ਨਵੀਂ ਦਿੱਲੀ 22 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਵਲੋਂ 26 ਫਰਵਰੀ ਨੂੰ ਟਰੈਕਟਰ ਮਾਰਚ ਕੱਢਣ ਅਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਅੰਦੋਲਨ ਸਬੰਧੀ ਇਕ ਤਾਲਮੇਲ ਕਮੇਟੀ ਬਣਾਈ ਜਾਵੇਗੀ। ਕਮੇਟੀ ਅੰਦਰ ਪਹਿਲਾਂ ਅੰਦੋਲਨ ਵਿਚ ਹਿੱਸਾ ਲੈ ਚੁੱਕੇ ਹੀ ਮੈਂਬਰ ਹੋਣਗੇ । ਇਸ ਦੇ ਨਾਲ ਹੀ ਇਕ 6 ਮੈਂਬਰੀ ਕਮੇਟੀ ਜੋਗਿੰਦਰ ਉਗਰਾਹਾਂ, ਬਲਬੀਰ ਰਾਜੇਵਾਲ, ਦਰਸ਼ਨਪਾਲ, ਹਨਨ ਮੋਲਾ, ਰਮਿੰਦਰ ਜੀਤ ਪਟਿਆਲਾ ਦੀ ਬਣਾਈ ਗਈ ਹੈ ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਪੂਰੇ ਦੇਸ਼ ਅੰਦਰ 26 ਫਰਵਰੀ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਜਿਸ ਅੰਦਰ ਦਿੱਲੀ ਹਾਈਵੇਅ, ਨੈਸ਼ਨਲ ਹਾਈਵੇ ਅਤੇ ਪੂਰੇ ਦੇਸ਼ ਦੇ ਰਾਜ ਮਾਰਗਾਂ 'ਤੇ ਟਰੈਕਟਰ ਮਾਰਚ ਕੀਤੇ ਜਾਣਗੇ । ਦਿੱਲੀ ਹਾਈਵੇਅ ਵਾਲਾ ਟਰੈਕਟਰ ਮਾਰਚ ਅੰਮ੍ਰਿਤਸਰ ਤੋਂ ਪੰਜਾਬ ਦੇ ਸ਼ੰਭੂ ਬਾਰਡਰ ਤੱਕ ਹੋਵੇਗਾ। ਇਸ ਤੋਂ ਬਾਅਦ ਦਿੱਲੀ ਦੇ ਰਾਮ ਲੀਲਾ ਮੈਦਾਨ 'ਚ 14 ਮਾਰਚ ਨੂੰ ਮਹਾਪੰਚਾਇਤ ਹੋਵੇਗੀ। ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ ਯੂਨੀਅਨਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕਣਗੀਆਂ। ਬਲਬੀਰ ਸਿੰਘ ਰਾਜੇਵਾਲ ਵਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ 1 ਕਰੋੜ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਪੁਲੀਸ ਦੇ ਉਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਜਿਨ੍ਹਾਂ ਨੇ ਖਨੌਰੀ ਸਰਹੱਦ ’ਤੇ ਕਿਸਾਨਾਂ ਦੇ ਕਈ ਟਰੈਕਟਰਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀ ਸੈਕਟਰ ਨੂੰ ਡਬਲਯੂ.ਟੀ.ਓ. ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਦਸਿਆ ਕਿ ਭਲਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਤੇ ਹੋ ਰਹੇ ਜ਼ੁਲਮ ਅਤੇ ਮੰਗਾ ਨਾ ਮੰਨੇ ਜਾਣ ਕਰਕੇ ਦੇਸ਼ ਅੰਦਰ ਕਾਲਾ ਦਿਵਸ ਮਨਾਇਆ ਜਾਵੇਗਾ।