You are here

ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰੇਕ ਨੌਜਵਾਨ ਵੋਟਰ ਜਰੂਰ ਬਣੇ - ਜ਼ਿਲ੍ਹਾ ਚੋਣ ਅਫ਼ਸਰ

 ਕਿਹਾ! ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ, ਮੁਢਲੀ ਪ੍ਰਕਾਸ਼ਨਾ 9 ਨਵੰਬਰ ਨੂੰ

-8 ਅਗਸਤ ਤੱਕ ਨਵੀਂ ਵੋਟ ਬਣਵਾਉਣ, ਕਟਵਾਉਣ ਅਤੇ ਦਰੁਸਤੀ ਕਰਾਉਣ ਦਾ ਸੁਨਹਿਰੀ ਮੌਕਾ

ਮੋਗਾ, 9 ਨਵੰਬਰ (ਕੁਲਦੀਪ ਸਿੰਘ ਦੌਧਰ ) ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਥਾਨਕ ਡੀ ਐੱਮ ਕਾਲਜ ਆਫ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ 18 ਸਾਲ ਦੀ ਉਮਰ ਪੂਰੀ ਕਰਦਿਆਂ ਹੀ ਵੋਟਰ ਜਰੂਰ ਬਣਨ। ਉਹ ਚੋਣ ਕਮਿਸ਼ਨ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਬਣਨ ਦੀ ਮਹੱਤਤਾ ਬਾਰੇ ਜਾਣਕਾਰੀ ਦੇ ਰਹੇ ਸਨ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2023 ਦੇ ਅਧਾਰ `ਤੇ ਵੋਟਰ ਸੂਚੀ ਦੀ ਸਮਰੀ ਰਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 09.11.2022 ਨੂੰ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਨਾਗਰਿਕਾਂ ਦੀ ਉਮਰ ਸਾਲ 2023 ਵਿੱਚ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ ਹੈ, ਆਪਣੀ ਵੋਟ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 09.11.2022 ਤੋਂ 08.12.2022 ਦਾ ਸਮਾਂ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਕੰਮ ਵਾਲੇ ਦਿਨ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਦੇ ਦਫ਼ਤਰ ਦੇ ਵਿੱਚ ਜਾ ਕੇ ਆਪਣੀ ਨਵੀਂ ਵੋਟ ਦਾ ਫਾਰਮ ਨੰਬਰ 6 ਭਰਕੇ ਦਿੱਤਾ ਜਾ ਸਕਦਾ ਹੈ।

ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ `ਤੇ ਮੁਫਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਮੇਂ ਦੌਰਾਨ ਜੇਕਰ ਕਿਸੇ ਵੀ ਵੋਟਰ ਵੱਲੋਂ ਆਪਣੇ ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣੀ ਹੈ ਜਾਂ ਵੋਟ ਕੱਟਵਾਉਣੀ ਹੈ ਤਾਂ ਉਹ ਵੀ ਫਾਰਮ ਭਰਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਨਾਗਰਿਕ ਦੀ ਉਮਰ 01 ਅਪ੍ਰੈਲ, 01 ਜੁਲਾਈ ਜਾਂ 01 ਅਕਤੂਬਰ 2023 ਵਿਚੋਂ ਕਿਸੇ ਵੀ ਮਿਤੀ ਨੂੰ 18 ਸਾਲ ਦੀ ਉਮਰ ਪੂਰੀ ਹੁੰਦੀ ਹੈੈ ਤਾਂ ਉਹ ਨਾਗਰਿਕ ਵੀ ਇਸ ਸਮੇਂ ਦੌਰਾਨ ਫਾਰਮ ਨੰਬਰ 6 ਭਰ ਕੇ ਦੇ ਸਕਦਾ ਹੈ ਅਤੇ ਉਸ ਉਪਰ ਸਬੰਧਤ ਯੋਗਤਾ ਮਿਤੀ ਦੇ ਹਵਾਲੇ ਵਿੱਚ ਸਬੰਧਤ ਤਿਮਾਹੀ ਵਿੱਚ ਵਿਚਾਰ ਅਤੇ ਫੈਸਲਾ ਕੀਤਾ ਜਾਵੇਗਾ।

ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ ਬਣਾਉਣ ਲਈ ਸਪੈਸ਼ਲ ਪਹਿਲਾ ਕੈਂਪ ਮਿਤੀ 19.11.2022 (ਸ਼ਨੀਵਾਰ) ਅਤੇ 20.11.2022 (ਐਤਵਾਰ) ਅਤੇ ਦੂਸਰਾ ਕੈਂਪ ਮਿਤੀ 03.12.2022 (ਸ਼ਨੀਵਾਰ) ਅਤੇ 04.12.2022 (ਐਤਵਾਰ) ਨੂੰ ਲਗਾਇਆ ਜਾ ਰਿਹਾ ਹੈ। ਇਨ੍ਹਾਂ ਮਿਤੀਆਂ ਨੂੰ ਜਿ਼ਲ੍ਹਾ ਮੋਗਾ ਦੇ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਬੈਠ ਕੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਨੂੰ ਕੋਈ ਵੀ ਵਿਅਕਤੀ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫ਼ਸਰ ਪਾਸ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕੱਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ, ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰਬਰ 8 ਭਰ ਕੇ ਦੇ ਸਕਦਾ ਹੈ। ਜਿ਼ਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਸਾਰੇ ਵੋਟਰ ਆਪਣੀ ਵੋਟ ਇੱਕ ਹੀ ਥਾਂ ਤੇ ਬਣਵਾਉਣ, ਜੇਕਰ ਕੋਈ ਵੋਟਰ 2 ਥਾਂ ਤੇ ਆਪਣੀ ਵੋਟ ਬਣਵਾਉਂਦਾ ਹੈ ਤਾਂ ਉਸ ਤੇ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਕਾਲਜ ਪ੍ਰਿੰਸੀਪਲ ਸ਼੍ਰੀਮਤੀ ਆਸ਼ਿਮਾ ਸ਼ਰਮਾ, ਸੁਪਰਡੈਂਟ ਸ਼੍ਰੀ ਪੰਕਜ ਛਾਬੜਾ, ਸਵੀਪ ਇੰਚਾਰਜ ਸ਼੍ਰੀ ਗੁਰਪ੍ਰੀਤ ਘਾਲੀ ਅਤੇ ਹੋਰ ਹਾਜ਼ਰ ਸਨ।