You are here

ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

- ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਬੱਚਤ ਭਵਨ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

- ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ

ਲੁਧਿਆਣਾ, 29 ਜੂਨ (ਰਣਜੀਤ ਸਿੱਧਵਾਂ) :  ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਚੰਡੀਗੜ੍ਹ (ਐਮ.ਓ.ਈ.ਐਫ. ਅਤੇ ਸੀ.ਸੀ.), ਨਵੀਂ ਦਿੱਲੀ, ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਜੀ.ਐਸ.ਆਰ. 571(ੲ) ਮਿਤੀ 12-08-2021 ਰਾਹੀਂ, 01 ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸਥਾਨਕ ਬੱਚਤ ਭਵਨ, ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਨੀਤਾ ਦਰਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਪੂਨਮ ਪੀ੍ਰਤ ਕੌਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਸ. ਜੀ.ਐਸ.ਗਿੱਲ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਰੋਜ਼ਾਨਾ ਦੇ ਕੰਮਾਂ, ਦਫ਼ਤਰਾਂ ਅਤੇ ਅੰਤਰ-ਵਿਭਾਗੀ ਮੀਟਿੰਗਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ। ਉਨ੍ਹਾ ਸਬੰਧਤ ਸਾਰੇ ਵਿਭਾਗਾਂ ਨੂੰ ਸਿੰਗਲ ਯੂਜ ਪਲਾਸਟਿਕ ਸਬੰਧੀ ਦਿਸ਼ਾ-ਨਿਰਦੇਸ਼ਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ. ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਕੋਤਾਹੀ ਵਰਤੀ ਗਈ ਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਐਨਵਾਇਰਲਮੈਂਟਲ ਇੰਜੀਨੀਅਰ ਸ. ਜੀ.ਐਸ.ਗਿੱਲ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਬਾਰੇ ਭਾਰਤ ਸਰਕਾਰ ਦੇ ਮਹੱਤਵਪੂਰਨ ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਉਨ੍ਹਾਂ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਕਿਸਮ, ਇਸ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੁਆਰਾ ਪਾਬੰਦੀਸ਼ੁਦਾ ਵਸਤੂਆਂ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪਲਾਸਟਿਕ ਸਟਿਕਸ, ਕਟਲਰੀ ਆਈਟਮਾਂ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪੈਕੇਜਿੰਗ/ਰੈਪਿੰਗ ਫਿਲਮਾਂ, 100 ਮਾਈਕਰੋਨ ਤੋਂ ਘੱਟ ਪੀ.ਵੀ.ਸੀ. ਬੈਨਰ ਅਤੇ ਅਜਿਹੀਆਂ ਹੋਰ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ 'ਤੇ 01 ਜੁਲਾਈ, 2022 ਤੋਂ ਐਮ.ਓ.ਈ.ਐਫ. ਅਤੇ ਸੀ.ਸੀ. ਭਾਰਤ ਸਰਕਾਰ ਦੁਆਰਾ ਪਾਬੰਦੀ ਲਗਾਈ ਗਈ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ, ਪੀ.ਪੀ.ਸੀ.ਬੀ. ਦੇ ਕਾਰਜ਼ਕਾਰੀ ਇੰਜੀਨੀਅਰ ਡਾ. ਐਮ.ਐਲ. ਚੌਹਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।