ਵਿਦਿਆਰਥੀਆਂ ਨੂੰ ਧਾਰਮਿਕ ਕਿਤਾਬਾਂ ਪੜ੍ਹਨ ਅਤੇ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ - ਅਸ਼ੀਸ ਕੁਮਾਰ
ਲੁਧਿਆਣਾ,ਜੁਲਾਈ 2019 ( ਮਨਜਿੰਦਰ ਗਿੱਲ )- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਵਿੱਚ ਸਾਰਾ ਸਾਲ ਸਮਾਗਮ ਆਯੋਜਿਤ ਕਰਵਾਉਣ ਲਈ ਸਰਕਾਰੀ ਟੇਬਲ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸੇ ਤਹਿਤ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ 533 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਲਾਕ ਪੱਧਰੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਨੂੰ ਸਮਰਪਿਤ ਇਤਿਹਾਸ/ਧਰਮ ਨਾਲ ਸੰਬੰਧਤ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ/ਕੁਇੱਜ਼ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਲੁਧਿਆਣਾ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਤਿਹਾਸ ਅਤੇ ਧਰਮ ਵਰਗੇ ਵਿਸ਼ਿਆਂ ਵਿੱਚ ਰੁਚੀ ਪੈਦਾ ਕਰਨ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਬੇਹੱਦ ਸਹਾਈ ਸਿੱਧ ਹੁੰਦੇ ਹਨ। ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਤਰ੍ਹਾਂ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਮਨਾਉਣ ਲਈ 2019 ਦਾ ਕੈਲੰਡਰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਤਹਿਤ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ 'ਤੇ ਅਧਾਰਤ ਰਚਨਾਵਾਂ ਪੜ੍ਹਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਵੱਲੋਂ ਵੀ ਬੱਚਿਆਂ ਨੂੰ ਧਾਰਮਿਕ ਗਿਆਨ ਦੀਆਂ ਕਿਤਾਬਾਂ ਪੜ੍ਹਨ ਅਤੇ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਅਜਿਹੇ ਮੁਕਾਬਲੇ ਹੀ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਸੁਧਾਰ ਲਿਆਉਦੇਂ ਹਨ। ਇਹਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਨੇ ਇਨਾਮਾਂ ਦੀ ਵੰਡ ਵੀ ਕੀਤੀ। ਇਸ ਸਮੇਂ ਵੱਖ-ਵੱਖ ਸਕੂਲਾਂ ਦਾ ਸਟਾਫ਼ ਵੀ ਹਾਜ਼ਰ ਸੀ