You are here

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਈ.ਵੀ.ਐਮ. ਪ੍ਰਦਰਸ਼ਨੀ ਬੂਥ ਸਥਾਪਿਤ

*ਵੋਟਰਾਂ ਦੀ ਵੱਡੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਦਸਤਖਤ ਮੁਹਿੰਮ ਦਾ ਵੀ ਆਗਾਜ਼

ਲੁਧਿਆਣਾ, 15 ਮਾਰਚ (ਟੀ. ਕੇ. ) - ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਵੱਲੋਂ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਅਤੇ ਪੰਜਾਬੀ ਗਾਇਕ ਵੀਤ ਬਲਜੀਤ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਪ੍ਰਦਰਸ਼ਨੀ ਬੂਥ ਦਾ ਉਦਘਾਟਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਵੋਟਰਾਂ ਨੂੰ ਚੋਣਾਂ ਵਿੱਚ ਵਰਤੀਆਂ ਜਾਂਦੀਆਂ ਈ.ਵੀ.ਐਮ/ਵੀ.ਵੀ. ਪੈਟ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ।

ਆਗਾਮੀ ਆਮ ਚੋਣਾਂ ਲਈ ਵੋਟਰਾਂ ਤੋਂ ਸਮਰਥਨ ਮੰਗਣ ਲਈ ਦਸਤਖਤ ਮੁਹਿੰਮ ਵੀ ਸ਼ੁਰੂ ਕੀਤੀ ਗਈ। ਮੇਜਰ ਅਮਿਤ ਸਰੀਨ ਨੇ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਸ ਮੁਹਿੰਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਵੋਟਿੰਗ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਇਸ ਪ੍ਰਕਿਰਿਆ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ (ਸਵੀਪ) ਅਧੀਨ ਆਉਂਦਾ ਹੈ, ਜਿਸ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਹੋਰ ਸਮਾਗਮ ਕਰਵਾਏ ਜਾਣਗੇ ਤਾਂ ਜੋ ਨਿਰਪੱਖ ਅਤੇ ਆਜ਼ਾਦ ਵੋਟਿੰਗ ਦਾ ਸੁਨੇਹਾ ਜ਼ਿਲ੍ਹੇ ਦੇ ਕੋਨੇ-ਕੋਨੇ ਤੱਕ ਪਹੁੰਚ ਸਕੇ। ਨੌਜਵਾਨਾਂ ਦੀ ਸਹੂਲਤ ਲਈ, ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਹੈ, ਜਿਸਦੀ ਵਰਤੋਂ ਉਹ ਵੋਟਰ ਰਜਿਸਟ੍ਰੇਸ਼ਨ ਅਪਲਾਈ ਕਰਨ ਲਈ ਕਰ ਸਕਦੇ ਹਨ। ਚਾਹਵਾਨ ਵਿਅਕਤੀ ਨਵੇਂ ਵੋਟਰ ਵਜੋਂ ਰਜਿਸਟਰ ਕਰਨ ਲਈ ਵੈਬਸਾਈਟ www.nvsp.in 'ਤੇ ਜਾ ਸਕਦੇ ਹਨ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੇ ਕੰਮਕਾਜ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕਰਨ ਲਈ ਈ.ਵੀ.ਐਮ. ਪ੍ਰਦਰਸ਼ਨੀ ਬੂਥਾਂ ਦਾ ਦੌਰਾ ਕਰਨ।

ਪੰਜਾਬੀ ਗਾਇਕ ਵੀਤ ਬਲਜੀਤ, ਜੋ ਕਿ ਜ਼ਿਲ੍ਹਾ ਸਵੀਪ ਅੰਬੈਸਡਰ ਵੀ ਹਨ, ਨੇ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਨੌਜਵਾਨ ਵੋਟਰਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਇਸ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।