ਅਮਲੋਹ/ ਫ਼ਤਹਿਗੜ੍ਹ ਸਾਹਿਬ, 16 ਜੂਨ (ਰਣਜੀਤ ਸਿੱਧਵਾਂ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਵਨੀਤ ਕੌਰ ਨੇ ਨਗਰ ਕੌਂਸਲ, ਅਮਲੋਹ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਅਮਲੋਹ ਵਿਖੇ ਪਾਣੀ ਦੀ ਨਿਕਾਸੀ, ਕੂੜੇ ਦੇ ਪ੍ਰਬੰਧਨ ਤੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਹਨਾਂ ਦਸਿਆ ਕਿ ਜ਼ਿਲ੍ਹੇ ਵਿੱਚੋਂ ਲੰਘਦੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਵੱਡੇ ਪੱਧਰ ਉੱਤੇ ਮੁਕੰਮਲ ਕੀਤਾ ਜਾ ਰਿਹਾ ਹੈ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਆਸਾਨੀ ਨਾਲ ਨਿਕਾਸੀ ਹੋ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਪ੍ਰਮੁੱਖ ਤੇ ਲਿੰਕ ਸੜਕਾਂ 'ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਹ ਸਫ਼ਾਈ ਦੇ ਕੰਮ ਦੀ ਖੁਦ ਨਿਗਰਾਨੀ ਕਰਨ ਅਤੇ ਸਾਰੀਆਂ ਡਰੇਨਾਂ, ਚੋਆਂ ਆਦਿ ਦੀ ਸਫ਼ਾਈ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪਾਉਣ ਵਾਲੇ ਦਰਖ਼ਤਾਂ ਸਬੰਧੀ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇ। ਅਕਸਰ ਡਰੇਨਾਂ ਤੇ ਨਾਲਿਆਂ ਵਿੱਚ ਉਗੀ ਘਾਹ-ਬੂਟੀ ਕਾਰਨ ਪਾਣੀ ਖੜ੍ਹਾ ਹੋ ਜਾਂਦਾ ਹੈ ਜਿਸ ਕਾਰਨ ਪਾਣੀ ਦੀ ਵਹਾਅ ਵਿਚ ਦਿੱਕਤ ਆਉਂਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਰੇ ਪ੍ਰਬੰਧ ਤੈਅ ਸਮੇਂ ਵਿੱਚ ਮੁਕੰਮਲ ਕੀਤੇ ਜਾਣ।