Manpreet Ayali Disqualification Case: ਦਲ-ਬਦਲੀ ਮਾਮਲੇ ’ਚ ਮਨਪ੍ਰੀਤ ਇਆਲੀ ਨੇ ਨਹੀਂ ਦਿੱਤਾ ਸਪੀਕਰ ਨੂੰ ਜਵਾਬ, ਹੁਣ ਫ਼ੈਸਲੇ ਲਈ ਅੱਗੇ ਵਧੇਗੀ ਕਾਰਵਾਈ
ਹਲਕਾ ਦਾਖਾ ਤੋਂ ਵਿਧਾਇਕ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਲ-ਬਦਲੀ ਕਾਨੂੰਨ ਤਹਿਤ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦੇਣ ਦੀ ਮੰਗ ਸਬੰਧੀ ਦਾਇਰ ਪਟੀਸ਼ਨ ’ਤੇ ਉਹ ਨਿਰਧਾਰਤ ਸਮੇਂ ਅੰਦਰ ਵਿਧਾਨ ਸਭਾ ਦੇ ਸਪੀਕਰ ਕੋਲ ਆਪਣਾ ਪੱਖ ਪੇਸ਼ ਨਹੀਂ ਕਰ ਸਕੇ। ਹੁਣ ਇਸ ਮਾਮਲੇ ਦੀ ਫਾਈਲ ਅਗਲੇ ਫ਼ੈਸਲੇ ਲਈ ਸਪੀਕਰ ਕੋਲ ਭੇਜੀ ਜਾਵੇਗੀ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 19 ਅਕਤੂਬਰ ਨੂੰ ਮਨਪ੍ਰੀਤ ਸਿੰਘ ਇਆਲੀ ਨੂੰ ਨੋਟਿਸ ਜਾਰੀ ਕਰਦਿਆਂ ਇੱਕ ਮਹੀਨੇ ਅੰਦਰ ਜਵਾਬ ਦੇਣ ਲਈ ਕਿਹਾ ਸੀ। ਜਵਾਬ ਦਾਖ਼ਲ ਕਰਨ ਦੀ ਆਖ਼ਰੀ ਤਰੀਕ 18 ਨਵੰਬਰ ਸੀ। ਹਾਲਾਂਕਿ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਪੁਸ਼ਟੀ ਕੀਤੀ ਹੈ ਕਿ ਇਆਲੀ ਵੱਲੋਂ ਨਿਰਧਾਰਤ ਸਮੇਂ ਤੱਕ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਗਿਆ।
ਕੀ ਹੈ ਮਨਪ੍ਰੀਤ ਇਆਲੀ ਖ਼ਿਲਾਫ਼ ਦਲ-ਬਦਲੀ ਦਾ ਮਾਮਲਾ?
ਦੋਰਾਹਾ ਵਾਸੀ ਰਣਜੋਧ ਸਿੰਘ ਨੇ 6 ਅਕਤੂਬਰ ਨੂੰ ਸਪੀਕਰ ਕੋਲ ਭਾਰਤੀ ਸੰਵਿਧਾਨ ਦੀ 10ਵੀਂ ਅਨੁਸੂਚੀ ਤਹਿਤ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਮਨਪ੍ਰੀਤ ਸਿੰਘ ਇਆਲੀ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਆਲੀ ਪਿਛਲੇ ਸਾਲ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜ ਗਏ ਸਨ। ਇਸ ਤੋਂ ਪਹਿਲਾਂ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਚੀਫ਼ ਵ੍ਹਿਪ ਵਜੋਂ ਵੀ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਮੈਂਬਰਸ਼ਿਪ ਅਤੇ ਡੈਲੀਗੇਟਾਂ ਦੀ ਚੋਣ ਲਈ ਬਣਾਈ ਗਈ ਕਮੇਟੀ ਦੇ ਮੈਂਬਰ ਵੀ ਰਹੇ ਸਨ।
ਪਟੀਸ਼ਨਕਰਤਾ ਨੇ 52ਵੀਂ ਸੰਵਿਧਾਨਕ ਸੋਧ ਰਾਹੀਂ ਲਾਗੂ ਕੀਤੀ ਗਈ 10ਵੀਂ ਅਨੁਸੂਚੀ ਅਤੇ ਸੁਪਰੀਮ ਕੋਰਟ ਦੇ ਵੱਖ-ਵੱਖ ਫ਼ੈਸਲਿਆਂ ਦਾ ਹਵਾਲਾ ਦਿੰਦਿਆਂ ਇਆਲੀ ਦੀ ਵਿਧਾਇਕੀ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਦੀ ਇੱਕ ਕਾਪੀ ਭਾਰਤੀ ਚੋਣ ਕਮਿਸ਼ਨ ਨੂੰ ਵੀ ਭੇਜੀ ਗਈ ਹੈ।
ਰਾਸ਼ਟਰਪਤੀ ਚੋਣ ਤੋਂ ਸ਼ੁਰੂ ਹੋਈ ਸੀ ਅਕਾਲੀ ਦਲ ਨਾਲ ਨਾਰਾਜ਼ਗੀ
ਮਨਪ੍ਰੀਤ ਸਿੰਘ ਇਆਲੀ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਨਾਰਾਜ਼ਗੀ ਉਸ ਸਮੇਂ ਸਾਹਮਣੇ ਆਈ ਸੀ, ਜਦੋਂ ਉਨ੍ਹਾਂ ਨੇ ਐੱਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰਨ ਦੇ ਪਾਰਟੀ ਦੇ ਫ਼ੈਸਲੇ ਨਾਲ ਸਹਿਮਤੀ ਨਹੀਂ ਜਤਾਈ ਸੀ। ਉਨ੍ਹਾਂ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦੇਣ ਦੀ ਗੱਲ ਕਰਦਿਆਂ ਭਾਜਪਾ ਨਾਲ ਗੱਠਜੋੜ ਬਾਰੇ ਵੀ ਸਵਾਲ ਚੁੱਕੇ ਸਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਕਬਾਲ ਸਿੰਘ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਵੀ ਕੀਤੀ ਸੀ। ਇਸ ਸਾਲ ਮਈ ਵਿੱਚ ਉਨ੍ਹਾਂ ਨੇ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਅਤੇ ਜੂਨ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋ ਗਏ ਸਨ।
'ਵੱਟਸਐਪ ’ਤੇ ਆਇਆ ਨੋਟਿਸ ਧਿਆਨ ਵਿੱਚ ਨਹੀਂ ਆਇਆ'
ਇਸ ਮਾਮਲੇ ’ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਵੱਟਸਐਪ ਰਾਹੀਂ ਭੇਜਿਆ ਗਿਆ ਨੋਟਿਸ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ ਸੀ ਅਤੇ ਉਨ੍ਹਾਂ ਨੇ ਇਹ ਨੋਟਿਸ ਦੋ ਦਿਨ ਪਹਿਲਾਂ ਹੀ ਦੇਖਿਆ ਹੈ। ਉਨ੍ਹਾਂ ਇਸ ਨੂੰ ਰੁਟੀਨ ਦੀ ਕਾਰਵਾਈ ਦੱਸਦਿਆਂ ਕਿਹਾ ਕਿ ਉਹ ਅਗਲੇ ਦੋ-ਤਿੰਨ ਦਿਨਾਂ ਵਿੱਚ ਆਪਣਾ ਜਵਾਬ ਭੇਜ ਦੇਣਗੇ।
ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਇਆਲੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਤ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਸਪੀਕਰ ਵੱਲੋਂ ਲਿਆ ਜਾਣ ਵਾਲਾ ਅਗਲਾ ਫ਼ੈਸਲਾ ਅਹਿਮ ਰਹੇਗਾ।