You are here

ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਵਿਰੁੱਧ ਵਿੱਢੀ ਮੁਹਿੰਮ 'ਚ ਲਿਆਂਦੀ ਹੋਰ ਤੇਜ਼ੀ, ਵੱਖ-ਵੱਖ ਟੀਮਾਂ ਖੇਤਾਂ ਦੀ ਅੱਗ ਬੁਝਾਉਣ ਲਈ ਮੌਕੇ 'ਤੇ ਡਟੀਆਂ

ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਦੌਰੇ
ਲੁਧਿਆਣਾ, 9 ਨਵੰਬਰ (ਟੀ. ਕੇ. ) -
ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਿੱਥੇ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਖੇਤਾਂ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਸਨ।

ਅਧਿਕਾਰੀਆਂ ਨੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨਾਲ ਮੌਕੇ 'ਤੇ ਪਹੁੰਚ ਕੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਦੇ ਉਪਾਅ ਵਜੋਂ ਅੱਗ 'ਤੇ ਕਾਬੂ ਪਾਇਆ। ਇਸੇ ਤਰ੍ਹਾਂ, ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਈ ਮਾਮਲਿਆਂ ਵਿੱਚ ਵਾਤਾਵਰਨ ਮੁਆਵਜ਼ਾ ਵੀ ਲਗਾਇਆ ਗਿਆ ਸੀ।

ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਇਸ ਪਿਰਤ ਨੂੰ ਨੱਥ ਪਾਉਣ ਲਈ ਬਹੁਪੱਖੀ ਰਣਨੀਤੀ ਅਪਣਾਈ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟ੍ਰੇਟ ਆਪਣੇ ਸਬੰਧਤ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਨਿਯਮਤ ਤੌਰ 'ਤੇ ਖੇਤਾਂ ਦਾ ਦੌਰਾ ਕਰ ਰਹੇ ਹਨ, ਜਦਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਰੁੱਧ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ। ਇਸੇ ਤਰ੍ਹਾਂ ਅਜਿਹੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ ਸਮੁੱਚੇ ਜ਼ਿਲ੍ਹੇ ਵਿੱਚ ਕਲੱਸਟਰ ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਵੀ ਯਕੀਨੀ ਬਣਾਉਣਗੇ।

ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਲੈਣ ਉਪਰੰਤ ਵਿਸ਼ੇਸ਼ ਟੀਮਾਂ ਨੇ ਅੱਜ ਪਿੰਡ ਕਮਾਲਪੁਰ, ਮਲੌਦ, ਅਸੀਨ ਕਲਾਂ, ਸਿੱਧੂਪੁਰ, ਗੋਪਾਲਪੁਰ, ਖੰਨਾ, ਰਾਏਕੋਟ, ਢੈਪਈ, ਰਸੂਲਪੁਰ ਜੰਡੀ, ਰਾਓਵਾਲ, ਮਦਾਰਪੁਰਾ, ਆਸੀ ਕਲਾਂ, ਮੰਡ ਸ਼ੇਰੀਆਂ, ਸੁਧਾਰ, ਰਾਏਕੋਟ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਟੀਮਾਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ ਜਦਕਿ ਇਨਫੋਰਸਮੈਂਟ ਟੀਮਾਂ ਨੇ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਨੇ ਪਿੰਡਾਂ ਵਿੱਚ ਜਨਤਕ ਮੁਨਿਆਦੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਵੀ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਜਿਸਦੇ ਤਹਿਤ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਸਾਂਝੇ ਤੌਰ 'ਤੇ ਮਿਸ਼ਨ 'ਤੇ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੰਬਾਈਨ ਅਪਰੇਟਰਾਂ ਨੂੰ ਵਾਢੀ ਦੇ ਕੰਮ ਨੂੰ ਅੰਜਾਮ ਦੇਣ ਲਈ ਆਪਣੀਆਂ ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਜੋੜਨਾ ਲਾਜ਼ਮੀ ਹੈ ਜਿਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ, ਭਾਰੀ ਜੁਰਮਾਨੇ ਕੀਤੇ ਜਾਣਗੇ ਅਤੇ ਕੰਬਾਈਨਾਂ ਨੂੰ ਜ਼ਬਤ ਕਰਨ ਦੀ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਨੰਬਰਦਾਰਾਂ ਨੂੰ ਸਬੰਧਤ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨ ਅਤੇ ਜੇਕਰ ਕਿਸੇ ਵੀ ਕਿਸਮ ਦਾ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦਾ ਕੰਮ ਸੌਂਪਿਆ ਗਿਆ ਹੈ।