ਮਾਨਚੈਸਟਰ, ਸਤੰਬਰ 2019-(ਗਿਆਨੀ ਅਮਰੀਕ ਸਿੰਘ ਰਾਠੌਰ)-
ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਸਿੱਖ ਮਸਲਿਆਂ ਨੂੰ ਲੈ ਕੇ ਅੰਤਰਰਾਸ਼ਟਰੀ ਸਿੱਖ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ | ਜਿਸ ਨੂੰ ਜਨਵਰੀ 2020 'ਚ ਜਾਰੀ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਹਰਨੇਕ ਸਿੰਘ ਨੇ ਕਿਹਾ ਹੈ ਕਿ ਦੇਸ਼-ਵਿਦੇਸ਼ 'ਚ ਵਸਦੇ ਸਿੱਖਾਂ ਨੂੰ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਸ ਕਰਕੇ ਵੱਖ-ਵੱਖ ਦੇਸ਼ਾਂ ਵਿਚ ਵਸਦੇ ਸਿੱਖਾਂ ਨਾਲ ਸਲਾਹ ਮਸ਼ਵਰਾ ਕਰਕੇ ਇਕ ਸਾਂਝਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ | ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ 40 ਵੱਖ-ਵੱਖ ਦੇਸ਼ਾਂ ਦੇ ਸਿੱਖ ਕਾਰਕੁੰਨਾਂ ਵਲੋਂ ਮਿਲ ਕੇ ਇਨਸਾਫ ਅਤੇ ਸਿੱਖਾਂ ਦੇ ਹੱਕਾਂ ਲਈ ਇਸ ਦੀ ਵਰਤੋਂ ਕਰਨਗੇ ਅਤੇ ਹਰ 6 ਮਹੀਨੇ ਬਾਅਦ ਇਸ ਬਾਰੇ ਵਿਚਾਰ ਚਰਚਾ ਹੋਇਆ ਕਰੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਚੋਣ ਮਨੋਰਥ ਪੱਤਰ ਅੰਗਰੇਜ਼ੀ, ਫਰੈਂਚ, ਸਪੈਨਿਸ਼, ਕਰਮਨੀ ਅਤੇ ਇਟਾਲੀਅਨ ਤੋਂ ਇਲਾਵਾ ਹੋਰ ਭਾਸ਼ਾਵਾਂ 'ਚ ਵੀ ਉਪਲੱਬਧ ਹੋਵੇਗਾ | ਇਸ ਚੋਣ ਮਨੋਰਥ ਪੱਤਰ ਵਿੱਚ 1984 ਦੀ ਸਿੱਖ ਨਸਲਕੁਸ਼ੀ ਦੀ ਯੂ ਐਨ ਓ ਤੋਂ ਜਾਂਚ, ਸਿੱਖਾਂ ਦੇ ਆਪਣੇ ਘਰ ਲਈ ਮੁਹਿੰਮ ਅਤੇ ਵਿਸ਼ਵ ਭਰ ਦੀਆਂ ਸਰਕਾਰਾਂ ਨਾਲ ਗੱਲਬਾਤ ਲਈ ਉੱਚ ਪੱਧਰੀ ਪਹੁੰਚ ਅਪਣਾਉਣ ਸਮੇਤ ਵੱਧ ਤੋਂ ਵੱਧ ਮੁੱਦਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ |