ਚੰਡੀਗੜ੍ਹ, 15 ਫਰਵਰੀ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ’ਤੇ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੁਸ਼ਮਣਾਂ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਵਾਰਤਾ ਦਾ ਵੇਲਾ ਲੰਘ ਚੁੱਕਾ ਹੈ ਤੇ ਪੁਲਵਾਮਾ ਹਮਲੇ ਨੇ ਗੁਆਂਢੀ ਮੁਲਕ ਦੇ ਦੋਹਰੇ ਕਿਰਦਾਰ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਪਾਕਿਸਤਾਨੀ ਫ਼ੌਜ ਅਤੇ ਆਈਐਸਆਈ ਨੂੰ ਪੰਜਾਬ ਵਿੱਚ ਅਜਿਹੀ ਕਿਸੇ ਵੀ ਗਤੀਵਿਧੀ ਵਿਰੁੱਧ ਚਿਤਾਵਨੀ ਦਿੱਤੀ ਹੈ।
ਵਿਧਾਨ ਸਭਾ ਵਿੱਚ ਸਦਨ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਹਮਲੇ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਨੇ ਸਦਨ ਨੂੰ ਉਠਾਉਣ ਦੀ ਮੰਗ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਦੀ ਗੱਲ ਕਰਨ ਦਾ ਵੇਲਾ ਲੰਘ ਚੁੱਕਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਗੁਆਂਢੀ ਮੁਲਕ ਖ਼ਿਲਾਫ਼ ਜਵਾਬੀ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੇ 80ਵੇਂ ਅਤੇ 90ਵੇਂ ਦਹਾਕਿਆਂ ਦੌਰਾਨ ਅਤਿਵਾਦ ਦਾ ਦੌਰ ਹੰਢਾਇਆ ਹੈ ਅਤੇ ਇਸ ਵਿਰੁੱਧ ਸਾਡੀ ਮਜ਼ਬੂਤ ਪੁਲੀਸ ਫੋਰਸ ਡਟ ਕੇ ਲੜੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਦੇ ਸਮਰੱਥ ਹੈ। ਉਨ੍ਹਾਂ ਐਲਾਨ ਕੀਤਾ ਜੇਕਰ ਜਨਰਲ ਬਾਜਵਾ ਅਤੇ ਆਈਐਸਆਈ ਨੇ ਪੰਜਾਬ ਵਿੱਚ ਹੁਣ ਕੋਈ ਕੋਝੀ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਠੋਕਵਾਂ ਜਵਾਬ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣੀ ਚਾਹੀਦੀ ਅਤੇ ਕੇਂਦਰ ਸਰਕਾਰ ਨੂੰ ਇਸ ਹਮਲੇ ਦਾ ਢੁਕਵਾਂ ਜਵਾਬ ਦੇਣਾ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਮਲਾ ਪਾਕਿਸਤਾਨ ਸਰਕਾਰ ਦੇ ਦੂਹਰੇ ਕਿਰਦਾਰ ਦਾ ਪਰਦਾਫਾਸ਼ ਕਰਦਾ ਹੈ। ਮਤੇ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕੀਤਾ ਤੇ ਮਗਰੋਂ ਸਦਨ ਨੂੰ ਪੂਰੇ ਦਿਨ ਲਈ ਉਠਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸਦਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਿੰਦਾ ਬਾਰੇ ਸਦਨ ਦੀ ਅਪੀਲ ਨੂੰ ਰਿਕਾਰਡ ’ਤੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਮਲੇ ਨਾਲ ਖਾਨ ਦਾ ਦੂਹਰਾ ਕਿਰਦਾਰ ਜੱਗ ਜ਼ਾਹਿਰ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਛੋਟਾ ਮਾਮਲਾ ਹੈ ਜਿਸ ਨੂੰ ਪੂਰਾ ਕੀਤਾ ਜਾਵੇਗਾ।
ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਪੁਲਵਾਮਾ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ। ਉਨ੍ਹਾਂ ਕਿਹਾ ਕਿ ਜੇਕਰ ਦੋਵਾਂ ਮੁਲਕਾਂ ਦਰਮਿਆਨ ਅਮਨ-ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਵਧਾਉਣਾ ਹੈ ਤਾਂ ਇਸ ਲਈ ਪਾਕਿਸਤਾਨ ਨੂੰ ਆਪਣੇ ਰਵੱਈਏ ਵਿੱਚ ਤਬਦੀਲੀ ਲਿਆਉਣੀ ਪਵੇਗੀ।