- ਅੰਤਰਰਾਸ਼ਟਰੀ ਯੋਗ ਦਿਵਸ ਮਨਾਉਂਦਿਆਂ ਵੱਖ-ਵੱਖ ਸਮਾਗਮਾਂ ਦੌਰਾਨ ਸੈਂਕੜੇ ਲੋਕਾਂ ਨੇ ਕੀਤਾ ਯੋਗ ਅਭਿਆਸ - ਬ੍ਰਹਮਾ ਕੁਮਾਰੀ ਸੰਸਥਾ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਪੌਦੇ ਵੀ ਲਗਾਏ ਗਏ
ਲੁਧਿਆਣਾ, 21 ਜੂਨ (ਰਣਜੀਤ ਸਿੱਧਵਾਂ) : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਤੋਂ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਹਲਕਾ ਕੇਂਦਰੀ ਤੋਂ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਹੈ। ਅੱਜ ਸਥਾਨਕ ਨਹਿਰੂ ਰੋਜ਼ ਗਾਰਡਨ ਅਤੇ ਗੁਰੂ ਨਾਨਕ ਸਟੇਡੀਅਮ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮਾਂ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਯੁਗਾਂ ਤੋਂ ਯੋਗ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਜੀਵਨ ਦੀ ਪਰੰਪਰਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਤਣਾਅਪੂਰਨ ਜੀਵਨ ਵਿੱਚ ਵੱਖ-ਵੱਖ ਬਿਮਾਰੀਆਂ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ ਤਾਂ ਯੋਗ ਰਾਜ ਮਨੁੱਖ ਨੂੰ ਰੋਗ ਮੁਕਤ ਅਤੇਸਿਹਤਮੰਦ ਬਣਾਉਣ ਵਿੱਚ ਬਹੁਤ ਸਹਾਈ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਪ੍ਰੇਰਿਆ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਕਰਨ ਤਾਂ ਜੋ ਉਹ ਸਿਹਤਮੰਦ ਜੀਵਨ ਦਾ ਲਾਭ ਉਠਾ ਸਕਣ। ਇਸ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਬ੍ਰਹਮਾ ਕੁਮਾਰੀ ਸੰਸਥਾ ਵੱਲੋਂ ਨਸ਼ਿਆਂ ਦੇ ਕੋਹੜ ਤੋਂ ਪਾਸਾ ਵੱਟਣ ਦੇ ਸੁਨੇਹੇ ਵਾਲੇ ਗੁਬਾਰੇ ਛੱਡ ਕੇ ਨਸ਼ਾ ਵਿਰੋਧੀ ਮੁਹਿੰਮ ਵੀ ਚਲਾਈ ਗਈ। ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇਸ ਮੁਹਿੰਮ ਨੂੰ 300 ਪਿੰਡਾਂ ਤੱਕ ਅੱਗੇ ਵਧਾਇਆ ਜਾਵੇਗਾ। ਵਧੇਰੇ ਜਾਣਕਾਰੀ ਦਿੰਦਿਆਂ ਬ੍ਰਹਮਾ ਕੁਮਾਰੀ ਸੰਸਥਾ ਦੇ ਜ਼ਿਲ੍ਹਾ ਇੰਚਾਰਜ ਬੀ.