ਭੱਟ ਸਾਹਿਬਾਨ ਦੀ ਬਾਣੀ ਸਾਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਤੇ ਸਮਰਪਣ ਭਾਵ ਦਿ੍ੜ੍ਹ ਕਰਵਾਉਂਦੀ ਹੈ- ਭਾਈ ਲੌਗੋਵਾਲ
ਅੰਮਿ੍ਤਸਰ, ਸਤੰਬਰ 2019 - ( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ )-
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਿਲ ਹੋਈਆਂ । ਅਖੰਡ ਪਾਠ ਦੇ ਭੋਗ ਤੇ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਉਪ੍ਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਲੌਗੋਵਾਲ ਨੇ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਚੰਗੀ ਜੀਵਨ-ਜਾਚ ਦਾ ਸੁਨੇਹਾ ਦਿੰਦਿਆਂ ਸਾਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦਿ੍ੜ੍ਹ ਕਰਵਾਉਂਦੀ ਹੈ । ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧ 'ਚ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕਰਦਿਆਂ ਭਾਟ ਸਿੱਖ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ । ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਣ ਲਈ ਵਿਸ਼ੇਸ਼ ਮਹੱਤਵ ਰੱਖਦੇ ਹਨ । ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ । ਇਸ ਮੌਕੇ ਭਾਟ ਸਿੱਖ ਵੈੱਲਫ਼ੇਅਰ ਆਰਗੇਨਾਈਜ਼ੇਸ਼ਨ ਯੂ.ਕੇ. ਅਤੇ ਇਸ ਨਾਲ ਸਬੰਧਿਤ ਹੋਰ ਸੁਸਾਇਟੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਗਿਆਨੀ ਅਮਰੀਕ ਸਿੰਘ ਰਾਠੌਰ ਮਾਨਚੈਸਟਰ ਜੀ ਨੇ ਸਮੂਹ ਦੇਸ਼ਾਂ ਵਦੇਸਾਂ ਵਿਚ ਵਸਦੀ ਭਾਟ ਸੰਗਤਾਂ ਅਤੇ ਸਮੂਹ ਸਿੱਖ ਜਗਤ ਨੂੰ ਵਧੀਆ ਦਿੱਤੀਆਂ। ਮੌਕੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਜਥੇਦਾਰ ਪ੍ਰੋ ਮਨਜੀਤ ਸਿੰਘ ਜੀ ਸ਼੍ਰੀ ਕੇਸਗੜ੍ਹ ਸਾਹਿਬ,ਜਰਨੈਲ ਸਿੰਘ ਕਰਤਾਰਪੁਰ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਬਲਦੇਵ ਸਿੰਘ ਚੂੰਘਾਂ, ਡਾ. ਰੂਪ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਭਾਟ ਸਿੱਖ ਆਰਗੇਨਾਈਜ਼ੇਸ਼ਨ ਯੂ.ਕੇ. ਵੱਲੋਂ ਅਮਰੀਕ ਸਿੰਘ ਰਠੌਰ, ਮਹਿੰਦਰ ਸਿੰਘ ਰਠੌਰ, ਪ੍ਰਿਤਪਾਲ ਸਿੰਘ ਲੋਹੀਆਂ, ਬੀਬੀ ਰਜਿੰਦਰ ਕੌਰ, ਬੀਬੀ ਤੇਜਿੰਦਰ ਕੌਰ ਸਮੇਤ ਹੋਰ ਸੰਗਤਾਂ ਹਾਜਰ ਸਨ।