ਲੁਧਿਆਣਾ, 08 ਅਕਤੂਬਰ (ਟੀ. ਕੇ. ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਚੌਂਕ ਸਥਿਤ 100 ਫੁੱਟ ਰੋਡ ਤੋਂ ਗੱਜਾ ਜੈਨ ਕਲੋਨੀ ਤੱਕ ਦੇ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਦੱਖਣੀ ਦਾ ਜ਼ਿਕਰ, ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਵਿਧਾਨ ਸਭਾ ਹਲਕਿਆਂ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਸੜਕ ਪਿਛਲੇ ਲੰਮੇਂ ਸਮੇਂ ਤੋਂ ਲੁਧਿਆਣਾ ਦੱਖਣੀ ਦੇ ਪੈਂਡਿੰਗ ਕੰਮਾਂ ਦੇ ਵਿੱਚ ਪਈ ਸੀ ਜਿਸ ਨੂੰ ਹੁਣ ਪਹਿਲ ਦੇ ਆਧਾਰ ਤੇ ਮੁਕੰਮਲ ਕਰਵਾਇਆ ਜਾ ਰਿਹਾ ਹੈ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸੁਵਿਧਾ ਮਿਲੇਗੀ ਅਤੇ ਉਹਨਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਹੋਵੇਗਾ।
ਸੜਕ ਤੇ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਇਹ ਸਾਰੇ ਕੰਮ ਪਿਛਲੀਆਂ ਸਰਕਾਰਾਂ ਦੇ ਵਿੱਚ ਬਕਾਇਆ ਪਏ ਸਨ ਜਿਨਾਂ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਨੁਹਾਰ ਬਦਲਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਸਾਡੀ ਟੀਮ ਦਿਨ ਰਾਤ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਇਸੇ ਕਰਕੇ ਅਸੀਂ ਆਮ ਲੋਕਾਂ ਦੀ ਸੁਵਿਧਾਵਾਂ ਦੇ ਮੁਤਾਬਿਕ ਹੀ ਕੰਮ ਕਰ ਰਹੇ ਹਾਂ।