ਫਾਜ਼ਿਲਕਾ, 26 ਮਈ (ਰਣਜੀਤ ਸਿੱਧਵਾਂ) ਪਸ਼ੂ -ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ /ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫ਼ਤਿਆਂ ਦੀ ਡੇਅਰੀ ਸਿਖਲਾਈ ਦਾ ਚੌਥਾ ਬੈਚ 30 ਮਈ ਨੂੰ ਡੇਅਰੀ ਸਿਖਲਾਈ ਕੇਂਦਰ, ਅਬੁੱਲ ਖੁਰਾਣਾ ਵਿਖੇ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਾਜ਼ਿਲਕਾ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਿਤ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋਂ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਿਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ- ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਫਾਜ਼ਿਲਕਾ, ਕਮਰਾ ਨੰ.508-509 ਡੀ.ਸੀ.ਕੰਪਲੈਕਸ ਵਿੱਚ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ 27 ਮਈ ਤੱਕ ਫਾਰਮ ਭਰਵਾ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਮੋਬਾਇਲ ਨੰ. 01638-262140, 84274-60101 ਤੇ ਸਪੰਰਕ ਕਰ ਸਕਦੇ ਹਨ।