ਕੇ. ਭੈਣ ਸਰਸਵਤੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹਰ ਹਫ਼ਤੇ ਚਾਰ ਰੋਜ਼ਾ ਪ੍ਰੋਗਰਾਮ ਕਰਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਅਤੇ ਇਹ ਪ੍ਰੋਗਰਾਮ ਸਰਕਾਰੀ ਪੁਨਰਵਾਸ ਕੇਂਦਰਾਂ ਵਿੱਚ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੇ ਸਾਂਝੇ ਯਤਨਾਂ ਨਾਲ ਹੀ ਸਮਾਜ ਵਿੱਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਸਮਾਗਮ ਦੌਰਾਨ ਮੁੱਖ ਬੁਲਾਰੇ ਸਾਈਕੋਥੈਰੇਪਿਸਟ, ਅੰਤਰਰਾਸ਼ਟਰੀ ਟ੍ਰੇਨਰ ਡਾ. ਗਿਰੀਸ਼ ਡੀ. ਪਟੇਲ ਨੇ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਗਿਆਨਕ ਦ੍ਰਿਸ਼ਟੀਕੋਣ ਸਾਂਝੇ ਕੀਤੇ ਜਦਕਿ ਇੰਡੀਆਜ਼ ਗੌਟ ਟੈਲੈਂਟ ਪ੍ਰਤੀਯੋਗੀ ਜੇ.ਪੀ. ਡਾਂਸ ਅਕੈਡਮੀ ਨੇ ਨਸ਼ਾ ਏਕ ਸਜਾ ਹੈ ਗੀਤ ਪੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਮੁਕਤੀ ਗਿੱਲ ਅਤੇ ਹੋਰ ਵੀ ਹਾਜ਼ਰ ਸਨ।ਇਹ ਸਮਾਗਮ ਬ੍ਰਹਮਾ ਕੁਮਾਰੀ, ਪਤੰਜਲੀ ਯੋਗ ਸਮਿਤੀ, ਸ਼੍ਰੀ ਵਿਵੇਕਾਨੰਦ ਸਵਰਗ ਆਸ਼ਰਮ ਟਰੱਸਟ, ਆਤਮ ਚੈਨਲ, ਐਵਰੈਸਟ ਇੰਸਟੀਚਿਊਟ ਆਫ ਯੋਗਾ, ਪੰਜਾਬ ਯੋਗਾਸਨਾ ਸਪੋਰਟਸ ਐਸੋਸੀਏਸ਼ਨ, ਪੀ.ਕਿੳ.ਐਮ.ਐਸ. ਯੋਗਾ ਸਰਟੀਫਿਕੇਸ਼ਨ ਬਾਡੀ, ਅਮੋਲ ਲੇਡੀਜ਼ ਕਲੱਬ, ਨਹਿਰੂ ਯੁਵਾ ਕੇਂਦਰ, ਯੋਗਾ ਸੋਸਾਇਟੀ ਆਫ਼ ਪੰਜਾਬ, ਐਸ.ਬੀ.ਐਸ. ਸਿਨੇਟਿਕ ਕਾਲਜ, ਸ਼ਕਤੀ ਨਗਰ ਯੋਗ ਸਮਿਤੀ ਅਤੇ ਹੋਰ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ। ਨਹਿਰੂ ਰੋਜ਼ ਗਾਰਡਨ ਵਿਖੇ ਆਤਮਾ ਚੈਨਲ ਅਤੇ ਆਰਟ ਆਫ਼ ਲਿਵਿੰਗ ਅਤੇ ਗੈਰ ਸਰਕਾਰੀ ਸੰਗਠਨ ਸਿਟੀ ਨੀਡਜ਼ ਵੱਲੋਂ ਇੱਕ ਹੋਰ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਅੱਜ ਦੇ ਸੁ਼ਭ ਦਿਹਾੜੇ ਮੌਕੇ ਵਾਤਾਵਰਣ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਲਈ ਯੋਗਾ ਜ਼ਰੂਰੀ ਹੈ ਇਸ ਲਈ ਸਮਾਜ ਲਈ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਜ਼ਰੂਰੀ ਹੈ ਅਤੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਬਰਸਾਤ ਦੇ ਮੌਸਮ ਦੌਰਾਨ ਲੁਧਿਆਣਾ ਨੂੰ ਹਰਿਆ ਭਰਿਆ ਸ਼ਹਿਰ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ ਦਿੱਤਾ।ਇਸੇ ਤਰ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਲਾਇਨਜ਼ ਭਵਨ ਲੁਧਿਆਣਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹੋਰ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਵਲੰਟੀਅਰਾਂ ਨੇ ਮਾਹਿਰ ਟ੍ਰੇਨਰਾਂ ਦੀ ਅਗਵਾਈ ਹੇਠ ਯੋਗ ਅਭਿਆਸ ਕੀਤਾ।