ਭੁੱਖ ਹੜਤਾਲ 72ਵੇਂ ਅਤੇ ਧਰਨਾ 79ਵੇਂ ਦਿਨ 'ਚ ਸ਼ਾਮਲ ! ਮਾਮਲਾ ਡੀ.ਅੈਸ.ਪੀ., ਅੈਸ.ਆਈ. ਤੇ ਸਰਪੰਚ ਦੀ ਗ੍ਰਿਫਤਾਰੀ ਦਾ!
ਜਗਰਾਉਂ 9 ਜੂਨ ( ਗੁਰਕੀਰਤ ਜਗਰਾਉਂ ) ਪੁਲਿਸ ਦੇ ਅੱਤਿਆਚਾਰ ਤੋਂ ਪੀੜ੍ਹਤ ਪਰਿਵਾਰ ਅਤੇ ਕਿਰਤੀ ਕਿਸਾਨ ਯੂਨੀਅਨ' ਪੇਂਡੂ ਮਜ਼ਦੂਰ ਯੂਨੀਅਨ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਏਟਕ, ਯੂਥ ਵਿੰਗ ਕੇਕੇਯੂ ਵਲੋਂ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਲਈ 23 ਮਾਰਚ ਤੋਂ ਸ਼ੁਰੂ ਕੀਤਾ ਅਣਮਿਥੇ ਸਮੇਂ ਦੇ ਧਰਨੇ ਅੱਜ 79ਵੇਂ ਦਿਨ ਵੀ ਜਾਰੀ ਰਿਹਾ। ਇਸ ਸਮੇਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਰਸੂਲਪੁਰ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਬਲਦੇਵ ਸਿੰਘ ਫੌਜ਼ੀ ਤੇ ਕਰਨੈਲ ਸਿੰਘ ਭੋਲਾ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਜੱਗਾ ਸਿੰਘ ਢਿੱਲੋਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਹਰੀ ਸਿੰਘ ਚਚਰਾੜੀ ਨੇ ਪੁਲਿਸ ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੈਰ-ਜਮਾਨਤੀ ਧਰਾਵਾਂ ਦੇ ਦੋਸ਼ੀਆਂ ਨੂੰ ਤੁਰੰਤ ਜੇਲ਼ ਦੀਆਂ ਸੀਖਾਂ ਪਿੱਛੇ ਬੰਦ ਕਰਕੇ 71 ਦਿਨਾਂ ਤੋਂ ਭੁੱਖ ਹੜਤਾਲ ਬੈਠੀ ਅਨੁਸੂਚਿਤ ਜਾਤੀ ਦੀ ਗਰੀਬ ਮਾਤਾ ਸੁਰਿੰਦਰ ਕੌਰ ਰਸੂਲਪੁਰ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਤਾਂ ਕਿ ਆਮ ਲੋਕ ਕਾਨੂੰਨ 'ਤੇ ਵਿਸਵਾਸ਼ ਕਰ ਸਕਣ। ਅੱਜ ਦੇ ਧਰਨੇ ਵਿਚ ਭੁੱਖ ਹੜਤਾਲ ਤੇ ਬੈਠੀ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੀ ਬਿਰਧ ਮਾਤਾ ਸੁਰਿੰਦਰ ਕੌਰ ਰਸੂਲਪੁਰ ਅਤੇ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਦਹਾਕਿਆਂ ਵਿਚ ਵੀ ਇਨਸਾਫ਼ ਨਾਂ ਮਿਲਣਾ ਦੇਸ਼ ਦੀ ਸਭ ਤੋਂ ਵੱਡੀ ਤਰਾਸਦੀ ਏ। ਉਨ੍ਹਾਂ ਬਹੁਤ ਹੀ ਦੁਖੀ ਮਨ ਨਾਲ਼ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਜਿਵੇਂ ਦੇਸ਼ ਵਿੱਚ ਨਿਆਂ ਪ੍ਰਣਾਲੀ ਫੇਲ਼ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਸਿਆਸੀ ਲੀਡਰ ਲੋਕਾਂ ਨੂੰ ਗੁੰਮਰਾਹ ਕਰਕੇ ਸਿਰਫ਼ ਸਤਾ ਹਾਸਲ ਕਰਨ ਤੱਕ ਹੀ ਸੀਮਤ ਰਹਿੰਦੇ ਹਨ। ਵੋਟਾਂ ਲੈ ਕੇ ਲੋਕ ਮਸਲਿਆਂ ਨੂੰ ਦਰਕਿਨਾਰ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲੀਆਂ ਸਰਕਾਰਾਂ ਨੇ ਇਨਸਾਫ਼ ਨਹੀਂ ਦਿੱਤਾ ਪਰ ਬਹੁਤ ਆਸਾਂ ਨਾਲ 2022 ਵਿੱਚ ਚੁਣੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਡੇਰੀ ਆਸ ਸੀ। ਉਨ੍ਹਾਂ ਕਿਹਾ ਕਿ ਧਰਨੇ ਵਿੱਚ ਇਨਸਾਫ਼ ਦਿਵਾਉਣ ਦਾ ਵਾਅਦਾ ਕਰਨ ਵਾਲੀ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਵੋਟਾਂ ਲੈ ਆਮ ਲੋਕਾਂ ਦੀਆਂ ਆਸਾਂ ਤੇ ਪਾਣੀ ਫੇਰਿਆ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦਾ ਪਰਿਵਾਰ 2005 ਤੋਂ ਹੀ ਪੁਲਿਸ ਦੇ ਅੱਤਿਆਚਾਰਾਂ ਖਿਲਾਫ਼ ਅਤੇ ਇਨਸਾਫ਼ ਪ੍ਰਾਪਤੀ ਦੀ ਲੜ੍ਹਾਈ ਲੜ੍ਹ ਰਹੇ ਹਨ। ਇਸ ਸਮੇਂ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਧਰਨੇ ਵਿੱਚ ਪੱਕੀ ਹਾਜ਼ਰੀ ਭਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਕੁੰਡਾ ਸਿੰਘ ਕਾਉਂਕੇ, ਬਾਬਾ ਬੰਤਾ ਸਿੰਘ ਡੱਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਦਸਮੇਸ਼ ਕਿਸਾਨ ਯੂਨੀਅਨ ਦੇ ਹਰੀ ਸਿੰਘ ਚਚਰਾੜੀ, ਜੱਥੇਦਾਰ ਚੜ੍ਤ ਸਿੰਘ ਬਾਰਦੇਕੇ, ਨਛੱਤਰ ਸਿੰਘ ਬਾਰਦੇਕੇ, ਚਰਨ ਸਿੰਘ, ਜੱਗਾ ਸਿੰਘ ਢਿੱਲੋਂ, ਰਾਮਤੀਰਥ ਸਿੰਘ ਲੀਲਾ, ਗੁਰਮੀਤ ਸਿੰਘ ਜਗਰਾਉਂ, ਅਵਤਾਰ ਸਿੰਘ ਠੇਕੇਦਾਰ ਦਾ ਧੰਨਵਾਦ ਕਰਦਿਆਂ ਆਮ ਲੋਕਾਂ ਤੋਂ ਸਹਿਯੋਗ ਤੋਂ ਮੰਗ ਕੀਤੀ।