You are here

ਪੰਜਾਬ ਵਿੱਚ ਨਵੇਂ ਅਸਲਾ ਲਾਇਸੈਂਸ ਬਣਾਉਣ ਤੇ ਰੋਕ  

ਪੁਰਾਣੇ ਅਸਲਾ ਲਾਇਸੰਸਾਂ ਦੀ ਵੀ ਹੋਵੇਗੀ ਸਮੀਖਿਆ  

ਚੰਡੀਗੜ੍ਹ, 13 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)  ਬੰਦੂਕ ਸੱਭਿਆਚਾਰ 'ਤੇ ਰੋਕ ਲਗਾਉਣ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਅਸਲਾ ਲਾਇਸੰਸਾਂ ਦੀ ਸਮੀਖਿਆ ਕਰਨ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਨਵਾਂ ਲਾਇਸੈਂਸ ਜਾਰੀ ਨਾ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪ੍ਰਮੁੱਖ ਸਕੱਤਰ ਗ੍ਰਹਿ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਮੈਜਿਸਟਰੇਟਾਂ ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ ਨੂੰ ਇੱਕ ਵਿਸਥਾਰਤ ਪੱਤਰ ਜਾਰੀ ਕਰਕੇ ਸੂਬੇ ਵਿੱਚ ਮੌਜੂਦ ਸਾਰੇ ਅਸਲਾ ਲਾਇਸੰਸਾਂ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਪਿਛਲੇ ਸਮੇਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਲਾਇਸੰਸ ਜਾਰੀ ਕੀਤਾ ਗਿਆ ਸੀ, ਤਾਂ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਜਨਤਕ ਪ੍ਰਦਰਸ਼ਨੀ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਪਾਬੰਦੀ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀ ਲਾਗੂ ਹੋਵੇਗੀ। ਇਸ ਤੋਂ ਇਲਾਵਾ ਬੰਦੂਕ ਸੱਭਿਆਚਾਰ ਨੂੰ ਦਰਸਾਉਂਦੇ ਗੀਤਾਂ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹਾਂ, ਪਾਰਟੀਆਂ ਅਤੇ ਹੋਰ ਥਾਵਾਂ 'ਤੇ ਹਥਿਆਰ ਲੈ ਕੇ ਜਾਣ ਅਤੇ ਇਨ੍ਹਾਂ ਦੇ ਪ੍ਰਦਰਸ਼ਨ 'ਤੇ ਪਾਬੰਦੀ ਲਗਾਈ ਗਈ ਹੈ।