ਫਾਜ਼ਿਲਕਾ 31 ਮਈ (ਰਣਜੀਤ ਸਿੱਧਵਾਂ) :
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼ਿਮਲੇ ਵਿਖੇ ਹੋਏ ਗਰੀਬ ਕਲਿਆਣ ਸੰਮੇਲਨ ਦੇ ਸਿੱਧੇ ਪ੍ਰਸਾਰਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਦਾ ਪ੍ਰਬੰਧ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ। ਜਿਸ ਵਿੱਚ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਜ਼ਿਲ੍ਹੇ ਦੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ ਨੇ ਸਿਧੇ ਪ੍ਰਸਾਰਣ ਨੂੰ ਸੁਣਿਆ।ਇਸ ਮੌਕੇ ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਸ੍ਰੀਮਤੀ ਮਮਤਾ ਕੰਬੋਜ਼ ਵੀ ਮੌਜੂਦ ਸਨ।
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ,ਉੱਥੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11 ਵੀਂ ਕਿਸ਼ਤ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਤਬਦੀਲ ਕੀਤੀ ਗਈ, ਜਿਸਦਾ ਲਾਭ 10 ਕਰੋੜ ਤੋਂ ਵਧੇਰੇ ਕਿਸਾਨਾਂ ਨੂੰ ਹੋਵੇਗਾ।ਇਸ ਮੌਕੇ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਰਾਹੀਂ ਹੋਏ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਿਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਅਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਲਈ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਚਲਾਉਣਾ ਤੇ ਯੋਗ ਲਾਭਪਾਤਰੀਆਂ ਤੱਕ ਹਰ ਹੀਲੇ ਲਾਗੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ ਜਾਂਦੀਆਂ ਹਨ ਤਾਂ ਜ਼ੋ ਸਕੀਮਾਂ ਦਾ ਲਾਹਾ ਹਰੇਕ ਵਰਗ ਦੇ ਲੋਕਾਂ ਨੂੰ ਹਾਸਲ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਤੋਂ ਇਲਾਵਾ ਹੋਰ ਅਧਿਕਾਰੀਆਂ ਵੱਲੋਂ ਵੀ ਜ਼ਿਲ੍ਹਾ ਪੱਧਰ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਸਟੇਜ ਸੰਚਾਲਨ ਸਿਖਿਆ ਵਿਭਾਗ ਤੋਂ ਸ੍ਰੀ ਵਿਜੈ ਪਾਲ ਵੱਲੋਂ ਕੀਤਾ ਗਿਆ।