ਲੁਧਿਆਣਾ, 15 ਮਾਰਚ(ਟੀ. ਕੇ.) ਬਾਗਬਾਨੀ/ਸਿੰਚਾਈ ਦੇ ਉਦੇਸ਼ਾਂ ਲਈ ਟ੍ਰੀਟ ਕੀਤੇ ਗਏ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਕਰਨ ਦੀ ਆਪਣੀ ਕਿਸਮ ਦੇ ਪਹਿਲੇ ਪ੍ਰੋਜੈਕਟ ਦੇ ਤਹਿਤ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ੁੱਕਰਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਨੇੜੇ ਲਈਯਰ ਵੈਲੀ ਵਿੱਚ 40-ਕੇ.ਐਲ.ਡੀ ਕੁਦਰਤ ਅਧਾਰਤ ਵੇਸਟ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਇਹ ਪ੍ਰੋਜੈਕਟ ਨਗਰ ਨਿਗਮ ਲੁਧਿਆਣਾ ਅਤੇ ਕੋਟਕ ਮਹਿੰਦਰਾ ਬੈਂਕ ਲਿਮਟਿਡ ਦੀ ਸਾਂਝੀ ਪਹਿਲਕਦਮੀ ਹੈ ਅਤੇ ਇਹ ਪਲਾਂਟ ਹੁਣ ਬੈਂਕ ਦੁਆਰਾ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਗਤੀਵਿਧੀ ਵਜੋਂ ਸਥਾਪਿਤ ਕੀਤਾ ਜਾ ਰਿਹਾ ਹੈ।
ਸੀਵਰੇਜ ਦੇ ਪਾਣੀ ਨੂੰ ਟ੍ਰੀਟ ਕਰਨ ਲਈ ਪ੍ਰੋਜੈਕਟ ਦੇ ਤਹਿਤ ਇੱਕ ਭੂਮੀਗਤ ਵਿਕੇਂਦਰੀਕ੍ਰਿਤ ਵੇਸਟ ਵਾਟਰ ਟ੍ਰੀਟਮੈਂਟ ਸਿਸਟਮ (ਡੀ.ਈ.ਡਬਲਯੂ.ਏ.ਟੀ.ਐਸ) ਸਥਾਪਿਤ ਕੀਤਾ ਜਾਵੇਗਾ ਅਤੇ ਟ੍ਰੀਟ ਕੀਤੇ ਗਏ ਪਾਣੀ ਦੀ ਵਰਤੋਂ ਸਿੱਧਵਾਂ ਕੈਨਾਲ ਵਾਟਰਫਰੰਟ ਪ੍ਰੋਜੈਕਟ, ਲਈਯਰ ਵੈਲੀ ਅਤੇ ਹੋਰ ਨੇੜਲੇ ਪਾਰਕਾਂ ਵਿੱਚ ਬਾਗਬਾਨੀ ਦੇ ਉਦੇਸ਼ਾਂ ਲਈ ਕੀਤੀ ਜਾਵੇਗੀ। ਪਲਾਂਟ ਦੀ ਸਥਾਪਨਾ ਤੋਂ ਬਾਅਦ, ਬੈਂਕ ਦੋ ਸਾਲਾਂ ਲਈ ਪ੍ਰੋਜੈਕਟ ਦਾ ਰੱਖ-ਰਖਾਅ ਵੀ ਕਰੇਗਾ।
ਉਦਘਾਟਨੀ ਸਮਾਰੋਹ ਦੌਰਾਨ ਕੋਟਕ ਮਹਿੰਦਰਾ ਬੈਂਕ ਦੇ ਨੁਮਾਇੰਦੇ ਵੀ ਮੌਜੂਦ ਸਨ।
ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦਾ ਧਿਆਨ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਹੈ। ਪੱਛਮੀ ਹਲਕੇ ਵਿੱਚ ਹਰਿਆਵਲ ਫੈਲਾਉਣ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਕਈ ਗਰੀਨ ਬੈਲਟਾਂ/ਪਾਰਕਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ।
ਵਿਧਾਇਕ ਗੋਗੀ ਨੇ ਸੀ.ਐਸ.ਆਰ ਗਤੀਵਿਧੀ ਦੇ ਤਹਿਤ ਪ੍ਰੋਜੈਕਟ ਸ਼ੁਰੂ ਕਰਨ ਲਈ ਕੋਟਕ ਮਹਿੰਦਰਾ ਬੈਂਕ ਦੀ ਵੀ ਸ਼ਲਾਘਾ ਕੀਤੀ।
ਵਿਧਾਇਕ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਾਰਪੋਰੇਟ ਘਰਾਣਿਆਂ ਨੂੰ ਅੱਗੇ ਵਧਣ ਅਤੇ ਆਪਣੇ ਆਲੇ-ਦੁਆਲੇ ਪਾਰਕਾਂ ਅਤੇ ਗਰੀਨ ਬੈਲਟਾਂ ਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ।