ਲੁਧਿਆਣਾ, 9 ਅਕਤੂਬਰ (ਟੀ. ਕੇ. ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਵਚਨਬੱਧਤਾ ਤਹਿਤ ਝੋਨੇ ਦੀ ਖਰੀਦ ਸੀਜ਼ਨ 2023-2024 ਦੌਰਾਨ ਹੁਣ ਤੱਕ 80723 ਮੀਟ੍ਰਿਕ ਟਨ ਖਰੀਦ ਅਤੇ 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੱਲ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 80723 ਮੀਟਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਜਦਕਿ 34987 ਮੀਟਰਿਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਮੌਕੇ 'ਤੇ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਸਮੇਂ ਸਿਰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਤੁਰੰਤ ਅਦਾਇਗੀ ਯਕੀਨੀ ਬਣਾਉਣ ਅਤੇ ਰਾਜ ਸਰਕਾਰ ਦੀ ਨੀਤੀ ਅਨੁਸਾਰ ਖਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਲਿਫਟਿੰਗ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਮੰਡੀਆਂ ਵਿੱਚ ਆਉਂਦੇ ਹੀ ਅਨਾਜ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ।