You are here

ਵਿਧਾਇਕ ਬੱਗਾ ਨੇ ਮੱਛਰਾਂ ਦੀ ਰੋਕਥਾਮ ਲਈ ਸ਼ਹਿਰ ਵਿੱਚ ਤੇਜ਼ ਕੀਤੀ ਫੌਗਿੰਗ ਮੁਹਿੰਮ ਨੂੰ ਦਿੱਤੀ ਹਰੀ ਝੰਡੀ

ਲੁਧਿਆਣਾ, 08 ਅਕਤੂਬਰ(ਟੀ. ਕੇ.) ਮੱਛਰਾਂ ਦੀ ਰੋਕਥਾਮ ਅਤੇ ਡੇਂਗੂ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਐਤਵਾਰ ਨੂੰ ਬਸਤੀ ਜੋਧੇਵਾਲ ਚੌਂਕ ਤੋਂ ਸ਼ਹਿਰ ਵਿੱਚ ਤੇਜ਼ ਕੀਤੀ ਫੋਗਿੰਗ ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਨਗਰ ਨਿਗਮ ਵੱਲੋਂ ਪਹਿਲਾਂ ਹੀ ਸ਼ਹਿਰ ਭਰ ਵਿੱਚ ਫੌਗਿੰਗ ਮੁਹਿੰਮ  ਚਲਾਈ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਇਸ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।

ਫੌਗਿੰਗ ਡਰਾਈਵ ਹੁਣ ਵਿਭਾਗ ਵੱਲੋਂ ਤਿਆਰ ਕੀਤੇ ਪ੍ਰੋਗਰਾਮ ਅਨੁਸਾਰ ਦਿਨ ਵਿੱਚ ਦੋ ਵਾਰ ਚਲਾਈ ਜਾਵੇਗੀ।

ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਮੁਹਿੰਮ ਚਲਾਉਣ ਲਈ 10 ਵੱਡੀਆਂ ਫੌਗਿੰਗ ਮਸ਼ੀਨਾਂ ਅਤੇ 95 ਛੋਟੀਆਂ ਫੌਗਿੰਗ ਮਸ਼ੀਨਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਹੋਈਆਂ ਹਨ। ਹੁਣ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਖਾਸ ਕਰਕੇ ਉੱਚ ਜੋਖਮ ਵਾਲੇ ਇਲਾਕਿਆਂ ਵਿੱਚ ਦਿਨ ਵਿੱਚ ਦੋ ਵਾਰ ਫੋਗਿੰਗ ਕੀਤੀ ਜਾਵੇਗੀ।

ਜ਼ਿਲ੍ਹਾ ਸਿਹਤ ਵਿਭਾਗ (ਸਿਵਲ ਸਰਜਨ ਦਫ਼ਤਰ) ਵੱਲੋਂ ਉੱਚ ਜੋਖਮ ਵਾਲੇ ਇਲਾਕਿਆਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਉਨ੍ਹਾਂ ਇਲਾਕਿਆਂ ਵਿੱਚ ਫੋਗਿੰਗ ਮੁਹਿੰਮ ਚਲਾਉਣ ਲਈ ਨਗਰ ਨਿਗਮ ਨੂੰ ਵੀ ਸੂਚੀ ਪ੍ਰਦਾਨ ਕੀਤੀ ਗਈ ਹੈ।

ਨਗਰ ਨਿਗਮ ਨੇ ਸ਼ਡਿਊਲ ਤਿਆਰ ਕਰ ਲਿਆ ਹੈ ਅਤੇ ਉੱਚ ਜੋਖਮ ਵਾਲੇ ਇਲਾਕਿਆਂ ਸਮੇਤ ਸ਼ਹਿਰ ਦੇ ਸਾਰੇ 95 ਵਾਰਡਾਂ ਵਿੱਚ ਫੌਗਿੰਗ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ।

ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ, ਸੀ.ਐਸ.ਓ. ਅਸ਼ਵਨੀ ਸਹੋਤਾ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਵਿਧਾਇਕ ਬੱਗਾ ਨੇ ਦੱਸਿਆ ਕਿ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਨਗਰ ਨਿਗਮ ਅਤੇ ਜ਼ਿਲ੍ਹਾ ਸਿਹਤ ਵਿਭਾਗ (ਐਂਟੀ-ਲਾਰਵਾ ਟੀਮ) ਦੀਆਂ ਸਾਂਝੀਆਂ ਟੀਮਾਂ ਵੱਲੋਂ ਵੀ ਸ਼ਹਿਰ ਵਿੱਚ ਲਗਾਤਾਰ  ਨਿਰੀਖਣ ਕੀਤਾ ਜਾ ਰਿਹਾ ਹੈ।

ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਬੰਧਤ ਸਟਾਫ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਭਰ ਵਿੱਚ ਫੋਗਿੰਗ ਮੁਹਿੰਮ ਚਲਾਉਣ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।

ਇਸ ਦੌਰਾਨ ਵਿਧਾਇਕ ਬੱਗਾ ਅਤੇ ਸੰਦੀਪ ਰਿਸ਼ੀ ਨੇ ਸ਼ਹਿਰ ਵਾਸੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਖੜ੍ਹਨ ਤੋਂ ਰੋਕਣ ਕਿਉਂਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ।