You are here

ਪੰਜਾਬ ਸਰਕਾਰ ਦੀਆਂ ਤਾਕਤਾਂ ਅਫਸਰਸ਼ਾਹੀ ਦੇ ਹੱਥਾਂ ਵਿਚੋਂ ਲੈ ਕੇ ਪਾਰਟੀ ਵਰਕਰਾਂ ਨੂੰ ਸੌਂਪੀਆਂ ਜਾਣਗੀਆਂ- ਜਾਖੜ

ਜਦੋਂ ਪਾਰਟੀ ਨੂੰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਲੋੜ ਹੋਈ ਤਾਂ ਉਨ੍ਹਾਂ ਨੂੰ ਸੱਦ ਲਵਾਂਗੇ-ਆਸ਼ਾ ਕੁਮਾਰੀ

ਪੰਜਾਬ ਕਾਂਗਰਸ ਦੀ ਮੀਟਿੰਗ ਵਿਚ ਉਨ੍ਹਾਂ ਸਮੇਤ 3 ਰਾਜ ਸਭਾ ਮੈਂਬਰਾਂ ਨੂੰ ਨਾ ਬੁਲਾ ਕੇ ਗਲਤ ਰੀਤ ਪਾਈ ਜਾ ਰਹੀ ਹੈ-ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ,ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ)- 

ਪੰਜਾਬ ਕਾਂਗਰਸ ਦੀ ਅੱਜ ਮੁੜ ਕਮਾਨ ਸੰਭਾਲਨ ਮੌਕੇ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਤਾਕਤਾਂ ਅਫਸਰਸ਼ਾਹੀ ਦੇ ਹੱਥਾਂ ਵਿਚੋਂ ਲੈ ਕੇ ਪਾਰਟੀ ਵਰਕਰਾਂ ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਾਂ ਰਾਹੀਂ ਕਾਂਗਰਸ ਦੀ ਸਰਕਾਰ ਬਣਾਉਣ ਵਾਲੇ ਪਾਰਟੀ ਵਰਕਰ ਹੀ ਆਮ ਲੋਕਾਂ ਅੱਗੇ ਜੁਆਬਦੇਹ ਹੁੰਦੇ ਹਨ ਅਤੇ ਸਰਕਾਰ ਦੀ ਤਾਕਤ ਉਨ੍ਹਾਂ ਦੇ ਹੱਥਾਂ ਵਿੱਚ ਦੇਣ ਨਾਲ ਹੀ ਸਰਕਾਰੀ ਕਾਰਗੁਜ਼ਾਰੀ ਬਿਹਤਰ ਹੋ ਸਕਦੀ ਹੈ। ਸ੍ਰੀ ਜਾਖੜ ਅੱਜ ਇਥੇ ਕਾਂਗਰਸ ਭਵਨ ਵਿੱਚ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਸਮੂਹ ਅਹੁਦੇਦਾਰਾਂ ਆਦਿ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ
ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਜਾਖੜ ਨੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਹਾਜ਼ਰੀ ਵਿੱਚ ਕਿਹਾ ਕਿ ਪਾਰਟੀ ਦੇ 6 ਵਿਧਾਇਕਾਂ ਨੂੰ ਸਰਕਾਰ ਵਿੱਚ ਸਲਾਹਕਾਰ ਨਿਯੁਕਤ ਕਰਨ ਪਿਛਲਾ ਅਸਲ ਮੰਤਵ ਪਾਰਟੀ ਵਰਕਰਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਿਹੜੀ ਸਲਾਹ ਲੋਕਾਂ ਵਿੱਚ ਵਿਚਰ ਕੇ ਅਤੇ ਲੰਮੇ ਸੰਘਰਸ਼ ਕਰ ਕੇ ਬਣੇ ਵਿਧਾਇਕ ਦੇ ਸਕਦੇ ਹਨ, ਉਹ ਅਫਸਰਸ਼ਾਹੀ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਅਫਸਰਸ਼ਾਹੀ ਨੂੰ ਲੋਕਾਂ ਪ੍ਰਤੀ ਜੁਆਬਦੇਹ ਬਣਾਇਆ ਜਾਵੇਗਾ। ਪਾਰਟੀ ਪ੍ਰਧਾਨ ਨੇ ਕਿਹਾ ਕਿ ਭਾਵੇਂ ਉਹ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਕੀਤੇ ਵਰਤਾਓ ਤੋਂ ਸਹਿਮਤ ਨਹੀਂ ਹਨ, ਪਰ ਉਹ ਇਸ ਗੱਲ ਦੇ ਧਾਰਨੀ ਹਨ ਕਿ ਅਫ਼ਸਰਾਂ ਨੂੰ ਲੋਕਾਂ ਨਾਲ ਉਨ੍ਹਾਂ ਦੇ ਸੇਵਕਾਂ ਵਾਂਗ ਪੇਸ਼ ਆਉਣਾ ਚਾਹੀਦਾ ਹੈ। ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਦੀ ਅੱਜ ਹੋਈ ਮੀਟਿੰਗ ਵਿਚ ਵੀ ਕਈ ਆਗੂਆਂ ਨੇ ਆਪਣੀ ਹੀ ਸਰਕਾਰ ਵਿੱਚ ਪਾਰਟੀ ਵਰਕਰਾਂ ਦੀ ਕੋਈ ਸੁਣਵਾਈ ਨਾ ਹੋਣ ਨੂੰ ਲੈ ਕੇ ਰੋਸ ਜਤਾਇਆ। ਸ੍ਰੀ ਜਾਖੜ ਨੇ ਸੰਕੇਤ ਦਿੱਤਾ ਕਿ ਆਸ਼ਾ ਕੁਮਾਰੀ ਨਾਲ ਸਲਾਹ ਮਸ਼ਵਰੇ ਮਗਰੋਂ ਜਲਦੀ ਹੀ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿਚ ਤਬਦੀਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰੋਗਰਾਮ ਲਾਗੂ ਕਰਨ, ਮੈਂਬਰਸ਼ਿਪ ਮੁਹਿੰਮ ਚਲਾਉਣ ਅਤੇ ਲਾਮਬੰਦੀ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਆਸ਼ਾ ਕੁਮਾਰੀ ਨੇ ਸਾਫ਼ ਕਰ ਦਿੱਤਾ ਕਿ ਸ੍ਰੀ ਜਾਖੜ ਪੰਜਾਬ ਵਿਧਾਨ ਸਭਾ ਦੀ ਜ਼ਿਮਨੀ ਚੋਣ ਨਹੀਂ ਲੜਨਗੇ। ਉਨ੍ਹਾਂ ਦੱਸਿਆ ਕਿ ਚੋਣ ਲੜਨ ਬਾਰੇ ਪਾਰਟੀ ਨੇ ਸ੍ਰੀ ਜਾਖੜ ਨੂੰ ਪੁੱਛਿਆ ਸੀ, ਪਰ ਉਨ੍ਹਾਂ ਨਾਂਹ ਕਰ ਦਿੱਤੀ। ਸ੍ਰੀ ਜਾਖੜ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦੇਸ਼ ਵਿਚ ਪੈਦਾ ਕੀਤੀ ਚਿੰਤਾਜਨਕ ਅਰਥਵਿਵਸਥਾ ਵਿਰੁੱਧ ਸੜਕਾਂ ’ਤੇ ਨਿਕਲਿਆ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਦੀ ਮੈਂਬਰਸ਼ਿਪ ਵਿਆਪਕ ਪੱਧਰ ’ਤੇ ਕੀਤੀ ਜਾਵੇਗੀ ਅਤੇ ਵਰਕਰਾਂ ਲਈ ਸਿਖਲਾਈ ਪ੍ਰੋਗਰਾਮ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਨਾਲ ਇਕ ਹੋਰ ਮੀਟਿੰਗ ਕਰ ਕੇ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਦੀ ਮੁਹਿੰਮ ਚਲਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਹਰੇਕ ਸਲਾਹ ਨੂੰ ਬੜੇ ਗੌਰ ਨਾਲ ਘੋਖਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਡਰੱਗ ਆਦਿ ਮੁੱਦਿਆਂ ਉਪਰ ਠੋਸ ਕੰਮ ਕਰ ਰਹੀ ਹੈ।

