You are here

ਪਨਬਸ/ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮ 20 ਸਤੰਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣਗੇ - ਜਥੇਬੰਦੀ 

ਬੱਸਾਂ ਦਾ ਹੋਵੇਗਾ ਚੱਕਾ ਜਾਮ 
ਲੁਧਿਆਣਾ, 17 ਸਤੰਬਰ (ਟੀ. ਕੇ.) 
 ਪੰਜਾਬ ਰੋਡਵੇਜ਼/ਪਨਬਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ  ਸਕੱਤਰ ਸ਼ਮਸ਼ੇਰ ਸਿੰਘ ਢਿੱਲੋ ਨੇ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਟ੍ਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਜਥੇਬੰਦੀ ਨੂੰ ਅਨੇਕਾਂ ਵਾਰ ਸਮਾਂ ਦੇ ਚੁੱਕੇ ਹਨ, ਪਰ ਜਿਸ ਦਿਨ ਮੀਟਿੰਗ ਹੋਣੀ ਹੁੰਦੀ ਹੈ, ਉਸ ਦਿਨ ਆ ਕੇ ਮੀਟਿੰਗ ਕਰਨ ਤੋਂ ਟਾਲਾ ਵੱਟ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 30 ਫੀਸਦੀ ਵਾਧਾ ਕਰਨ ਅਤੇ ਹਰ ਸਾਲ 5 ਫੀਸਦੀ ਤਨਖਾਹ ਵਿਚ ਵਾਧਾ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਦੀ ਟ੍ਰਾਂਸਪੋਰਟ ਮੰਤਰੀ ਅਤੇ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਮੰਨ ਚੁੱਕੇ ਹਨ, ਪਰ ਉਨ੍ਹਾਂ ਨੂੰ ਅਮਲੀਜਾਮਾ ਨਹੀਂ ਅਪਣਾਇਆ ਜਾ ਰਿਹਾ। ਇਸੇ ਤਰ੍ਹਾਂ ਹੀ ਨੌਕਰੀਓਂ ਕੱਢੇ ਕੱਚੇ ਮੁਲਾਜ਼ਮਾਂ ਨੂੰ ਮੁੜ ਬਹਾਲ ਕਰਨ ਲਈ ਵੀ ਰੱਖੀ ਗਈ ਮੰਗ ਮੰਨੀ ਜਾ ਚੁੱਕੀ ਹੈ, ਨੂੰ ਵੀ ਬਹਾਲ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਜਥੇਬੰਦੀ ਦੇ ਸੰਸਥਾਪਕ ਕਮਲ ਕੁਮਾਰ, ਸੂਬਾ ਜੁਆਇੰਟ ਜਰਨਲ ਸਕੱਤਰ ਜਗਤਾਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ 
 ਅਧਿਕਾਰੀਆਂ ਅਤੇ ਸਰਕਾਰ ਦੇ ਲਾਰਿਆਂ ਤੋਂ ਅੱਕੇ ਮੁਲਾਜ਼ਮਾਂ ਵਲੋਂ ਹੁਣ  20 ਸਤੰਬਰ  ਤੋਂ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦਾ ਬੂਹਾ ਮੱਲਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਮੁਲਾਜਮਾਂ ਵਲੋਂ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ 
ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਰਾਠ, ਸਹਾਇਕ ਕੈਸ਼ੀਅਰ ਰਮਨਦੀਪ ਸਿੰਘ,ਜੁਆਇੰਟ ਸਕੱਤਰ ਜੋਧ ਸਿੰਘ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਨੇ ਵੀ ਸੰਬੋਧਨ ਕੀਤਾ।