ਜਗਰਾਉਂ (ਲੁਧਿਆਣਾ), 12 ਅਕਤੂਬਰ (ਟੀ. ਕੇ./ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੇ ਸੀਜ਼ਨ ਦੌਰਾਨ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜਗਰਾਉਂ ਸਬ ਡਵੀਜ਼ਨ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਮਨਜੀਤ ਕੌਰ ਨੇ ਦੱਸਿਆ ਕਿ ਜਗਰਾਉਂ ਸਬ ਡਵੀਜ਼ਨ ਵਿੱਚ ਸਥਿਤ ਸਾਰੇ 16 ਖਰੀਦ ਕੇਂਦਰਾਂ 'ਤੇ ਏਜੰਸੀਆਂ ਵੱਲੋਂ ਕੁੱਲ 35891 ਕੁਇੰਟਲ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਮਜ਼ਦੂਰਾਂ ਦੀ ਸੂਬਾ ਪੱਧਰੀ ਹੜਤਾਲ ਕਾਰਨ ਖਰੀਦ ਮੱਠੀ ਰਫ਼ਤਾਰ ਦਾ ਸਾਹਮਣਾ ਕਰ ਰਹੀ ਹੈ ਪਰ ਹੜਤਾਲ ਖ਼ਤਮ ਹੋਣ ਤੋਂ ਬਾਅਦ ਇਸ ਵਿੱਚ ਤੇਜ਼ੀ ਲਿਆਂਦੀ ਗਈ ਹੈ। ਐਸ.ਡੀ.ਐਮ. ਨੇ ਅੱਗੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਇੱਕ ਵਿਸ਼ਾਲ ਤੰਤਰ ਬਣਾਇਆ ਗਿਆ ਹੈ ਅਤੇ ਕਿਸਾਨਾਂ ਲਈ ਰਿਹਾਇਸ਼ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਇੱਕ ਮੋਬਾਈਲ ਡਿਸਪੈਂਸਰੀ ਸਥਾਪਤ ਕੀਤੀ ਗਈ ਹੈ। ਇਸੇ ਤਰ੍ਹਾਂ ਡੇਂਗੂ ਤੋਂ ਬਚਾਅ ਲਈ ਮੱਛਰ ਭਜਾਉਣ ਵਾਲੀਆਂ ਦਵਾਈਆਂ ਵੀ ਵੰਡੀਆਂ ਗਈਆਂ। ਐਸ.ਡੀ.ਐਮ. ਨੇ ਦੱਸਿਆ ਕਿ ਕਿਸਾਨ ਬਿਨਾਂ ਕਿਸੇ ਝਿਜਕ ਦੇ ਜਗਰਾਉਂ ਦੀਆਂ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆ ਰਹੇ ਹਨ ਜਿੱਥੇ ਉਨ੍ਹਾਂ ਦੀ ਫਸਲ ਦੀ ਖਰੀਦ ਤੇਜ਼ੀ ਨਾਲ ਹੋ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।