You are here

ਵਿਧਾਇਕ ਵੱਲੋਂ ਪਿੰਡ ’ਚੌਹਾਨਕੇ ਖੁਰਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਮਾਨ ਸਰਕਾਰ ਵਲੋਂ ਰਾਜ ਅੰਦਰ ਖੋਲੇ ਆਮ ਆਦਮੀ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ-ਵਿਧਾਇਕ ਪੰਡੋਰੀ
ਮਹਿਲ ਕਲਾਂ 27 ਅਗਸਤ (ਡਾਕਟਰ ਸੁਖਵਿੰਦਰ ਬਾਪਲਾ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਤੇ ਸਰਕਾਰ ਵੱਲੋਂ ਰਾਜ ਅੰਦਰ 100 ਦੇ ਕਰੀਬ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮਾਨ ਸਰਕਾਰ ਦੇ ਉਪਰਾਲੇ ਸਦਕਾ ਰਾਜ ਅੰਦਰ ਪਿੰਡ ਪੱਧਰ ਤੇ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਨਾਲ ਲੋਕ ਵੱਖ ਵੱਖ ਬਿਮਾਰੀਆਂ ਦਾ ਇਲਾਜ ,ਟੈਸਟ ਕਰਵਾਉਣ ਅਤੇ ਮੁਫ਼ਤ ਦਵਾਈਆਂ ਦੋ ਲਾਭ ਲੈ ਸਕਣਗੇ ।ਇਹ ਵਿਚਾਰ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ  ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੌਹਾਨਕੇ ਖੁਰਦ ਵਿਖੇ ਲੋਕਾਂ ਦੀ ਸਿਹਤ ਸਹੂਲਤ  ਲਈ ਨਵੇਂ ਖੋਲ੍ਹੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪਿੰਡ ਪੱਧਰ ਉਪਰ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਪਹਿਲੇ ਪੜਾਅ ਵਿਚ 100 ਆਮ ਆਦਮੀ ਕਲੀਨਿਕ ਖੋਲੇ ਗਏ ਹਨ ਜੋ ਕਿ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ। ਉਨਾਂ ਕਿਹਾ ਕਿ ਸਥਾਨਕ ਪੱਧਰ ’ਤੇ ਅਜਿਹੇ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਫਤ ਮਿਲਣਗੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ ਦੇ ਵਾਅਦੇ ਤੋਂ ਬਾਅਦ ਆਮ ਆਦਮੀ ਕਲੀਨਿਕ ਖੋਲਣ ਦਾ ਵੱਡਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਆਮ ਆਦਮੀ ਕਲੀਨਿਕਾਂ ਵਿਚ ਲੋੜਵੰਦ ਮਰੀਜ਼ਾਂ ਦਾ ਮੈਡੀਕਲ ਸਟਾਫ ਵਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ 75 ਤਰਾਂ ਦੀਆਂ ਮੁਫ਼ਤ ਦਵਾਈਆਂ ਤੇ 41 ਤਰਾਂ ਦੇ ਲੈਬਾਰੇਟਰੀ ਟੈਸਟ ਕੀਤੇ ਜਾਣਗੇ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਮਿਲਣਗੀਆਂ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਫਿਲਹਾਲ ਗਰਮੀਆਂ ਵਿਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।ਉਨ੍ਹਾਂ ਸਮੂਹ ਪਿੰਡਾਂ ਦੇ ਲੋਕਾ ਨੇ ਸਰਬਪੱਖੀ ਵਿਕਾਸ ਅਤੇ ਵਧੇਰੇ ਸਹੂਲਤਾਂ ਲੈਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।  ਇਸ ਮੌਕੇ ਸਰਪੰਚ ਜਸਪਾਲ ਕੌਰ, ਸਾਬਕਾ ਸਰਪੰਚ ਮਹਿੰਦਰ ਸਿੰਘ ਚੌਹਾਨ ਕੇ ਨੇ ਮੁੱਖ ਮਹਿਮਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਜੀ ਆਇਆਂ ਆਖਦਿਆਂ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਬੀ ਈ.ਈ ਕੁਲਜੀਤ ਸਿੰਘ ਵਜੀਦਕੇ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਉਪਰਾਲੇ ਸਦਕਾ ਇਲਾਕੇ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾ ਤੋ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ ।ਇਸ ਮੌਕੇ ਮੁੱਖ ਸਲਾਹਕਾਰ ਦਵਿੰਦਰ ਸਿੰਘ ਧਨੋਆ ਕੁਤਬਾ, ਮੁੱਖ ਸਲਾਹਕਾਰ ਸੁਖਵਿੰਦਰ ਦਾਸ ਕੁਰੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਮਹਿਲ ਖੁਰਦ, ਬਲਾਕ ਸ਼ੇਰਪੁਰ ਦੇ ਪ੍ਰਧਾਨ ਰਮਨਦੀਪ ਸਿੰਘ ਦੀਪੀ, ਪੰਡਤ ਅਮਨਦੀਪ ਮਾਂਗੇਵਾਲ, ਵਿਧਾਇਕ ਦੇ ਪੀ ਏ ਬਿੰਦਰ ਸਿੰਘ ਖਾਲਸਾ, ਕੁਨਾਲ ਸ਼ਰਮਾ ਮਹਿਲਕਲਾਂ ,ਮਨਦੀਪ ਸਿੰਘ ਪੰਡੋਰੀ,  ਪੰਚ ਲਾਭ ਸਿੰਘ, ਪੰਚ ਬਲਵਿੰਦਰ ਸਿੰਘ ਚੌਹਾਨਕੇ ਖੁਰਦ ਤੇ ਸਾਬਕਾ ਪੰਚ ਬਾਰਾਂ ਸਿੰਘ ਤੋਂ ਇਲਾਵਾ ਹੋਰ ਪਿੰਡ‍ ਵਾਸੀ ਹਾਜ਼ਰ ਸਨ।