You are here

ਗੁਰਪ੍ਰਤਾਪ ਸਿੰਘ ਰਿਆੜ ਅਕਾਲੀ ਦਲ (ਟਕਸਾਲੀ) ’ਚ ਸ਼ਾਮਲ

ਚੰਡੀਗੜ੍ਹ, 13 ਫਰਵਰੀ - ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ 26 ਸਾਲਾਂ ਤੋਂ ਜੁੜੇ ਰਹੇ ਗੁਰਪ੍ਰਤਾਪ ਸਿੰਘ ਰਿਆੜ ਅੱਜ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ ਹਨ।
ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ, ਸਾਬਕਾ ਉਪ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ ਤੇ ਮਹਿੰਦਰ ਸਿੰਘ ਹੁਸੈਨਪੁਰ ਨੇ ਸ੍ਰੀ ਰਿਆੜ ਨੂੰ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਲ ਕੀਤਾ। ਸ੍ਰੀ ਰਿਆੜ ਨਾਲ ਚੰਡੀਗੜ੍ਹ ਦੇ ਸਾਬਕਾ ਡਿਪਟੀ ਮੇਅਰ ਮਹਿੰਦਰ ਸਿੰਘ, ਉਜਾਗਰ ਸਿੰਘ ਮੋਹੀ, ਹਰਪਾਲ ਸਿੰਘ ਬਬਲਾ ਆਦਿ ਵੀ ਟਕਸਾਲੀ ਦਲ ਵਿਚ ਸ਼ਾਮਲ ਹੋਏ।
ਦੱਸਣਯੋਗ ਹੈ ਕਿ ਸ੍ਰੀ ਰਿਆੜ ਲੰਮਾਂ ਸਮਾਂ ਬਾਦਲ ਅਕਾਲੀ ਦਲ ਦੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ, ਸੂਬਾ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਚੰਡੀਗੜ੍ਹ ਦੇ ਗੁਰਦੁਆਰਿਆਂ ਦੀ ਤਾਲਮੇਲ ਕਮੇਟੀ ਦੇ ਵੀ ਚੇਅਰਮੈਨ ਹਨ। ਇਸ ਮੌਕੇ ਸ੍ਰੀ ਰਿਆੜ ਨੇ ਐਲਾਨ ਕੀਤਾ ਕਿ ਉਹ 15 ਦਿਨਾਂ ਵਿਚ ਵੱਡਾ ਇਕੱਠ ਕਰਕੇ ਚੰਡੀਗੜ੍ਹ ਵਿਚ ਅਕਾਲੀ ਦਲ ਟਕਸਾਲੀ ਦੀਆਂ ਸਰਗਰਮੀਆਂ ਵਿੱਢ ਦੇਣਗੇ। ਦੱਸਣਯੋਗ ਹੈ ਕਿ ਹੁਣ ਅਕਾਲੀ ਦਲ ਬਾਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਹਨ ਤੇ ਅਕਾਲੀ ਦਲ ਚੰਡੀਗੜ੍ਹ ਵਿਚ ਭਾਜਪਾ ਨਾਲ ਗੱਠਜੋੜ ਕਰਕੇ ਸਾਰੀਆਂ ਚੋਣਾਂ ਲੜਦਾ ਆ ਰਿਹਾ ਹੈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਚੰਡੀਗੜ੍ਹ ਤੋਂ ਲੋਕ ਸਭਾ ਦੀ ਚੋਣ ਲੜਣ ਬਾਰੇ ਫੈਸਲਾ ਨਹੀਂ ਕੀਤਾ। ਉਨ੍ਹਾਂ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਹਾਰ ਤੋਂ ਬਾਅਦ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਹਾਰ ਦੇ ਕਰਨਾਂ ਦੀ ਪੜਚੌਲ ਕਰਨ ਦਾ ਮੁੱਦਾ ਉਠਾਇਆ ਸੀ ਅਤੇ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਹੀ ਹਾਰ ਦੇ ਕਾਰਨ ਦੱਸਣ ਲਈ ਕਿਹਾ ਸੀ। ਸ੍ਰੀ ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਮੀਟਿੰਗ ਵਿਚ ਸਾਫ ਕਿਹਾ ਸੀ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦੀ ‘ਕੰਪਨੀ’ ਦੀਆਂ ਕਥਿਤ ਆਪਹੁੱਦਰੀਆਂ ਕਾਰਨ ਪਾਰਟੀ ਬਦਨਾਮ ਹੋਣ ਕਾਰਨ ਹਾਰੀ ਹੈ। ਸ੍ਰੀ ਬ੍ਰਹਮਪੁਰਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਸੁਖਬੀਰ ਬਾਦਲ ਨੂੰ ਅਸਤੀਫਾ ਦੇਣ ਲਈ ਕਿਹਾ ਸੀ ਤਾਂ ਉਹ (ਸੁਖਬੀਰ) ਭੁੱਬਾਂ ਮਾਰਕੇ ਮੀਟਿੰਗ ਵਿਚੋਂ ਜਾਣ ਲੱਗਾ ਸੀ ਅਤੇ ਉਸ ਨੂੰ ਹੋਰ ਲੀਡਰਾਂ ਨੇ ਫੜ ਕੇ ਬਿਠਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹੀ ਕਥਿਤ ਤੌਰ ’ਤੇ ਤਖਤਾਂ ਦੇ ਜਥੇਦਾਰਾਂ ਨੂੰ ਆਪਣੀ ਕੋਠੀ ਵਿਚ ਬੁਲਾ ਕੇ ਰਾਮ ਰਹੀਮ ਨੂੰ ਬਿਨਾਂ ਮੰਗੇ ਹੀ ਮੁਆਫੀ ਕਰ ਦੇਣ ਲਈ ਮਜਬੂਰ ਕੀਤਾ ਸੀ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਮਾਮਲਿਆਂ ਸਮੇਤ ਬਰਗਾੜੀ ਗੋਲੀ ਕਾਂਡ ਲਈ ਵੀ ਬਾਦਲ ਹੀ ਕਥਿਤ ਤੌਰ ’ਤੇ ਜ਼ਿਮੇਵਾਰ ਹਨ। ਸ੍ਰੀ ਬ੍ਰਹਮਪੁਰਾ ਨੇ ਇਸ ਮੌਕੇ ਬੀਰਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਵੀ ਕੀਤਾ।