 

ਪਾਰਟੀ ਦੀ ਇੰਚਾਰਜ ਆਸ਼ਾ ਕੁਮਾਰੀ ਨੂੰ ਜਦੋਂ ਪੁੱਛਿਆ ਕਿ ਨਾਰਾਜ਼ ਚੱਲ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੀ ਮੁੜ ਮਨਾਉਣ ਦੇ ਯਤਨ ਕੀਤੇ ਜਾਣਗੇ ਤਾਂ ਅੱਗੋਂ ਉਨ੍ਹਾਂ ਕਿਹਾ ਕਿ ਉਸ ਨਾਲ ਕੀ ਗੱਲ ਕਰੀਏ ਕਿਉਂਕਿ ਬਤੌਰ ਵਿਧਾਇਕ ਉਹ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਨੂੰ ਉਨ੍ਹਾਂ ਦੀ ਲੋੜ ਹੋਈ ਤਾਂ ਉਨ੍ਹਾਂ ਨੂੰ ਸੱਦ ਲਵਾਂਗੇ।

 

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਪੰਜਾਬ ਕਾਂਗਰਸ ਦੀ ਮੀਟਿੰਗ ਵਿਚ ਉਨ੍ਹਾਂ ਸਮੇਤ 3 ਰਾਜ ਸਭਾ ਮੈਂਬਰਾਂ ਨੂੰ ਨਾ ਬੁਲਾ ਕੇ ਗਲਤ ਰੀਤ ਪਾਈ ਜਾ ਰਹੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਨਹੀਂ ਦਿੱਤਾ ਗਿਆ ਉੱਥੇ ਪਾਰਟੀ ਦੇ ਦੋ ਹੋਰ ਰਾਜ ਸਭਾ ਮੈਂਬਰਾਂ ਅੰਬਿਕਾ ਸੋਨੀ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਵੀ ਨਹੀਂ ਸੱਦਿਆ ਗਿਆ। ਸ੍ਰੀ ਬਾਜਵਾ ਨੇ ਕਿਹਾ ਉਹ ਤਿੰਨੇ ਆਗੂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਵੀ ਹਨ ਪਰ ਸੀਨੀਅਰ ਆਗੂਆਂ ਨੂੰ ਅੱਖੋਂ-ਪਰੋਖ਼ੇ ਕੀਤਾ ਗਿਆ ਹੈ।