ਚੰਡੀਗੜ੍ਹ, 25 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ ) ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈ ਕੋਰਟ ਨੇ ਬੁੱਧਵਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਇਸ ਮਾਮਲੇ ’ਚ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਨੂਪ ਚਿਤਕਾਰਾ ਨੇ ਬੈਂਸ ਨੂੰ ਰੈਗੂਲਰ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਇਸ ਕੇਸ ਦੇ ਗਵਾਹਾਂ ਤੇ ਪੀੜਤਾਂ ਤੋਂ ਦੂਰ ਰਹਿਣ ਤੇ ਉਨ੍ਹਾਂ ਨੂੰ ਫੋਨ, ਮੈਸੇਜ ਜਾਂ ਕਿਸੇ ਵੀ ਹੋਰ ਸਾਧਨ ਨਾਲ ਸੰਪਰਕ ਨਾ ਕਰਨ ਦੀ ਚਿਤਾਵਨੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਕ ਮਹਿਲਾ ਦੀ ਸ਼ਿਕਾਇਤ ’ਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ 10 ਜੁਲਾਈ ਨੂੰ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕੀਤੇ ਜਾਣ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਦੇ ਟ੍ਰਾਇਲ ’ਚ ਸ਼ਾਮਿਲ ਨਾ ਹੋਣ ’ਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਆਖ਼ਰਕਾਰ ਬੈਂਸ ਨੇ 11 ਜੁਲਾਈ ਨੂੰ ਅਦਾਲਤ ’ਚ ਸਮਰਪਨ ਕਰ ਦਿੱਤਾ ਸੀ। ਇਸ ਮਾਮਲੇ ’ਚ ਸਿਮਰਜੀਤ ਬੈਂਸ ਨੇ ਪਹਿਲਾਂ ਲੁਧਿਆਣਾ ਦੀ ਅਦਾਲਤ ’ਚ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਜਿਹੜੀ 9 ਸਤੰਬਰ ਨੂੰ ਖਾਰਜ ਹੋ ਗਈ ਸੀ। ਲਿਹਾਜ਼ਾ ਹੁਣ ਬੈਂਸ ਨੇ ਇਸ ਮਾਮਲੇ ’ਚ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ। ਜਸਟਿਸ ਅਨੂਪ ਚਿਤਕਾਰਾ ਨੇ ਬੁੱਧਵਾਰ ਨੂੰ ਉਨ੍ਹਾਂ ਦੀ ਇਸ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ।