You are here

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤੀਸਰੇ ਸਾਰਸ ਮੇਲੇ ਦਾ ਸ਼ਾਨਦਾਰ ਆਗਾਜ਼

ਵੱਖ-ਵੱਖ 23 ਰਾਜਾਂ ਦੇ ਕਾਸ਼ਤਕਾਰ ਆਪਣੇ ਜੌਹਰ ਵਿਖਾਉਣਗੇ - ਡਿਪਟੀ ਕਮਿਸ਼ਨਰ
ਲੁਧਿਆਣਾ, 27 ਅਕਤੂਬਰ (ਟੀ. ਕੇ. ) -
ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ, ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤੀਸਰੇ ਸਾਰਸ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ।

ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਅਫ਼ਸਰ  ਰੁਪਿੰਦਰ ਪਾਲ ਸਿੰਘ ਅਤੇ ਸਹਾਇਕ ਮੇਲਾ ਅਫਸਰ ਸ੍ਰੀ ਨਵਨੀਤ ਜੋਸ਼ੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਸਾਰਸ ਮੇਲੇ ਦੇ ਆਯੋਜਨ ਲਈ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜੋਕਿ ਇਸ ਮੇਲੇ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ 23 ਰਾਜਾਂ ਦੇ ਕਾਸ਼ਤਕਾਰ ਅਤੇ ਰਸੋਈਏ ਆਪਣੇ ਹੁਨਰ ਦਾ ਜੌਹਰ ਵਿਖਾਉਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਦੌਰਾਨ ਇੱਥੇ ਕੁੱਲ 356 ਸਟਾਲ ਲਗਾਏ ਜਾਣਗੇ ਜਿਨ੍ਹਾਂ ਵਿੱਚ ਖਾਣ-ਪੀਣ ਦੇ ਸਟਾਲ, ਕਾਰੀਗਰਾਂ ਦੇ ਸਟਾਲ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਆਮ ਲੋਕਾਂ ਦੇ ਆਉਣ ਲਈ ਸਿਰਫ 10 ਰੁਪਏ ਐਂਟਰੀ ਫੀਸ ਰੱਖੀ ਗਈ ਹੈ ਅਤੇ ਪੂਰੇ ਮੇਲਾ ਗਰਾਉਂਡ ਵਿੱਚ 300 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਭਾਗੀਦਾਰਾਂ ਲਈ ਮੁਫਤ ਭੋਜਨ, ਰਿਹਾਇਸ਼ ਅਤੇ ਸਟਾਲਾਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਜਿੱਥੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਫੀਸ ਤੋਂ ਛੋਟ ਦਿੱਤੀ ਗਈ ਹੈ ਉੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਇਸ ਮੇਲੇ ਦਾ ਮੁਫਤ ਵਿੱਚ ਆਨੰਦ ਮਾਣ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ, ਰਣਜੀਤ ਬਾਵਾ, ਗੁਰਨਾਮ ਭੁੱਲਰ, ਸੁਖਵਿੰਦਰ ਸੁੱਖੀ, ਅਮਰ ਸਹਿੰਬੀ, ਹੁਨਰ ਸਿੱਧੂ, ਜ਼ੋਰਾਵਤ ਵਡਾਲੀ, ਨਿਤਿਨ ਅਤੇ ਹੋਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਦਰਸ਼ਕਾਂ ਦੇ ਮਨੋਰੰਜਨ ਲਈ ਇਸ ਮੈਗਾ ਸਮਾਗਮ ਦੌਰਾਨ ਪੇਸ਼ਕਾਰੀ ਕਰਨਗੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਲੁਧਿਆਣਾ ਜ਼ਿਲ੍ਹਾ ਇਸ ਸਮਾਗਮ ਦੀ ਤੀਸਰੀ ਵਾਰ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਇਹ ਸਮਾਗਮ 2012 ਅਤੇ 2017 ਵਿੱਚ ਹੋਇਆ ਸੀ, ਹੁਣ ਤੀਸਰੀ ਵਾਰ ਲੁਧਿਆਣਾ ਜ਼ਿਲ੍ਹੇ ਦੇ ਵਸਨੀਕ ਇਸ ਮੇਲੇ ਦਾ ਲੁਤਫ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਣਥੱਕ ਯਤਨਾਂ ਸਦਕਾ ਇਹ ਸਾਰਸ ਮੇਲਾ ਸਫਲਾ ਹੋਵੇਗਾ।