤੇ 8 ਵਸਤਾਂ ਦੇ ਸੈਂਪਲ ਭਰ ਕੇ ਫੂਡ ਲੈਬਾਰਟਰੀ ਖਰੜ ਵਿਖੇ ਭੇਜੇ ਗਏ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਫੂਡ ਕਮਿਸ਼ਨਰ ਸ਼੍ਰੀਮਤੀ ਅਦਿੱਤੀ ਗੁਪਤਾ ਨੇ ਦੱਸਿਆ ਕਿ ਹੁਣ ਤੱਕ 38 ਸੈਂਪਲ ਲਏ ਜਾ ਚੁੱਕੇ ਹਨ ਜੋ ਕੇ ਲੈਬਾਰਟਰੀ ਵਿੱਚ ਟੈਸਟ ਕਰਨ ਲਈ ਭੇਜੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਦੇ ਕਿਸੇ ਵੀ ਟੈਸਟ ਦੀ ਰਿਪੋਰਟ ਐੱਫ.ਐੱਸ.ਐੱਸ.ਏ ਆਈ ਦੇ ਮਾਪਦੰਡਾਂ ਅਨੁਸਾਰ ਠੀਕ ਨਹੀਂ ਆਉਂਦੀ ਤਾਂ ਉਸ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।ਉਨ੍ਹਾਂ ਇਹ ਵੀ ਕਿਹਾ ਕਿ ਸੈਂਪਲਿੰਗ ਦੌਰਾਨ ਦੁਕਾਨਦਾਰਾਂ ਅਤੇ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ਨੂੰ ਫੂਡ ਸੇਫ਼ਟੀ ਲਾਈਸੈਂਸ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਖੋਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਿਰੁੱਧ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।