--ਐਪ ਵਿੱਚ ਦਰਜ ਘਟਨਾਵਾਂ ਦਾ ਡਿਪਟੀ ਕਮਿਸ਼ਨਰ ਨੇ ਨਿੱਜੀ ਤੌਰ 'ਤੇ ਕੀਤਾ ਨਿਰੀਖਣ
--ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨਾਲ ਹੰਗਾਮੀ ਮੀਟਿੰਗ, ਕਿਹਾ ! ਕਿਸੇ ਵੀ ਅਧਿਕਾਰੀ ਦੀ ਲਾਪਰਵਾਹੀ ਨਹੀਂ ਹੋਵੇਗੀ ਬਰਦਾਸ਼ਤ
--ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਕਾਨੂੰਨੀ ਕਾਰਵਾਈ ਦੇ ਪਾਤਰ ਬਣਨ ਦੀ ਬਿਜਾਇ ਵਾਤਾਵਰਨ ਸ਼ੁੱਧਤਾ ਵਿੱਚ ਪਾਉਣ ਆਪਣਾ ਵੱਡਮੁੱਲਾ ਯੋਗਦਾਨ-ਡਿਪਟੀ ਕਮਿਸ਼ਨਰ
ਮੋਗਾ, 2 ਨਵੰਬਰ (ਕੁਲਦੀਪ ਸਿੰਘ ਦੌਧਰ )ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਬੰਦ ਕਰਨ ਅਤੇ ਇਨ੍ਹਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੀ ਇੱਕ ਹੰਗਾਮੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਜਯੋਤੀ ਬਾਲਾ ਮੱਟੂ, ਉਪ ਮੰਡਲ ਮੈਜਿਸਟ੍ਰੇਟ ਰਾਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਚਾਰੂ ਮਿਤਾ, ਸਹਾਇਕ ਕਮਿਸ਼ਨਰ ਸ੍ਰੀ ਸੁਜਾਵਲ ਜੱਗਾ, ਅਤੇ ਸਮੂਹ ਤਹਿਸੀਲਦਾਰ ਹਾਜ਼ਰ ਸਨ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਲਗਾਈਆਂ ਜਾ ਰਹੀਆਂ ਅੱਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਉੱਪਰ ਨਜ਼ਰ ਰੱਖਣ, ਕਾਰਵਾਈ ਕਰਨ ਲਈ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਫਾਇਰ ਬ੍ਰਿਗੇਡਾਂ ਨੂੰ ਵੀ ਤਾਇਨਾਤ ਕੀਤਾ ਜਾ ਰਿਹਾ ਹੈ, ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਵਿਭਾਗ ਵੀ ਦਿਨ ਰਾਤ ਆਪਣੀ ਕੜੀ ਮਿਹਨਤ ਨਾਲ ਇਸ ਉੱਪਰ ਕੰਮ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਇਸ ਕੰਮ ਵਿੱਚ ਮਨੁੱਖੀ ਸ਼ਕਤੀ ਦਾ ਵਾਧਾ ਕਰਦਿਆਂ ਪੁਲਿਸ ਦੇ ਪੀ.ਸੀ.ਆਰ. ਮੁਲਾਜ਼ਮਾਂ ਨੂੰ ਵੀ ਲਗਾਇਆ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਪੀ.ਸੀ.ਆਰ. ਮੁਲਾਜ਼ਮਾਂ ਦੀ ਤਾਇਨਤੀ ਜ਼ਿਲ੍ਹੇ ਦੇ ਵੱਧ ਤੋਂ ਵੱਧ ਸਥਾਨਾਂ ਜਾਂ ਮੇਨ ਸੜਕਾਂ ਉੱਪਰ ਕਰਨ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਸਿੱਧਾ ਤਹਿਸੀਲਦਾਰ ਨੂੰ ਸੂਚਿਤ ਕਰਨਗੇ ਅਤੇ ਉਹ ਜਲਦੀ ਤੋਂ ਜਲਦੀ ਸਬੰਧਤ ਕਿਸਾਨ ਤੇ ਲੋੜੀਂਦੀ ਕਾਰਵਾਈ ਕਰਨ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਘਟਨਾਵਾਂ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਿਆ ਜਾ ਸਕੇਗਾ ਅਤੇ ਕਾਰਵਾਈ ਵੀ ਜਲਦੀ ਤੋਂ ਜਲਦੀ ਹੋੇਵੇਗੀ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵਾਤਾਵਰਨ ਪੱਖੀ ਮਸ਼ੀਨਾਂ ਸਬਸਸਿਡੀ ਉੱਪਰ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਫਾਇਰ ਸਰਵਿਸਜ਼ ਦਾ ਵੀ ਰੀਵਿਊ ਇਸ ਮੀਟਿੰਗ ਜਰੀਏ ਲਿਆ। ਜ਼ਿਲ੍ਹੇ ਦੇ 45 ਹਾਟਸਪਾਟ ਇਲਾਕਿਆਂ ਵਿੱਚ ਬਾਜ਼ ਅੱਖ ਰੱਖਣ ਦੀ ਗੱਲ ਵੀ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਕਹੀ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਏ.ਟੀ.ਆਰ. ਐਪ ਵਿੱਚ ਦਰਜ ਕੀਤੀਆਂ ਗਈਆਂ ਘਟਨਾਵਾਂ ਦਾ ਨਿੱਜੀ ਤੌਰ ਤੇ ਨਿਰੀਖਣ ਕੀਤਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹੀ ਇਸ ਉੱਪਰ ਕੰਮ ਕਰਨ ਲਈ ਆਦੇਸ਼ ਜਾਰੀ ਕੀਤੇ।
ਅੰਤ ਉਨ੍ਹਾਂ ਹਾਜ਼ਰੀਨ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਕਿ ਇਸ ਕੰਮ ਵਿੱਚ ਕੋਈ ਵੀ ਲਾਪਰਵਾਹੀ ਜਾਂ ਕਾਰਵਾਈ ਵਿੱਚ ਹੋਈ ਦੇਰੀ ਮੁਆਫ਼ੀਯੋਗ ਨਹੀਂ ਹੋਵੇਗੀ ਅਤੇ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਸੂਬੇ ਨੂੰ ਜੀਰੋ ਸਟਬਲ ਬਰਨਿੰਗ ਸੂਬਾ ਬਣਾਉਣ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬਹੁਤ ਹੀ ਗੰਭੀਰ ਹੈ ਇਸੇ ਲਈ ਹੀ ਜਾਗਰੂਕਤਾ ਗਤੀਵਿਧੀਆਂ ਪਿੰਡ ਪਿੰਡ ਚਲਾਈਆਂ ਜਾ ਰਹੀਆਂ ਹਨ ਅਤੇ ਵੱਡੀ ਸਬਸਿਡੀ ਉੱਪਰ ਵੱਡੀ ਮਾਤਰਾ ਵਿੱਚ ਵਾਤਾਵਰਨ ਖੇਤੀਬਾੜੀ ਸੰਦ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ ਇਸ ਲਈ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਕਿਸੇ ਵੀ ਕਾਨੂੰਨੀ ਕਾਰਵਾਈ ਦੇ ਪਾਤਰ ਨਾ ਬਣਨ ਸਗੋਂ ਵਾਤਾਵਰਨ ਸ਼ੁੱਧਤਾ ਵਿੱਚ ਯੋਗਦਾਨ ਪਾਉਣ ਨੂੰ ਆਪਣਾ ਫਰਜ਼ ਸਮਝਣ।