You are here

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ

ਅਜੀਤਵਾਲ, 28 ਜਨਵਰੀ(ਕੁਲਦੀਪ ਸਿੰਘ ਦੌਧਰ ) ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 158ਵਾਂ ਜਨਮ ਦਿਵਸ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ।  ਇਸ ਮੌਕੇ ਮੁੱਖ ਮਹਿਮਾਨ ਵਜੋਂ ਅਮਨ ਅਰੋੜਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡੀਸੀ ਕੁਲਵੰਤ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ।  ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ 'ਤੇ ਮਾਣ ਹੈ, ਜਿਨ੍ਹਾਂ ਦੇ ਸਿਰ 'ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ।ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ 'ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੇ ਬੁੱਤ 'ਤੇ ਉਨ੍ਹਾਂ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ।