You are here

ਯੋਗ ਨੂੰ ਉਤਸ਼ਾਹਿਤ ਕਰਨ ਲਈ 14 ਅਕਤੂਬਰ ਨੂੰ ਹਾਫ਼ ਮੈਰਾਥਨ ਕਰਵਾਈ ਜਾਵੇਗੀ - ਵਧੀਕ ਡਿਪਟੀ ਕਮਿਸ਼ਨਰ 

ਲੁਧਿਆਣਾ, 10 ਅਕਤੂਬਰ (ਟੀ. ਕੇ. ) - ਸਾਡੇ ਜੀਵਨ ਵਿੱਚ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵਲੋਂ ਮੁੱਖ ਮੰਤਰੀ ਦੀ ਯੋਗਸ਼ਾਲਾ ਪਹਿਲਕਦਮੀ ਤਹਿਤ ਯੋਗਾ ਇੰਸਟ੍ਰਕਟਰਾਂ ਨੂੰ ਇਸ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਲੈ ਸਕਣ।

ਉਨ੍ਹਾਂ ਦੱਸਿਆ ਕਿ ਯੋਗ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਅਕਤੂਬਰ  ਨੂੰ ਹਾਫ਼ ਮੈਰਾਥਨ ਕਰਵਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਸਵੇਰੇ 6:30 ਵਜੇ ਸਿਵਲ ਲਾਈਨਜ਼ ਸਥਿਤ ਨਹਿਰੂ ਰੋਜ਼ ਗਾਰਡਨ ਤੋਂ ਸ਼ੁਰੂ ਹੋ ਕੇ ਹੰਬੜਾਂ ਰੋਡ 'ਤੇ ਸਥਿਤ ਕਾਲੀ ਮਾਤਾ ਮੰਦਰ ਨੇੜੇ ਸਮਾਪਤ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਮੈਰਾਥਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਵੀ ਅਪੀਲ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਕਿਹਾ ਕਿ ਤੰਦਰੁਸਤ ਸਰੀਰ ਅਤੇ ਤੰਦਰੁਸਤ ਦਿਮਾਗ ਲਈ ਯੋਗਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਯੋਗ ਦਾ ਅਭਿਆਸ ਕਰਨਾ ਚਾਹੀਦਾ ਹੈ ਅਤੇ ਕਿਹਾ ਕਿ ਇਹ ਪ੍ਰਾਚੀਨ ਜੀਵਨ ਸ਼ੈਲੀ ਸਾਡੇ ਸਾਰਿਆਂ ਲਈ ਵਰਦਾਨ ਸਿੱਧ ਹੋਵੇਗੀ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਮੁੱਖ ਮੰਤਰੀ ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਤਾਂ ਜੋ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
 ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਦੇ ਹਰ ਕੋਨੇ ਵਿੱਚ ਯੋਗਾ ਇੰਸਟ੍ਰਕਟਰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। 
ਇਸ ਦੌਰਾਨ ਉਨ੍ਹਾਂ ਭਰਤੀ ਹੋਏ ਇੰਸਟ੍ਰਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਪੂਰੇ ਜ਼ਿਲ੍ਹੇ ਵਿੱਚ ਯੋਗਾ ਦੇ ਇਸ ਸੰਦੇਸ਼ ਨੂੰ ਫੈਲਾਉਣ ਤਾਂ ਜੋ ਲੁਧਿਆਣਾ ਵਿੱਚ ਇਸ ਸਮਾਗਮ ਨੂੰ ਲੋਕ ਲਹਿਰ ਬਣਾਇਆ ਜਾ ਸਕੇ।