You are here

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੀਆਂ 510 ਮੰਡੀਆਂ 'ਚ ਝੋਨੇ ਦੀ ਖਰੀਦ ਬੰਦ ਕਰਨ ਵਾਲ਼ੀ ਮਾਨ ਸਰਕਾਰ ਦੀ ਸਖ਼ਤ ਨਿਖੇਧੀ

ਬੰਦ ਕੀਤੀਆਂ ਮੰਡੀਆਂ ਤੁਰੰਤ ਚਾਲੂ ਕਰਨ ਦੀ ਮੰਗ

ਚੰਡੀਗੜ੍ਹ 13 ਨਵੰਬਰ  (ਜਨ ਸ਼ਕਤੀ ਨਿਊਜ਼ ਬਿਊਰੋ )  ਪੰਜਾਬ ਦੀਆਂ 510 ਮੰਡੀਆਂ ਕੱਲ੍ਹ ਸ਼ਾਮ 7 ਵਜੇ ਤੋਂ ਬੰਦ ਕਰਨ ਦਾ ਕਿਸਾਨ ਵਿਰੋਧੀ ਫੈਸਲਾ ਕਰਨ ਵਿਰੁੱਧ ਤਿੱਖਾ ਰੋਸ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਆਪ ਪਾਰਟੀ ਦੀ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਇੱਥੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਇਹ ਮੰਡੀਆਂ ਤੁਰੰਤ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਇਸ ਫੈਸਲੇ ਰਾਹੀਂ ਬਿਨਾਂ ਵਜ੍ਹਾ ਸੈਂਕੜੇ ਮੰਡੀਆਂ 'ਚ ਸਰਕਾਰੀ ਖਰੀਦ ਠੱਪ ਕਰਕੇ ਮਾਨ ਸਰਕਾਰ ਖੇਤੀ ਮੰਡੀਆਂ ਨੂੰ ਨਿੱਜੀ ਵਪਾਰੀਆਂ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਮੋਦੀ-ਮਾਰਕਾ ਕਾਲੇ ਖੇਤੀ ਕਾਨੂੰਨਾਂ ਵਾਲੀ ਨੀਤੀ ਲਾਗੂ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਜਬੂਰੀਵੱਸ ਪਰਾਲ਼ੀ ਸਾੜਨ ਵਾਲੇ ਕਿਸਾਨਾਂ ਨੂੰ ਜ਼ਬਰਦਸਤੀ ਰੋਕ ਕੇ ਅਤੇ ਪਹਿਲਾਂ ਬਿਜਲੀ ਲੇਟ ਦੇਣ ਰਾਹੀਂ ਪਛੇਤਾ ਝੋਨਾ ਬੀਜਣ ਲਈ ਮਜਬੂਰ ਕੀਤੇ ਗਏ ਕਿਸਾਨਾਂ ਨੂੰ ਹੁਣ ਮੰਡੀਆਂ ਵਿੱਚ ਰੋਲ਼ ਕੇ ਮਾਨ ਸਰਕਾਰ ਕਣਕ ਦੀ ਬਿਜਾਈ ਹੋਰ ਵੀ ਪਛੇਤੀ ਕਰ ਰਹੀ ਹੈ। ਇਸ ਤਰ੍ਹਾਂ ਕਣਕ ਦਾ ਝਾੜ ਘਟੇਗਾ ਜਿਹੜਾ ਕਰਜ਼-ਵਿੰਨ੍ਹੇ ਕਿਸਾਨਾਂ ਲਈ ਬਹੁਤ ਮਾਰੂ ਸਾਬਤ ਹੋਵੇਗਾ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਵਾਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਮੁੜ ਚਾਲੂ ਨਾ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਜਨਤਕ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਫੌਰੀ ਰੋਸ ਵਜੋਂ ਉਨ੍ਹਾਂ ਵੱਲੋਂ ਜਥੇਬੰਦੀ ਦੇ ਸਥਾਨਕ ਆਗੂਆਂ ਨੂੰ ਮੰਡੀਆਂ 'ਚ ਰੁਲ਼ ਰਹੇ ਕਿਸਾਨਾਂ ਸਮੇਤ ਨੇੜਲੀਆਂ ਹਾਈਵੇ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ।