ਜਲ਼ਦੀ ਕਰਾਂਗੇ ਵੱਡਾ ਰੋਸ ਮੁਜ਼ਾਹਰਾ-ਕਿਰਤੀ ਕਿਸਾਨ ਯੂਨੀਅਨ
ਜਗਰਾਉਂ 23 ਅਗਸਤ ( ਮਨਜਿੰਦਰ ਗਿੱਲ ) ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਅਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ ਦੀ ਅਗਵਾਈ ਵਿੱਚ ਧਰਨਾਕਾਰੀਆਂ ਨੇ 154ਵੇਂ ਦਿਨ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਲਈ ਸਥਾਨਕ ਸਿਟੀ ਥਾਣੇ ਮੂਹਰੇ ਰੱਜ਼ ਕੇ ਨਾਹਰੇਬਾਜ਼ੀ ਕੀਤੀ ਅਤੇ ਪੁਲਿਸ ਅਧਿਕਾਰੀਆਂ ਦੇ ਪੱਖਪਾਤੀ ਵਤੀਰੇ ਦੀ ਨਿੰਦਾ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕੇਕੇਯੂ ਦੇ ਆਗੂ ਤਰਲੋਚਨ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ(ਰਜ਼ਿ.) ਦੇ ਪ੍ਰਧਾਨ ਗੁਰਦਿਆਲ਼ ਸਿੰਘ ਤਲਵੰਡੀ ਅਤੇ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ ਨੇ ਪੁਲਿਸ ਅਧਿਕਾਰੀਆਂ ਤੋਂ ਪੁਛਿਆ ਕਿ "ਕੀ ਪੰਜਾਬ ਰਾਜ ਵਿੱਚ ਦੋ ਹਨ?, ਜੇ ਗਲਤੀ ਆਮ ਵਿਅਕਤੀ ਕਰੇ ਤਾਂ ਕਾਨੂੰਨ ਤੁਰੰਤ ਲਾਗੂ ਹੋ ਜਾਂਦਾ ਹੈ ਪਰ ਜੇ ਗਲਤੀ ਕੋਈ ਪੁਲਿਸ ਮੁਲਾਜ਼ਮ ਕਰੇ ਤਾਂ ਕਾਨੂੰਨ ਠੁੱਸ ਕਿਉਂ ਹੋ ਜਾਂਦਾ ਹੈ? ਇੱਕ ਬਿਆਨ 'ਚ ਏਕਤਾ ਭਲਾਈ ਮੰਚ ਦੇ ਚੇਅਰਮੈਨ ਦਰਸ਼ਨ ਸਿੰਘ ਧਾਲੀਵਾਲ ਤੇ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਕਿ 17 ਸਾਲ ਪਹਿਲਾਂ ਗਰੀਬ ਮਾਂ-ਧੀ ਨੂੰ ਅੱਧੀ ਰਾਤ ਨੂੰ ਘਰੋਂ ਚੁੱਕ ਕੇ, ਥਾਣੇ 'ਚ ਨਜ਼ਾਇਜ਼ ਹਿਰਾਸਤ 'ਚ ਰੱਖ ਕੇ, ਨਾਲੇ ਕੁੱਟਿਆ-ਮਾਰਿਆ, ਨਾਲੇ ਬਿਜਲ਼ੀ ਦੇ ਕਰੰਟ ਲਗਾਏ ਗਏ। ਫਰਜ਼ੀ ਬਣੇ ਥਾਣਾਮੁਖੀ ਨੇ ਘਟਨਾ ਨੂੰ ਲਕੋਣ ਲਈ ਹੀ ਪਰਿਵਾਰ ਨੂੰ ਹੀ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਸੀ। ਉਨਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕਰੀਬ ਦਹਾਕੇ ਬਾਦ ਬਰੀ ਹੋਇਆ ਸੀ। ਪਰਿਵਾਰ ਨੇ ਦੱਸਿਆ ਕਿ ਅੱਤਿਆਚਾਰ ਦੀ ਸ਼ਿਕਾਰ ਕੁਲਵੰਤ ਕੌਰ ਦੀ ਮੌਤ ਤੋ ਬਾਦ ਦੋਸ਼ੀਆਂ ਤੇ ਸੰਗੀਨ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਪਰ ਸੰਗੀਨ ਧਾਰਾਵਾਂ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਥਾਣੇਦਾਰ ਅਤੇ ਸਰਪੰਚ ਬਿਨਾਂ ਕਿਸੇ ਜ਼ਮਾਨਤ ਜਾਂ ਅਰੈਸਟ ਵਰੰਟ ਦੇ ਖੁੱਲ੍ਹੇ ਘੁੰਮ ਰਹੇ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਅਧਿਕਾਰੀ ਦੋਸ਼ੀ ਦੀ ਹੈਸੀਅਤ ਦੇਖ ਕੇ ਹੀ ਕਾਨੂੰਨ ਨੂੰ ਅਪਲਾਈ ਕਰਦੇ ਹਨ। ਅੱਜ ਦੇ ਧਰਨੇ ਵਿੱਚ ਵਿਸੇਸ਼ਤੌਰ ਤੇ ਪਹੁੰਚੇ ਸਤਿਕਾਰ ਕਮੇਟੀ ਦੇ ਸਿੰਘਾਂ ਨੇ ਕਿਹਾ ਪੀੜ੍ਹਤਾਂ ਨੂੰ ਹੁਣ ਤੱਕ ਇਨਸਾਫ਼ ਨਾਂ ਮਿਲਣਾ ਮੌਜੂਦਾ ਸਰਕਾਰ ਦੇ ਮੱਥੇ 'ਤੇ ਕਾਲ਼ਾ ਧੱਬਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤਿੱਖਾ ਕਰਕੇ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ। ਇਸ ਸਮੇਂ ਜੱਥੇਦਾਰ ਚੜਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ ਅਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮ੍ਰਿਤਕ ਕੁਲਵੰਤ ਕੌਰ ਪੁਲਿਸ ਦੇ ਤਸੀਹਿਆ ਕਾਰਨ ਨਕਾਰਾ ਹੋ ਕੇ ਲੰਘੀ 10 ਦਸੰਬਰ 2021 ਨੂੰ ਫੌਤ ਹੋ ਗਈ ਸੀ। ਪੁਲਿਸ ਨੇ ਜਗਰਾਉਂ ਥਾਣੇ ਵਿੱਚ ਦੋਸ਼ੀਆਂ ਖਿਲਾਫ਼ ਪਰਚਾ ਤਾਂ ਦਰਜ ਕੀਤਾ ਸੀ ਪਰ ਅਜੇ ਤੱਕ ਗ੍ਰਿਫਤਾਰੀ ਨਹੀਂ ਪਾਈ ਕਿਉਂਕਿ ਉਹ ਪੁਲਿਸ ਅਤੇ ਲੀਡਰਾਂ ਦੇ ਖਾਸ ਕਮਾਊ ਪੁੱਤ ਹਨ। ਮੁਦਈ ਮੁਕੱਦਮਾ ਇਕਬਾਲ ਸਿੰਘ ਨੇ ਕਿਹਾ ਕਿ ਉਸ ਦੇ ਪਰਿਵਾਰ ਨੂੰ ਨਜ਼ਾਇਜ਼ ਹਿਰਾਸਤ 'ਚ ਰੱਖ ਕੇ ਕੁੱਟਮਾਰ ਕਰਨ, ਝੂਠੇ ਕੇਸ ਵਿੱਚ ਫਸਾਉਣ ਸਬੰਧੀ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਦਰਜ ਮੁਕੱਦਮੇ ਦੇ ਦੋੋਸ਼ੀਆਂ ਦੀ ਗ੍ਰਿਫਤਾਰੀ ਨਾਂ ਕਰਨਾ ਸਥਾਪਤ ਕਾਨੂੰਨ ਦੀ ਘੋਰ ਉਲੰਘਣਾ ਹੈ।