ਮਨਜਿੰਦਰ ਗਿੱਲ | ਪੰਜਾਬ
ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) ਦੇ ਵਿਦਿਆਰਥੀ ਆਯੂਸ਼ ਕੁਮਾਰ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਇਸ ਘਟਨਾ ਨੂੰ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਦੋਸ਼ ਲਾਇਆ ਹੈ ਕਿ ਆਯੂਸ਼ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਉਧਰ, ਪੁਲੀਸ ਨੇ ਮਾਮਲੇ ਦੀ ਜਾਂਚ ਤੇਜ਼ ਕਰਦਿਆਂ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਸੁਨਾਮ ਦੇ ਡੀਐੱਸਪੀ ਕੁਲਵਿੰਦਰ ਸਿੰਘ ਅਨੁਸਾਰ, ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਆਯੂਸ਼ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਕੈਂਪਸ ਦੇ ਬਾਹਰ ਵਿਦਿਆਰਥੀਆਂ ਦੇ ਇੱਕ ਗਰੁੱਪ ਵਿਚਾਲੇ ਬਹਿਸ ਹੋਈ ਸੀ। ਇਹ ਤਕਰਾਰ ਬਾਅਦ ਵਿੱਚ ਹੱਥੋਪਾਈ ਤੱਕ ਪਹੁੰਚ ਗਈ ਸੀ। ਜਾਂਚ ਵਿੱਚ ਇਹ ਸੰਭਾਵਨਾ ਵੀ ਸਾਹਮਣੇ ਆਈ ਹੈ ਕਿ ਇਸ ਝਗੜੇ ਦੌਰਾਨ ਆਯੂਸ਼ ਨਾਲ ਧੱਕਾ-ਮੁੱਕੀ ਹੋਈ ਹੋ ਸਕਦੀ ਹੈ।
ਪੁਲੀਸ ਹੁਣ ਇਸ ਪੱਖ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਕੀ ਉਸ ਝਗੜੇ ਦੌਰਾਨ ਆਯੂਸ਼ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਇਸ ਦਾ ਉਸ ਦੀ ਮੌਤ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਜਾਂਚ ਦੇ ਹਿੱਸੇ ਵਜੋਂ ਪੁਲੀਸ ਨੇ ਮ੍ਰਿਤਕ ਵਿਦਿਆਰਥੀ ਦਾ ਮੋਬਾਈਲ ਫ਼ੋਨ ਅਤੇ ਹੋਰ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਸ ਤੋਂ ਇਲਾਵਾ ਉਸ ਦੀ ਕਾਲ ਡਿਟੇਲ ਅਤੇ ਕੈਂਪਸ ਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ, ਤਾਂ ਜੋ ਮੌਤ ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇ।