ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ।
ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਵਿੱਚ ਸਕੂਲੀ ਬੱਚਿਆਂ, ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਜਲ ਪਾਣੀ ਅਤੇ ਲੰਗਰ ਦੇ ਪ੍ਰਬੰਧ ਕਰਕੇ ਸੇਵਾ ਨਿਭਾਈ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸਿੱਖ ਜਗਤ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।