ਨਵੀਂ ਦਿੱਲੀ 4 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਅੱਜ ਸਰਕਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪਟਿਆਲਾ ਦੇ ਵਿਕਾਸ ਲਈ 5.5 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੀ ਸੰਨ ਫਾਊਂਡੇਸ਼ਨ ਦੀ ਅਗਵਾਈ ਹੇਠ ਉਲੀਕੇ ਗਏ ਉਪਰਾਲਿਆਂ ਦੀ ਰੂਪ ਰੇਖਾ ਦੱਸੀ। ਪਟਿਆਲਾ ਵਿੱਚ ਸਾਕੇਤ-ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨੂੰ ਅਪਗ੍ਰੇਡ ਕਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਾਤਾ ਗਿਆ ਹੈ।ਇਸ ਨਸ਼ਾ ਛੁਡਾਊ ਕੇਂਦਰ ਦੀ ਸਮਰੱਥਾ 30 ਤੋਂ ਵਧਾ ਕੇ 50 ਬਿਸਤਰਿਆਂ ਤੱਕ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਪੁਨਰਵਾਸ ਦੇ ਯਤਨਾਂ ਦੀ ਸਹੂਲਤ ਲਈ ਇੱਕ ਅਤਿ-ਆਧੁਨਿਕ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਰਾਜਿੰਦਰਾ ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਹੁਨਰ ਵਿਕਾਸ ਕੇਂਦਰ ਵੀ ਬਣਾਇਆ ਜਾਵੇਗਾ। ਸ਼੍ਰੀ ਸਾਹਨੀ ਨੇ ਰੈੱਡ ਕਰਾਸ ਦੀ ਇਮਾਰਤ ਦੀ ਅਣਗਹਿਲੀ ਵਾਲੀ ਹਾਲਤ ਦਾ ਵੀ ਨੋਟਿਸ ਲਿਆ ਅਤੇ ਇਸ ਨੂੰ ਇੱਕ ਮਾਡਲ ਹੁਨਰ ਵਿਕਾਸ ਕੇਂਦਰ ਆਫ ਐਕਸੀਲੈਂਸ ਵਿੱਚ ਬਦਲਣ ਲਈ ਲਗਭਗ 2 ਕਰੋੜ ਰੁਪਏ ਅਲਾਟ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਇਸ ਇਮਾਰਤ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ, ਜਿਸ ਨੂੰ ਪਿਛਲੇ ਪ੍ਰਸ਼ਾਸਨ ਵੱਲੋਂ ਅਣਗੌਲਿਆ ਕੀਤਾ ਗਿਆ ਸੀ।
ਕਮਿਊਨਿਟੀ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਕੁੱਲ 1 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚੋਂ 50 ਲੱਖ ਰੁਪਏ ਪਟਿਆਲਾ ਸ਼ਹਿਰੀ ਹਲਕੇ ਵਿੱਚ ਇੱਕ ਕਮਿਊਨਿਟੀ ਸੈਂਟਰ ਲਈ ਅਤੇ 50 ਲੱਖ ਰੁਪਏ ਪਟਿਆਲਾ ਦਿਹਾਤੀ ਖੇਤਰ ਵਿੱਚ ਬਾਬੂ ਸਿੰਘ ਕਲੋਨੀ ਦੇ ਵਿਕਾਸ ਲਈ ਦਿੱਤੇ ਗਏ ਹਨ।
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬੀ ਯੂਨੀਵਰਸਿਟੀ ਦੀ ਲਾਇਬ੍ਰੇਰੀ ਵਿੱਚ ਨਵੇਂ ਰੀਡਿੰਗ ਰੂਮ ਦੀ ਉਸਾਰੀ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ, ਜਿਸ ਨਾਲ ਨੌਂ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਇਸ ਤੋਂ ਇਲਾਵਾ ਤਲਵੰਡੀ ਸਾਬੋ ਇੰਜੀਨੀਅਰਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਪੱਧਰ ਦਾ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ 1.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਯੂਨੀਵਰਸਿਟੀ ਨੇ ਗੁਰੂ ਤੇਗ ਬਹਾਦਰ ਹਾਲ ਦੇ ਨਵੀਨੀਕਰਨ ਲਈ 25 ਲੱਖ ਰੁਪਏ ਅਲਾਟ ਕੀਤੇ ਹਨ ਜਿਸ ਦਾ ਉਦੇਸ਼ ਇਸ ਨੂੰ ਵਿਦਿਆਰਥੀ ਗਤੀਵਿਧੀਆਂ ਲਈ ਇੱਕ ਜੀਵੰਤ ਕੇਂਦਰ ਬਣਾਉਣਾ ਹੈ।
ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ੍ਰ, ਸਾਹਨੀ ਦਾ ਧੰਨਵਾਦ ਕੀਤਾ ਅਤੇ ਉਹਨਾ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਸਤਾਵਿਤ ਪ੍ਰੋਜੈਕਟਾਂ ਨਾਲ ਪਟਿਆਲਾ ਦੇ ਸਮੁਚੇ ਵਿਕਾਸ 'ਤੇ ਪੈਣ ਵਾਲੇ ਪ੍ਰਭਾਵਾਂ ਦਾ ਜ਼ਿਕਰ ਕਿਤਾ। ਉਨ੍ਹਾਂ ਨੇ ਪਟਿਆਲਾ ਦੀ ਭਲਾਈ ਅਤੇ ਤਰੱਕੀ ਨੂੰ ਪਹਿਲ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕਰਦਿਆਂ, ਇੱਕ ਅਜਿਹੇ ਭਵਿੱਖ ਦੀ ਕਲਪਨਾ ਕੀਤੀ ਜਿੱਥੇ ਸ਼ਹਿਰ ਇਸ ਦੇ ਸ਼ਾਸਨ ਅਧੀਨ ਇੱਕ ਮੁਖ ਕੇਂਦਰ ਵਜੋਂ ਉਭਰੇਗਾ।